ਦੋ ਬੱਚੇ ਲਾਪਤਾ, ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ
ਰੋਪੜ/ਬਿਊਰੋ ਨਿਊਜ਼
ਰੋਪੜ ਨੇੜੇ ਅਹਿਮਦਪੁਰ ਵਿਖੇ ਅੱਜ ਦਿਲ ਨੂੰ ਦਹਿਲਾ ਦੇਣ ਵਾਲਾ ਹਾਦਸਾ ਵਾਪਰ ਗਿਆ ਅਤੇ ਇਸ ਦੌਰਾਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਨਿੱਜੀ ਬੱਸ ਨੇ ਕਾਰ ਨੂੰ ਓਵਰਟੇਕ ਕਰਦੇ ਸਮੇਂ ਟੱਕਰ ਮਾਰ ਦਿੱਤੀ ਅਤੇ ਇਹ ਕਾਰ ਪੁਲ ਦੀ ਰੇਲਿੰਗ ਨੂੰ ਤੋੜ ਕੇ ਭਾਖੜਾ ਨਹਿਰ ਵਿਚ ਜਾ ਡਿੱਗੀ। ਪੁਲਿਸ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਨਹਿਰ ਵਿੱਚ ਡਿੱਗੀ ਕਾਰ ਨੂੰ ਬਰਾਮਦ ਕਰ ਲਿਆ ਗਿਆ ਹੈ ਜਿਸ ਵਿਚੋਂ ਪੰਜ ਵਿਅਕਤੀਆਂ ਦੀਆਂ ਮਿ੍ਰਤਕ ਦੇਹਾਂ ਮਿਲੀਆਂ ਹਨ ਜਿਨ੍ਹਾਂ ਵਿਚ ਦੋ ਮਹਿਲਾਵਾਂ, ਦੋ ਪੁਰਸ਼ ਤੇ ਇਕ ਬੱਚਾ ਸ਼ਾਮਲ ਹੈ। ਦੋ ਬੱਚਿਆਂ ਦੇ ਲਾਪਤਾ ਹੋਣ ਦੀ ਗੱਲ ਵੀ ਕਹੀ ਜਾ ਰਹੀ ਹੈ, ਜਿਸ ਕਰਕੇ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਹਾਦਸਾਗ੍ਰਸਤ ਕਾਰ ਰਾਜਸਥਾਨ ਨੰਬਰ ਦੀ ਹੋਣ ਦੀ ਪੁਸ਼ਟੀ ਹੋਈ ਹੈ। ਮਿ੍ਰਤਕਾਂ ਦੀ ਪਛਾਣ ਰਾਜਸਥਾਨ ਦੇ ਸੀਕਰ ਜ਼ਿਲ੍ਹੇ ਦੇ ਵਿਅਕਤੀਆਂ ਵਜੋਂ ਹੋਈ ਹੈ। ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।