Breaking News
Home / ਭਾਰਤ / ਲਖੀਮਪੁਰ ਹਿੰਸਾ ਮਾਮਲੇ ਦੇ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ

ਲਖੀਮਪੁਰ ਹਿੰਸਾ ਮਾਮਲੇ ਦੇ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ

ਸੁਪਰੀਮ ਕੋਰਟ ਨੇ ਇਕ ਹਫਤੇ ’ਚ ਆਤਮ ਸਮਰਪਣ ਕਰਨ ਲਈ ਕਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼
ਯੂਪੀ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਹੋ ਗਈ ਹੈ। ਸੁਪਰੀਮ ਕੋਰਟ ਨੇ ਅੱਜ ਸੋਮਵਾਰ ਨੂੰ ਲਖੀਮਪੁਰ ਮਾਮਲੇ ਦੀ ਸੁਣਵਾਈ ਕਰਦੇ ਹੋਏ ਅਸ਼ੀਸ਼ ਮਿਸ਼ਰਾ ਨੂੰ ਇਕ ਹਫਤੇ ਦੇ ਅੰਦਰ-ਅੰਦਰ ਆਤਮ ਸਮਰਪਣ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਇਲਾਹਾਬਾਦ ਹਾਈਕੋਰਟ ਨੇ ਪੀੜਤਾਂ ਦੀ ਗੱਲ ਨਹੀਂ ਸੁਣੀ। ਅਦਾਲਤ ਨੇ ਕਿਹਾ ਕਿ ਐਫਆਈਆਰ, ਪੀੜਤ ਪਰਿਵਾਰ ਦੇ ਪੱਖ ਅਤੇ ਬਾਕੀ ਤਮਾਮ ਪਹਿਲੂਆਂ ’ਤੇ ਵਿਚਾਰ ਕਰਦੇ ਹੋਏ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਤੁਰੰਤ ਰੱਦ ਕੀਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਇਲਾਹਾਬਾਦ ਹਾਈਕੋਰਟ ਨੇ ਲੰਘੀ 10 ਫਰਵਰੀ ਨੂੰ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ। ਮਾਮਲਾ ਇਹ ਹੈ ਕਿ ਪਿਛਲੇ ਸਾਲ ਅਕਤੂਬਰ ਮਹੀਨੇ ਦੌਰਾਨ ਲਖੀਮਪੁਰ ਖੀਰੀ ਵਿਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਇਕ ਗੱਡੀ ਆ ਚੜ੍ਹੀ ਸੀ ਅਤੇ ਇਸੇ ਦੌਰਾਨ ਚਾਰ ਕਿਸਾਨਾਂ ਦੀ ਜਾਨ ਚਲੇ ਗਈ ਸੀ। ਅਸ਼ੀਸ਼ ਮਿਸ਼ਰਾ ’ਤੇ ਆਰੋਪ ਲੱਗੇ ਸਨ ਕਿ ਜਿਹੜੀ ਗੱਡੀ ਨੇ ਕਿਸਾਨਾਂ ਨੂੰ ਕੁਚਲਿਆ ਸੀ, ਉਸ ਵਿਚ ਅਸ਼ੀਸ਼ ਮਿਸ਼ਰਾ ਸਵਾਰ ਸੀ। ਇਸ ਤੋਂ ਬਾਅਦ ਹੋਈ ਹਿੰਸਾ ਦੌਰਾਨ ਇਕ ਪੱਤਰਕਾਰ ਅਤੇ ਚਾਰ ਹੋਰ ਵਿਅਕਤੀਆਂ ਦੀ ਵੀ ਮੌਤ ਹੋ ਗਈ ਸੀ।

 

 

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …