ਕਿਹਾ : ਮੁੱਖ ਮੰਤਰੀ ਨੇ ਕਰਜ਼ਾ ਵਸੂਲੀ ਲਈ ਬੈਂਕਾਂ ਨੂੰ ਕਿਸਾਨਾਂ ਦੀ ਗਿ੍ਰਫ਼ਤਾਰੀ ਲਈ ਦਿੱਤੀ ਖੁੱਲ੍ਹੀ ਛੁੱਟੀ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਸਰਕਾਰ ’ਤੇ ਵੱਡਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੈਂਕਾਂ ਨੂੰ ਕਰਜ਼ਾ ਵਸੂਲੀ ਲਈ ਕਿਸਾਨਾਂ ਦੀ ਗਿ੍ਰਫ਼ਤਾਰੀ ਕਰਨ ਦੀ ਖੁੱਲ੍ਹੀ ਛੁੱਟੀ ਦੇ ਦਿੱਤੀ ਹੈ। ਰਾਜੇਵਾਲ ਨੇ ਕਿਹਾ ਕਿ ਸਰਕਾਰ ਨੇ ਸਹਿਕਾਰੀ ਬੈਂਕਾਂ ਨੂੰ ਕਰਜ਼ੇ ਦੀ ਵਸੂਲੀ ਲਈ ਸਹਿਕਾਰੀ ਸੰਸਥਾਵਾਂ ਨੂੰ ਧਾਰਾ 67 ਏ ਤਹਿਤ ਕਰਮਚਾਰੀਆਂ ਨੂੰ ਇਹ ਛੋਟ ਦਿੱਤੀ ਹੈ ਅਤੇ ਉਨ੍ਹਾਂ ਇਸ ਨੂੰ ਕਿਸਾਨਾਂ ਲਈ ਭਗਵੰਤ ਮਾਨ ਸਰਕਾਰ ਵੱਲੋਂ ਦਿੱਤਾ ਗਿਆ ਤੋਹਫ਼ਾ ਕਰਾਰ ਦਿੱਤਾ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਲੰਬੇ ਸੰਘਰਸ਼ ਤੋਂ ਬਾਅਦ ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ ਸਮੇਂ ਸਹਿਕਾਰੀ ਐਕਟ ਦੀ ਧਾਰਾ 67 ਏ ’ਤੇ ਰੋਕ ਲਗਾਈ ਸੀ। ਇਸ ਧਾਰਾ ਦੇ ਅਧੀਨ ਡਿਫਾਲਟਰ ਕਿਸਾਨਾਂ ਨੂੰ ਕਰਜ਼ਾ ਵਸੂਲੀ ਦੇ ਲਈ ਗਿ੍ਰਫ਼ਤਾਰ ਵੀ ਕੀਤਾ ਜਾ ਸਕਦਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਲੰਘੇ ਦਿਨੀਂ ਧਾਰਾ 67 ਏ ਤਹਿਤ ਜਲਾਲਾਬਾਦ ’ਚ ਕਾਰਵਾਈ ਕੀਤੀ ਗਈ ਸੀ, ਜਿਸ ਤੋਂ ਬਾਅਦ ਪੰਜਾਬ ਦੇ ਕਈ ਹਿੱਸਿਆਂ ’ਚ ਕਿਸਾਨਾਂ ਦੀ ਗਿ੍ਰਫ਼ਤਾਰੀ ਲਈ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਰਾਜੇਵਾਲ ਨੇ ਮਾਨ ਸਰਕਾਰ ’ਤੇ ਤੰਜ ਕਸਦਿਆਂ ਕਿਹਾ ਕਿ ਜੋ ਕੰਮ ਪਿਛਲੇ 35 ਸਾਲਾਂ ’ਚ ਨਹੀਂ ਹੋਏ ਸਨ ਉਹ ਕੰਮ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਕ ਮਹੀਨੇ ਵਿਚ ਕਰਕੇ ਦਿਖਾ ਦਿੱਤਾ। ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਕ ਟਵੀਟ ਕਰਕੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ।