ਪੰਜਾਬ ਦੀ ਆਰਥਿਕ ਹਾਲਤ ਪਹਿਲਾਂ ਹੀ ਚਿੰਤਾਜਨਕ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸਾਰਿਆਂ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਸੋਚ ਵਿਚਾਰ ਕਰ ਰਹੀ ਹੈ। ਭਗਵੰਤ ਮਾਨ ਦੀ ਸਰਕਾਰ ’ਤੇ ਇਹ ਵਾਅਦਾ ਪੂਰਾ ਕਰਨ ਲਈ ਦਬਾਅ ਵਧਦਾ ਜਾ ਰਿਹਾ ਹੈ ਅਤੇ ਵਿਰੋਧੀ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ’ਤੇ ਨਿਸ਼ਾਨੇ ਵੀ ਸਾਧ ਰਹੇ ਹਨ। ਮੁਫਤ ਬਿਜਲੀ ਦੇਣ ਦਾ ਮੁੱਦਾ ਜਿੱਥੇ ਰਾਜਨੀਤਕ ਹੈ ਉਥੇ ਇਹ ਪੰਜਾਬ ਦੀ ਆਰਥਿਕਤਾ ਨਾਲ ਵੀ ਜੁੜਿਆ ਹੋਇਆ ਹੈ। ਪਾਵਰਕਾਮ ਦੇ ਸੀਨੀਅਰ ਅਧਿਕਾਰੀਆਂ ਦੇ ਦੱਸਣ ਅਨੁਸਾਰ ਜੇਕਰ ਪੰਜਾਬ ਸਰਕਾਰ 300 ਯੂਨਿਟ ਬਿਜਲੀ ਮੁਫਤ ਦੇਣੀ ਸ਼ੁਰੂ ਕਰਦੀ ਹੈ ਤਾਂ ਇਸ ਨਾਲ ਸਲਾਨਾ ਖਰਚ 23 ਹਜ਼ਾਰ ਕਰੋੜ ਰੁਪਏ ਤੋਂ ਵੱਧ ਬਣਦਾ ਹੈ। ਜਦਕਿ ਪੰਜਾਬ ਸਰਕਾਰ ਦਾ ਕੁੱਲ ਬਜਟ ਘਾਟਾ ਹੀ ਸਲਾਨਾ 24 ਹਜ਼ਾਰ ਕਰੋੜ ਰੁਪਏ ਹੈ। ਪਾਵਰਕਾਮ ਦੇ ਅਧਿਕਾਰੀਆਂ ਮੰਨਣਾ ਹੈ ਕਿ ਜੇਕਰ ਖਪਤਕਾਰ 300 ਯੂਨਿਟ ਤੋਂ ਜ਼ਿਆਦਾ ਬਿਜਲੀ ਵਰਤਦਾ ਹੈ ਤਾਂ ਉਸ ਤੋਂ ਸਾਰਾ ਬਿੱਲ ਵਸੂਲਿਆ ਜਾਵੇ ਤਾਂ ਇਹ ਬੋਝ ਘਟ ਕੇ 7 ਹਜ਼ਾਰ ਕਰੋੜ ਰਹਿ ਜਾਵੇਗਾ। ਧਿਆਨ ਰਹੇ ਕਿ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਉਚ ਅਧਿਕਾਰੀਆਂ ਨੂੰ ਦਿੱਲੀ ਸੱਦ ਕੇ ਵਿਚਾਰ-ਵਟਾਂਦਰਾ ਵੀ ਕੀਤਾ ਸੀ, ਪਰ ਇਸ ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਲ ਨਹੀਂ ਸਨ। ਇਸ ਨੂੰ ਲੈ ਕੇ ਪੰਜਾਬ ਦੀਆਂ ਦੂਜੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਕੈਪਟਨ ਅਮਰਿੰਦਰ ਸਿੰਘ, ਪ੍ਰਤਾਪ ਸਿੰਘ ਬਾਜਵਾ, ਦਲਜੀਤ ਸਿੰਘ ਚੀਮਾ, ਨਵਜੋਤ ਸਿੱਧੂ ਅਤੇ ਤਰੁਣ ਚੁੱਘ ਨੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ’ਤੇ ਲਿਆ ਅਤੇ ਭਗਵੰਤ ਮਾਨ ਦੀ ਵੀ ਆਲੋਚਨਾ ਕੀਤੀ।