Breaking News
Home / ਪੰਜਾਬ / ਭਾਜਪਾ ਦਾ ਕੇਜਰੀਵਾਲ ਅਤੇ ਭਗਵੰਤ ’ਤੇ ਨਿਸ਼ਾਨਾ

ਭਾਜਪਾ ਦਾ ਕੇਜਰੀਵਾਲ ਅਤੇ ਭਗਵੰਤ ’ਤੇ ਨਿਸ਼ਾਨਾ

ਕੇਜਰੀਵਾਲ ਦੀ ਸੁਪਰ ਸੀਐਮ ਬਣਨ ਦੀ ਲਾਲਸਾ : ਤਰੁਣ ਚੁੱਘ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਉਚ ਅਧਿਕਾਰੀਆਂ ਦੀ ਦਿੱਲੀ ਵਿਚ ਹੋਈ ਮੀਟਿੰਗ ਦਾ ਮਾਮਲਾ ਦਿਨੋ ਦਿਨ ਭਖਦਾ ਜਾ ਰਿਹਾ ਹੈ। ਕਾਂਗਰਸ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਭਾਜਪਾ ਇਸ ਮੁੱਦੇ ਨੂੰ ਲੈ ਕੇ ਸ਼ੋਸ਼ਲ ਮੀਡੀਆ ’ਤੇ ਸਰਗਰਮ ਹੋ ਗਈ ਹੈ। ਭਾਰਤੀ ਜਨਤਾ ਪਾਰਟੀ ਨੇ ਇਸ ਸਬੰਧੀ ਸ਼ੋਸ਼ਲ ਮੀਡੀਆ ’ਤੇ ਇਕ ਪੋਸਟਰ ਵੀ ਵਾਇਰਲ ਕੀਤਾ ਹੈ, ਜਿਸ ਵਿਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਰਿਮੋਟ ਵਾਲਾ ਖਿਲੌਣਾ ਕਰਾਰ ਦਿੱਤਾ ਹੈ। ਪੋਸਟਰ ਵਿਚ ਲਿਖਿਆ ਹੈ ਕਿ ਪੰਜਾਬ ਦੇ ਅਧਿਕਾਰੀਆਂ ਦੀ ਦਿੱਲੀ ’ਚ ਮੀਟਿੰਗ ਹੁੰਦੀ ਹੈ ਅਤੇ ਇਹ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਥਾਂ ਅਰਵਿੰਦ ਕੇਜਰੀਵਾਲ ਲੈਂਦੇ ਹਨ। ਇਸੇ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਟਵੀਟ ਕਰਕੇ ਕਿਹਾ ਕਿ ਕੇਜਰੀਵਾਲ ਨੇ ਜਿਸ ਤਰ੍ਹਾਂ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨੂੰ ਪੰਜਾਬ ਦੇ ਸੀਐਮ ਦੀ ਗੈਰਮੌਜੂਦਗੀ ਵਿਚ ਨਿਰਦੇਸ਼ ਦਿੱਤਾ, ਉਹ ਇਸ ਗੱਲ ਦਾ ਸਬੂਤ ਹੈ ਕਿ ਕੇਜਰੀਵਾਲ ਪੰਜਾਬ ਦੇ ਸੀਐਮ ਨੂੰ ਰਿਮੋਟ ਨਾਲ ਚਲਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੇਜਰੀਵਾਲ ਦੀ ਸੁਪਰ ਸੀਐਮ ਬਣਨ ਦੀ ਲਾਲਸਾ ਹੈ। ਇਸੇ ਦੌਰਾਨ ਭਾਜਪਾ ਆਗੂ ਮਨੋਰੰਜਨ ਕਾਲੀਆ ਨੇ ਦਿੱਲੀ ਵਿਚ ਪੰਜਾਬ ਦੇ ਅਧਿਕਾਰੀਆਂ ਦੀ ਕੇਜਰੀਵਾਲ ਦੀ ਅਗਵਾਈ ਵਿਚ ਹੋਈ ਮੀਟਿੰਗ ਨੂੰ ਲੈ ਕੇ ਰਾਜਪਾਲ ਨੂੰ ਇਕ ਪੱਤਰ ਵੀ ਲਿਖਿਆ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਭਗਵੰਤ ਮਾਨ ਨੂੰ ਰਬੜ ਦੀ ਮੋਹਰ ਦੱਸਿਆ ਸੀ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …