Breaking News
Home / ਪੰਜਾਬ / ਜੱਲ੍ਹਿਆਂਵਾਲਾ ਬਾਗ ਹੱਤਿਆ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਜੱਲ੍ਹਿਆਂਵਾਲਾ ਬਾਗ ਹੱਤਿਆ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਵੱਖਰਾ ਸ਼ਰਧਾਂਜਲੀ ਸਮਾਗਮ ਕਰਵਾਇਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਜੱਲ੍ਹਿਆਂਵਾਲਾ ਬਾਗ ਹੱਤਿਆ ਕਾਂਡ ਦੀ 103ਵੀਂ ਬਰਸੀ ਮੌਕੇ ਬੁੱਧਵਾਰ ਨੂੰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਹੈ। ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਸਨ। ਇਸ ਦੌਰਾਨ ਪੰਜਾਬ ਪੁਲਿਸ ਵੱਲੋਂ ਹਥਿਆਰ ਉਲਟੇ ਕਰਕੇ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਜੱਲ੍ਹਿਆਂਵਾਲਾ ਬਾਗ ਫਰੀਡਮ ਫਾਈਟਰ ਫਾਊਂਡੇਸ਼ਨ ਦੇ ਕਾਰਕੁਨਾਂ ਨੇ ਨਾਰਾਜ਼ਗੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਨਹੀਂ ਦਿੱਤਾ ਗਿਆ। ਜਥੇਬੰਦੀ ਦੇ ਆਗੂ ਸੁਨੀਲ ਕਪੂਰ ਨੇ ਦੱਸਿਆ ਕਿ ਉਨ੍ਹਾਂ ਇਕ ਵੱਖਰਾ ਸਮਾਗਮ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦੀਆਂ 13 ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਪਰਿਵਾਰਾਂ ਨੇ ਮੰਗ ਕੀਤੀ ਕਿ ਇਤਿਹਾਸਕ ਸ਼ਹੀਦੀ ਸਮਾਰਕ ਦੇ ਕੈਂਪਸ ਵਿੱਚ ਸਰਵ ਧਰਮ ਸਥਾਨ ਬਣਾਇਆ ਜਾਵੇ, ਜਿਥੇ ਹਰ ਧਰਮ ਦਾ ਗ੍ਰੰਥ ਹੋਵੇ, ਸ਼ਹੀਦਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੂੰ ਪੰਜਾਬ ਰਤਨ ਐਵਾਰਡ ਦਿੱਤਾ ਜਾਵੇ, ਸ਼ਹੀਦੀ ਸਮਾਰਕ ਨੇੜੇ ਸ਼ਹੀਦਾਂ ਦੇ ਨਾਵਾਂ ਵਾਲੀ ਇਕ ਕੰਧ ਉਸਾਰੀ ਜਾਵੇ, ਸ਼ਹੀਦਾਂ ਦੇ ਪਰਿਵਾਰਾਂ ਨੂੰ ਆਜ਼ਾਦੀ ਘੁਲਾਟੀਆਂ ਵਾਲੀਆਂ ਸਹੂਲਤਾਂ ਦਿੱਤੀਆਂ ਜਾਣ, ਮੁੱਖ ਪ੍ਰਵੇਸ਼ ਦੁਆਰ ਨੇੜੇ ਤੰਗ ਗਲੀ ਨੂੰ ਪੁਰਾਤਨ ਸਰੂਪ ਵਿੱਚ ਬਹਾਲ ਕੀਤਾ ਜਾਵੇ। ਇਸੇ ਦੌਰਾਨ ਪਚਰੰਗ ਨਾਂ ਦੀ ਜਥੇਬੰਦੀ ਨੇ ਇਥੇ ਬੱਚਿਆਂ ਦੇ ਚਿੱਤਰਕਾਰੀ ਮੁਕਾਬਲੇ ਕਰਵਾਏ।
ਇਸ ਤੋਂ ਇਲਾਵਾ ਭਾਜਪਾ ਦੇ ਰਾਜ ਸਭਾ ਮੈਂਬਰ ਦੁਸ਼ਯੰਤ ਗੌਤਮ ਅਤੇ ਜੱਲਿਆਂਵਾਲਾ ਬਾਗ ਕੌਮੀ ਯਾਦਗਾਰ ਟਰੱਸਟ ਦੇ ਟਰੱਸਟੀ ਸ਼ਵੇਤ ਮਲਿਕ ਨੇ ਵੀ ਸ਼ਰਧਾਂਜਲੀ ਭੇਟ ਕੀਤੀ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।

Check Also

ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਮੁਖੀ ਨੂੰ ਮਿਲੀ ਪੈਰੋਲ ਦਾ ਕੀਤਾ ਵਿਰੋਧ

ਭਾਜਪਾ ਰਾਮ ਰਹੀਮ ਨੂੰ ਪੈਰੋਲ ਦੇ ਕੇ ਸਿੱਖ ਜਜ਼ਬਾਤਾਂ ਨਾਲ ਖੇਡ ਰਹੀ ਹੈ : ਧਾਲੀਵਾਲ …