Breaking News
Home / ਪੰਜਾਬ / ਬਹਿਬਲ ਕਲਾਂ ਦੇ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ‘ਚ ਸਥਾਪਤ

ਬਹਿਬਲ ਕਲਾਂ ਦੇ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ‘ਚ ਸਥਾਪਤ

ਪਰਿਵਾਰਕ ਮੈਂਬਰਾਂ ਦਾ ਸਿਰੋਪਾਓ ਨਾਲ ਕੀਤਾ ਸਨਮਾਨ
ਅੰਮ੍ਰਿਤਸਰ/ਬਿਊਰੋ ਨਿਊਜ਼ : ਬਹਿਬਲ ਕਲਾਂ ਗੋਲੀ ਕਾਂਡ ਦੌਰਾਨ ਸ਼ਹੀਦ ਹੋਏ ਸਿੱਖ ਨੌਜਵਾਨਾਂ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਸਰਾਵਾਂ ਦੀਆਂ ਤਸਵੀਰਾਂ ਸ਼੍ਰੋਮਣੀ ਕਮੇਟੀ ਨੇ ਕੇਂਦਰੀ ਸਿੱਖ ਅਜਾਇਬਘਰ ਵਿੱਚ ਸਥਾਪਤ ਕੀਤੀਆਂ ਹਨ। ਇਨ੍ਹਾਂ ਤੋਂ ਇਲਾਵਾ ਪੰਜ ਹੋਰ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਵੀ ਸਥਾਪਤ ਕੀਤੀਆਂ ਗਈਆਂ ਹਨ। ਬਹਿਬਲ ਕਲਾਂ ਗੋਲੀ ਕਾਂਡ ਤੇ ਬੇਅਦਬੀ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਦਿਆਂ ਅਜੇ ਵੀ ਸਿੱਖ ਸੰਗਤ ਵੱਲੋਂ ਧਰਨੇ ਜਾਰੀ ਹਨ।
2015 ਵਿੱਚ ਵਾਪਰੀ ਇਸ ਘਟਨਾ ਦੌਰਾਨ ਜਾਨ ਗੁਆਉਣ ਵਾਲੇ ਦੋ ਸਿੱਖ ਨੌਜਵਾਨਾਂ ਨੂੰ ਸ਼ਹੀਦ ਕਰਾਰ ਦਿੱਤਾ ਗਿਆ ਸੀ।
ਅਜਾਇਬਘਰ ਵਿੱਚ ਲਗਾਈਆਂ ਗਈਆਂ ਹੋਰ ਤਸਵੀਰਾਂ ਵਿੱਚ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਬੰਸ ਸਿੰਘ ਘੁੰਮਣ, ਹਰਿਮੰਦਰ ਸਾਹਿਬ ਦੀ ਨੱਕਾਸ਼ੀ ‘ਚ ਯੋਗਦਾਨ ਪਾਉਣ ਵਾਲੇ ਜੀਐੱਸ ਸੋਹਨ ਸਿੰਘ, ਸੰਤ ਪ੍ਰਿਥੀਪਾਲ ਸਿੰਘ ਸੱਯਦ, ਇੰਜਨੀਅਰ ਡਾ. ਜਸਵੰਤ ਸਿੰਘ ਗਿੱਲ ਤੇ ਬ੍ਰਿਗੇਡੀਅਰ ਪ੍ਰੀਤਮ ਸਿੰਘ ਦੀਆਂ ਤਸਵੀਰਾਂ ਵੀ ਸ਼ਾਮਲ ਹਨ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਨਿਭਾਈ।
ਇਸ ਮੌਕੇ ਧਾਮੀ ਨੇ ਕਿਹਾ ਕਿ ਸਿੱਖ ਪੰਥ ਦੀ ਸੇਵਾ ਕਰਨ ਵਾਲੇ ਕੌਮ ਲਈ ਸਤਿਕਾਰਯੋਗ ਹਨ ਤੇ ਸਨਮਾਨ ਵਜੋਂ ਉਨ੍ਹਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬਘਰ ਵਿੱਚ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਵਿੱਚ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਸਰਾਵਾਂ ਸਿੱਖੀ ਜਜ਼ਬੇ ਦੀ ਮਿਸਾਲ ਹਨ। ਜਥੇਦਾਰ ਹਰਬੰਸ ਸਿੰਘ ਘੁੰਮਣ ਨੇ ਜੋਧਪੁਰ ਬੰਦੀ ਸਿੱਖਾਂ ਦੀ ਰਿਹਾਈ ਲਈ ਅਹਿਮ ਯਤਨ ਕੀਤੇ ਸਨ। ਉਨ੍ਹਾਂ ਦੀਆਂ ਇਨ੍ਹਾਂ ਸੇਵਾਵਾਂ ਨੂੰ ਯਾਦ ਰੱਖਦਿਆਂ ਸਨਮਾਨ ਦਿੱਤਾ ਗਿਆ ਹੈ।
ਇੰਜਨੀਅਰ ਮਰਹੂਮ ਜਸਵੰਤ ਸਿੰਘ ਗਿੱਲ ਨੇ ਕੋਲੇ ਦੀ ਖਾਨ ਵਿੱਚ ਫਸੇ ਮਜ਼ਦੂਰਾਂ ਦੀ ਜਾਨ ਬਚਾਈ ਸੀ, ਜਿਸ ਲਈ ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਐਵਾਰਡ ਵੀ ਮਿਲ ਚੁੱਕਿਆ ਹੈ। ਗਿਆਨੀ ਜਗਤਾਰ ਸਿੰਘ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਇਹ ਤਸਵੀਰਾਂ ਲਗਾਈਆਂ ਗਈਆਂ ਹਨ। ਇਸ ਮੌਕੇ ਇਨ੍ਹਾਂ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਵੀ ਦਿੱਤੇ ਗਏ।

 

Check Also

ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਸੁਣਾਏ ਫੈਸਲੇ ਮਗਰੋਂ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ

ਕਿਹਾ : ਪੰਜਾਬ ਦੇ ਲੋਕ ਪਿੰਡਾਂ ਦੇ ਵਿਕਾਸ ਲਈ ਚੰਗੇ ਨੁਮਾਇੰਦਿਆਂ ਦੀ ਕਰਨ ਚੋਣ ਚੰਡੀਗੜ੍ਹ/ਬਿਊਰੋ …