Breaking News
Home / ਪੰਜਾਬ / ਕਿਸਾਨਾਂ ਵੱਲੋਂ ਸੰਗਰੂਰ ‘ਚ ਭਗਵੰਤ ਮਾਨ ਦੀ ਰਿਹਾਇਸ਼ ਵਾਲੀ ਕਲੋਨੀ ਦਾ ਘਿਰਾਓ

ਕਿਸਾਨਾਂ ਵੱਲੋਂ ਸੰਗਰੂਰ ‘ਚ ਭਗਵੰਤ ਮਾਨ ਦੀ ਰਿਹਾਇਸ਼ ਵਾਲੀ ਕਲੋਨੀ ਦਾ ਘਿਰਾਓ

ਸੰਗਰੂਰ : ਕਿਸਾਨ ਰੋਡ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਕਿਸਾਨਾਂ ਨੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਦਾ ਘਿਰਾਓ ਕਰਦਿਆਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਕਿਸਾਨ ਮੁੱਖ ਮੰਤਰੀ ਵੱਲੋਂ ਮੀਟਿੰਗ ਲਈ ਸਮਾਂ ਨਾ ਦੇਣ ਤੋਂ ਖਫ਼ਾ ਸਨ। ਉਹ ਦਿੱਲੀ-ਕੱਟੜਾ ਐਕਸਪ੍ਰੈੱਸਵੇਅ ਅਤੇ ਹੋਰ ਵੱਖ-ਵੱਖ ਕੌਮੀ ਮਾਰਗਾਂ ਲਈ ਐਕੁਆਇਰ ਹੋਣ ਵਾਲੀਆਂ ਜ਼ਮੀਨਾਂ ਦਾ ਮੁਆਵਜ਼ਾ ਮਾਰਕੀਟ ਰੇਟ ਅਨੁਸਾਰ ਦੇਣ ਦੀ ਮੰਗ ਕਰ ਰਹੇ ਸਨ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੁੱਖ ਮੰਤਰੀ ਨੇ ਜਲਦੀ ਮੀਟਿੰਗ ਦਾ ਸਮਾਂ ਨਾ ਦਿੱਤਾ ਜਾਂ ਜਬਰੀ ਜ਼ਮੀਨਾਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੁੱਖ ਮੰਤਰੀ ਦੀ ਕੋਠੀ ਦਾ ਪੱਕੇ ਤੌਰ ‘ਤੇ ਘਿਰਾਓ ਕੀਤਾ ਜਾਵੇਗਾ।
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਿਸਾਨ ਇੱਥੋਂ ਦੇ ਜੇਜੀ ਪੈਲੇਸ ਨੇੜੇ ਇਕੱਠੇ ਹੋਏ, ਜਿੱਥੋਂ ਕਿਸਾਨ ਰੋਡ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਰੋਸ ਮਾਰਚ ਕਰਦਿਆਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਵਾਲੀ ਡਰੀਮਲੈਂਡ ਕਲੋਨੀ ਦੇ ਮੁੱਖ ਗੇਟ ‘ਤੇ ਪੁੱਜੇ। ਪੁਲਿਸ ਨੇ ਸਖਤ ਨਾਕੇਬੰਦੀ ਕਰਕੇ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕ ਲਿਆ।ਇਸ ਮਗਰੋਂ ਕਿਸਾਨ ਮੁੱਖ ਗੇਟ ‘ਤੇ ਧਰਨਾ ਲਗਾ ਕੇ ਬੈਠ ਗਏ।
ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ ਅਤੇ ਕੋਆਰਡੀਨੇਟਰ ਹਰਮਨਪ੍ਰੀਤ ਸਿੰਘ ਡਿੱਕੀ ਜੇਜੀ ਨੇ ਕਿਹਾ ਕਿ ਬੀਤੀ 4 ਅਪਰੈਲ ਨੂੰ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਦਾ ਸਮਾਂ ਲੈਣ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ ਗਿਆ ਸੀ ਪਰ 15 ਦਿਨਾਂ ਵਿੱਚ ਨਾ ਤਾਂ ਪ੍ਰਸ਼ਾਸਨ ਨੇ ਮੀਟਿੰਗ ਦਾ ਸਮਾਂ ਲੈ ਕੇ ਦਿੱਤਾ ਅਤੇ ਨਾ ਹੀ ਮੁੱਖ ਮੰਤਰੀ ਪੰਜਾਬ ਨੇ ਖ਼ੁਦ ਕਿਸਾਨਾਂ ਨਾਲ ਮੀਟਿੰਗ ਲਈ ਕੋਈ ਰੁਚੀ ਦਿਖਾਈ ਗਈ।

 

Check Also

ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ

ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …