ਸਿਹਤ ਮੰਤਰੀ ਵਿਜੇ ਸਿੰਗਲਾ ਬੋਲੇ : ਮਾਸਕ ਪਹਿਨ ਕੇ ਰੱਖਣ ਲੋਕ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਵਧਦੇ ਕਰੋਨਾ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਚੌਕਸ ਹੋ ਗਈ ਹੈ। ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਅਫ਼ਸਰਾਂ ਨਾਲ ਮੀਟਿੰਗ ਕਰਕੇ ਕਰੋਨਾ ਸਬੰਧੀ ਜਾਣਕਾਰੀ ਹਾਸਲ ਕੀਤੀ, ਜਿਸ ਤੋਂ ਬਾਅਦ ਸਿਹਤ ਮੰਤਰੀ ਨੇ ਲੋਕਾਂ ਨੂੰ ਮਾਸਕ ਪਹਿਨ ਕੇ ਰੱਖਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨ। ਪੰਜਾਬ ’ਚ ਕਰੋਨਾ ਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ ਵਿਚ ਲਗਾਤਾਰ ਤੀਜੇ ਦਿਨ ਵਾਧਾ ਦਰਜ ਕੀਤਾ ਗਿਆ ਹੈ। ਲੰਘੇ 24 ਘੰਟਿਆਂ ਦੌਰਾਨ ਕਰੋਨਾ ਵਾਇਰਸ ਤੋਂ ਪੀੜਤ 21 ਨਵੇਂ ਮਾਮਲੇ ਸਾਹਮਣੇ ਆਏ ਹਨ, ਉਥੇ ਹੀ ਸਮੁੱਚੇ ਪੰਜਾਬ ਵਿਚ ਐਕਟਿਵ ਕੇਸਾਂ ਦੀ ਗਿਣਤੀ 100 ਦੇ ਅੰਕੜੇ ਦੇ ਕਰੀਬ ਪਹੁੰਚ ਗਈ ਹੈ। ਪੰਜਾਬ ’ਚ ਸਭ ਤੋਂ ਜ਼ਿਆਦਾ 8 ਮਰੀਜ਼ ਲੁਧਿਆਣਾ ਵਿਚ ਅਤੇ 5 ਮਰੀਜ਼ ਜਲੰਧਰ ’ਚ ਮਿਲੇ ਹਨ। ਹਾਲਾਂਕਿ ਪਾਜੇਟਿਵ ਦਰਜ 1 ਫੀਸਦੀ ਤੋਂ ਵੀ ਘੱਟ ਹੈ ਜਦਕਿ ਮੋਹਾਲੀ ਵਿਚ 3, ਪਠਾਨਕੋਟ ’ਚ 2 ਅਤੇ ਬਰਨਾਲਾ, ਗੁਰਦਾਸਪੁਰ, ਪਟਿਆਲਾ ’ਚ 1-1 ਮਰੀਜ਼ ਕਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ। ਸਿਹਤ ਮੰਤਰੀ ਵਿਜੇ ਸਿੰਗਲਾ ਨੇ ਕਿਹਾ ਕਿ ਪਾਜੇਟਿਵ ਰੇਟ ਹਾਲਾਂਕਿ ਚਿੰਤਾ ਦਾ ਵਿਸ਼ਾ ਨਹੀਂ ਹੈ ਪ੍ਰੰਤੂ ਫਿਰ ਸਾਨੂੰ ਚੌਕਸ ਰਹਿਣ ਦੀ ਜ਼ਰੂਰਤ ਹੈ। ਉਧਰ ਕੇਂਦਰੀ ਗ੍ਰਹਿ ਸਕੱਤਰ ਰਾਜੇਸ਼ ਭੂਸ਼ਣ ਨੇ ਪੰਜ ਸੂਬਿਆਂ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਉਹ ਕੋਵਿਡ ਨੂੰ ਲੈ ਕੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕਰਨ। ਦਿੱਲੀ ਸਰਕਾਰ ਨੇ ਕਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ’ਚ ਮਾਸਕ ਲਗਾਉਣਾ ਜ਼ਰੂਰੀ ਕਰ ਦਿੱਤਾ ਹੈ, ਮਾਸਕ ਨਾ ਲਗਾਉਣ ਵਾਲੇ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ ਜਦਕਿ ਸਕੂਲ, ਕਾਲਜ ਅਤੇ ਹੋਰ ਐਜੂਕੇਸ਼ਨਲ ਇੰਸਟੀਚਿਊਟਸ ਨੂੰ ਬੰਦ ਨਹੀਂ ਕੀਤਾ ਜਾਵੇਗਾ।
Check Also
ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੂਹ ਕੈਬਨਿਟ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਕਿਹਾ : ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਹੈ …