ਚੰਡੀਗੜ੍ਹ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣ ਨਤੀਜਿਆਂ ਦੇ ਮੱਦੇਨਜ਼ਰ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਦਿੱਤੇ ਗਏ ਅਸਤੀਫੇ ‘ਤੇ ਫ਼ੈਸਲਾ ਲੈਣ ਲਈ ਗਠਿਤ ਕੀਤੀ ਗਈ ਸੀਨੀਅਰ ਆਗੂਆਂ ਦੀ ਪੰਜ ਮੈਂਬਰੀ ਕਮੇਟੀ ਦੀ ਅੰਤਿਮ ਮੀਟਿੰਗ ਹੋਈ। ਇਸ ਦੌਰਾਨ ਵਿਚਾਰ-ਚਰਚਾ ਮਗਰੋਂ ਸੁਖਦੇਵ ਸਿੰਘ ਢੀਂਡਸਾ ਦੀ ਕਾਰਗੁਜ਼ਾਰੀ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਮੇਟੀ ਦੇ ਮੈਂਬਰਾਂ ਨੇ ਢੀਂਡਸਾ ਦਾ ਅਸਤੀਫਾ ਪ੍ਰਵਾਨ ਨਹੀਂ ਕੀਤਾ। ਕਮੇਟੀ ਦੇ ਮੈਂਬਰ ਰਣਜੀਤ ਸਿੰਘ ਤਲਵੰਡੀ, ਜਸਟਿਸ ਨਿਰਮਲ ਸਿੰਘ (ਸੇਵਾਮੁਕਤ), ਸਰਵਣ ਸਿੰਘ ਫਿਲੌਰ, ਜਗਦੀਸ਼ ਸਿੰਘ ਗਰਚਾ ਅਤੇ ਸੁਖਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਸੁਖਦੇਵ ਸਿੰਘ ਢੀਂਡਸਾ ਪਹਿਲਾਂ ਵਾਂਗ ਬਤੌਰ ਪਾਰਟੀ ਪ੍ਰਧਾਨ ਆਪਣੀਆਂ ਸੇਵਾਵਾਂ ਦਿੰਦੇ ਰਹਿਣਗੇ। ਕਮੇਟੀ ਮੈਂਬਰਾਂ ਨੇ ਆਰੋਪ ਲਗਾਇਆ ਕਿ ਬਾਦਲ ਪਰਿਵਾਰ ਦੇ ਦਬਾਅ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਵਿੱਚ ਭ੍ਰਿਸ਼ਟਾਚਾਰ ਜ਼ੋਰਾਂ ‘ਤੇ ਹੈ ਤੇ ਅਜਿਹੇ ਵਿੱਚ ਪੰਥ ਦੀਆਂ ਸਿਰਮੌਰ ਸੰਸਥਾਵਾਂ ਨੂੰ ਬਾਦਲ ਦਲ ਤੋਂ ਮੁਕਤ ਕਰਵਾਉਣ ਲਈ ਢੀਂਡਸਾ ਦਾ ਪਾਰਟੀ ਪ੍ਰਧਾਨ ਦੇ ਅਹੁਦੇ ‘ਤੇ ਬਣੇ ਰਹਿਣਾ ਲਾਜ਼ਮੀ ਹੈ।