ਹਰਪਾਲ ਚੀਮਾ ਬੋਲੇ : ਜਾਨ ਕੁਰਬਾਨ ਕਰ ਦਿਆਂਗੇ, ਪਰ ਪਾਣੀ ਦੀ ਇਕ ਵੀ ਬੂੁੰਦ ਨਹੀਂ ਦਿਆਂਗੇ
ਚੰਡੀਗੜ੍ਹ/ਬਿਊਰੋ ਨਿਊਜ਼
ਸਤਲੁਜ-ਯਮੁਨਾ ਲਿੰਕ ਨਹਿਰ ’ਤੇ ਪੰਜਾਬ ਅਤੇ ਹਰਿਆਣਾ ਵਿਚ ਆਮ ਆਦਮੀ ਪਾਰਟੀ ਦੀ ਵੱਖ-ਵੱਖ ਸਿਆਸਤ ਹੋ ਰਹੀ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਦੂਜੇ ਰਾਜਾਂ ਨੂੰ ਪਾਣੀ ਦੀ ਇਕ ਵੀ ਬੂੰਦ ਨਹੀਂ ਦਿਆਂਗੇ, ਚਾਹੇ ਇਸ ਲਈ ਸਾਨੂੰ ਜਾਨ ਹੀ ਕਿਉਂ ਨਾ ਕੁਰਬਾਨ ਕਰਨੀ ਪਏ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਪਾਣੀ ’ਤੇ ਪੰਜਾਬ ਦਾ ਹੀ ਹੱਕ ਹੈ। ਇਸ ਤੋਂ ਪਹਿਲਾਂ ਹਰਿਆਣਾ ਵਿਚ ਆਮ ਆਦਮੀ ਪਾਰਟੀ ਦੇ ਇੰਚਾਰਜ ਅਤੇ ਸੰਸਦ ਮੈਂਬਰ ਸੁਸ਼ੀਲ ਗੁਪਤਾ ਨੇ ਕਿਹਾ ਸੀ ਕਿ ਪੰਜਾਬ ਵਿਚ ਸਾਡੀ ਸਰਕਾਰ ਬਣ ਗਈ ਹੈ ਹੁਣ 2024 ’ਚ ਹਰਿਆਣਾ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਹਰ ਖੇਤ ਵਿਚ ਐਸਵਾਈਐਲ ਦਾ ਪਾਣੀ ਪਹੁੰਚੇਗਾ। ਇਸ ਤੋਂ ਪਹਿਲਾਂ ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਮਿਲੀ ਸੀ ਕਿ ਹਰਿਆਣਾ ਨੇ ਐਸਵਾਈਐਲ ਮਾਮਲੇ ਸਬੰਧੀ ਸੁਪਰੀਮ ਕੋਰਟ ਵਿਚ ਪੰਜਾਬ ਦੇ ਖਿਲਾਫ ਪਟੀਸ਼ਨ ਦਾਖਲ ਕਰਨ ਦੀ ਤਿਆਰੀ ਕਰ ਲਈ ਹੈ। ਇਸ ਨੂੰ ਦੇਖਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਚੇਤ ਕੀਤਾ ਸੀ ਕਿ ਉਹ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਾਲ ਲੈ ਕੇ ਐਸਵਾਈਐਲ ਮਾਮਲੇ ਸਬੰਧੀ ਕਾਨੂੰਨੀ ਲੜਾਈ ਲਈ ਤਿਆਰੀ ਕਰਨ।