ਅੰਮ੍ਰਿਤਸਰ/ਬਿਊਰੋ ਨਿਊਜ਼ : ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਸਰਕਾਰਾਂ ਕੋਲੋਂ ਮੰਗ ਕੀਤੀ ਕਿ ਧਾਰਮਿਕ ਆਜ਼ਾਦੀ ‘ਤੇ ਹਮਲਾ ਕਰਨ ਵਾਲੇ ਤੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ ਸਖ਼ਤ ਸਜ਼ਾਵਾਂ ਵਾਲਾ ਕਾਨੂੰਨ ਬਣਾਇਆ ਜਾਵੇ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਵਿੱਚ ਗਤਕਾ ਪਾਰਟੀਆਂ ਨੇ ਸਿੱਖ ਜੰਗਜੂ ਕਲਾ ਦਾ ਪ੍ਰਦਰਸ਼ਨ ਕੀਤਾ ਤੇ ਬੈਂਡ ਪਾਰਟੀਆਂ ਨੇ ਗੁਰਬਾਣੀ ਦੀਆਂ ਧੁਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਗੁਰੂ ਸਾਹਿਬ ਦੇ ਸ਼ਸਤਰਾਂ ਦੇ ਪ੍ਰਦਰਸ਼ਨ ਲਈ ਤਿਆਰ ਕੀਤੀ ਗਈ ਬੱਸ ਸੰਗਤ ਲਈ ਖਿੱਚ ਦਾ ਕੇਂਦਰ ਬਣੀ ਰਹੀ। ਇਸ ਬੱਸ ਵਿਚ ਨੌਵੇਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕਿਰਪਾਨ, ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਤੇਗਾ ਤੇ ਦਸਵੇਂ ਪਾਤਸ਼ਾਹ ਦਾ ਬਰਛਾ, ਤੀਰ, ਛੋਟੀ ਕਿਰਪਾਨ, ਤਲਵਾਰ ਤੇ ਹੋਰ ਸ਼ਸਤਰ ਅਤੇ ਨਿਸ਼ਾਨੀਆਂ ਪ੍ਰਦਰਸ਼ਿਤ ਕੀਤੇ ਗਏ ਹਨ। ਇਹ ਬੱਸ ਤਖ਼ਤ ਕੇਸਗੜ੍ਹ ਸਾਹਿਬ ਤੋਂ ਵਿਸ਼ੇਸ਼ ਤੌਰ ‘ਤੇ ਇਥੇ ਲਿਆਂਦੀ ਗਈ ਹੈ।
Check Also
ਜ਼ਿਮਨੀ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਚੋਣ ਪ੍ਰਚਾਰ ਹੋਇਆ ਬੰਦ
20 ਨਵੰਬਰ ਨੂੰ ਪੈਣਗੀਆਂ ਵੋਟਾਂ ਤੇ ਨਤੀਜੇ 23 ਨਵੰਬਰ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਚਾਰ …