ਪੰਜਾਬ ਦੀ ਸਿਆਸਤ ਫਿਰ ਗਰਮਾਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋਂ ਇਨਫੋਰਸਮੈਂਟ ਡਾਇਰੈਕਟਰੋਟ (ਈਡੀ) ਨੇ ਸੂਬੇ ਵਿੱਚ ਰੇਤ ਮਾਈਨਿੰਗ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਨੂੰ ਲੈ ਕੇ ਜਲੰਧਰ ’ਚ ਪੁੱਛ ਪੜਤਾਲ ਕੀਤੀ। ਜਾਂਚ ਏਜੰਸੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੇ ਤਹਿਤ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਦੇ ਬਿਆਨ ਦਰਜ ਕੀਤੇ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ਤੋਂ ਈਡੀ ਦੀ ਟੀਮ ਨੇ 10 ਕਰੋੜ ਰੁਪਏ ਅਤੇ ਹੋਰ ਸਮਾਨ ਵੀ ਬਰਾਮਦ ਕੀਤਾ ਸੀ। ਪੁੱਛਗਿੱਛ ਤੋਂ ਬਾਅਦ ਭੁਪਿੰਦਰ ਹਨੀ ਨੂੰ ਗਿ੍ਰਫਤਾਰ ਕਰ ਲਿਆ ਸੀ ਅਤੇ ਬਾਅਦ ਵਿਚ ਉਸ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ। ਜਿਸ ਸਮੇਂ ਈਡੀ ਨੇ ਹਨੀ ਨੂੰ ਗਿ੍ਰਫਤਾਰ ਕੀਤਾ ਸੀ, ਉਦੋਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਸਨ ਅਤੇ ਸੂਬੇ ਵਿਚ ਵਿਧਾਨ ਸਭਾ ਚੋਣਾਂ ਸਨ। ਉਸ ਸਮੇਂ ਚੰਨੀ ਨੇ ਕਿਹਾ ਸੀ ਕਿ ਉਨ੍ਹਾਂ ਦੇ ਰਿਸ਼ਤੇਦਾਰ ਨੇ ਜੇਕਰ ਕੋਈ ਗਲਤ ਕੰਮ ਕੀਤਾ ਹੈ ਤਾਂ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਹੁਣ ਜਦੋਂ ਈਡੀ ਨੇ ਸਾਬਕਾ ਮੁੱਖ ਮੰਤਰੀ ਚੰਨੀ ਕੋਲੋਂ ਪੁੱਛਗਿੱਛ ਕੀਤੀ ਹੈ ਤਾਂ ਪੰਜਾਬ ਦੀ ਸਿਆਸਤ ਵੀ ਭਖਣੀ ਸ਼ੁਰੂ ਹੋ ਗਈ ਹੈ।