ਚੰਡੀਗੜ੍ਹ : ਸਤਲੁਜ-ਯਮੁਨਾ ਲਿੰਕ ਨਹਿਰ ‘ਤੇ ਪੰਜਾਬ ਅਤੇ ਹਰਿਆਣਾ ਵਿਚ ਆਮ ਆਦਮੀ ਪਾਰਟੀ ਦੀ ਵੱਖ-ਵੱਖ ਸਿਆਸਤ ਹੋ ਰਹੀ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਦੂਜੇ ਰਾਜਾਂ ਨੂੰ ਪਾਣੀ ਦੀ ਇਕ ਵੀ ਬੂੰਦ ਨਹੀਂ ਦਿਆਂਗੇ, ਚਾਹੇ ਇਸ ਲਈ ਸਾਨੂੰ ਜਾਨ ਹੀ ਕਿਉਂ ਨਾ ਕੁਰਬਾਨ ਕਰਨੀ ਪਏ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਪਾਣੀ ‘ਤੇ ਪੰਜਾਬ ਦਾ ਹੀ ਹੱਕ ਹੈ। ਇਸ ਤੋਂ ਪਹਿਲਾਂ ਹਰਿਆਣਾ ਵਿਚ ਆਮ ਆਦਮੀ ਪਾਰਟੀ ਦੇ ਇੰਚਾਰਜ ਅਤੇ ਸੰਸਦ ਮੈਂਬਰ ਸੁਸ਼ੀਲ ਗੁਪਤਾ ਨੇ ਕਿਹਾ ਸੀ ਕਿ ਪੰਜਾਬ ਵਿਚ ਸਾਡੀ ਸਰਕਾਰ ਬਣ ਗਈ ਹੈ ਹੁਣ 2024 ‘ਚ ਹਰਿਆਣਾ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਹਰ ਖੇਤ ਵਿਚ ਐਸਵਾਈਐਲ ਦਾ ਪਾਣੀ ਪਹੁੰਚੇਗਾ। ਇਸ ਤੋਂ ਪਹਿਲਾਂ ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਮਿਲੀ ਸੀ ਕਿ ਹਰਿਆਣਾ ਨੇ ਐਸਵਾਈਐਲ ਮਾਮਲੇ ਸਬੰਧੀ ਸੁਪਰੀਮ ਕੋਰਟ ਵਿਚ ਪੰਜਾਬ ਦੇ ਖਿਲਾਫ ਪਟੀਸ਼ਨ ਦਾਖਲ ਕਰਨ ਦੀ ਤਿਆਰੀ ਕਰ ਲਈ ਹੈ। ਇਸ ਨੂੰ ਦੇਖਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਚੇਤ ਕੀਤਾ ਸੀ ਕਿ ਉਹ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਾਲ ਲੈ ਕੇ ਐਸਵਾਈਐਲ ਮਾਮਲੇ ਸਬੰਧੀ ਕਾਨੂੰਨੀ ਲੜਾਈ ਲਈ ਤਿਆਰੀ ਕਰਨ।
ਐੱਸਵਾਈਐੱਲ ਨਹਿਰ ਦਾ ਪਾਣੀ ਹਰਿਆਣਾ ਦੇ ਪਿੰਡ-ਪਿੰਡ ਪੁੱਜੇਗਾ
‘ਆਪ’ ਦੇ ਸੰਸਦ ਮੈਂਬਰ ਦੇ ਬਿਆਨ ਨੇ ਮਘਾਈ ਸਿਆਸਤ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਵੱਲੋਂ ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੇ ਮੁੱਦੇ ‘ਤੇ ਹਰਿਆਣਾ ਦੇ ਪੱਖ ਵਿੱਚ ਲਏ ਸਟੈਂਡ ਮਗਰੋਂ ਪੰਜਾਬ ‘ਚ ਮੁੜ ਸਿਆਸਤ ਗਰਮਾ ਗਈ ਹੈ। ਪ੍ਰਮੁੱਖ ਵਿਰੋਧੀ ਸਿਆਸੀ ਧਿਰਾਂ ਨੇ ਇਸ ਮੁੱਦੇ ‘ਤੇ ਪੰਜਾਬ ਦੀ ‘ਆਪ’ ਸਰਕਾਰ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਨੇ ਕਿਹਾ ਕਿ ਐੱਸਵਾਈਐੱਲ ਨਹਿਰ ਦਾ ਪਾਣੀ ਹਰਿਆਣਾ ਦੇ ਪਿੰਡ-ਪਿੰਡ ਪੁੱਜੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਣੀਆਂ ‘ਤੇ ਹਰਿਆਣਾ ਦਾ ਹੱਕ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਵਾਲ ਕੀਤਾ ਕਿ ‘ਆਪ’ ਪੰਜਾਬ ਦੇ ਰਾਜ ਸਭਾ ਮੈਂਬਰ ਹੁਣ ਆਪਣੇ ਸਾਥੀ ਡਾ. ਸੁਸ਼ੀਲ ਕੁਮਾਰ ਦੇ ਐੱਸਵਾਈਐੱਲ ਦੇ ਮੁੱਦੇ ‘ਤੇ ਦਿੱਤੇ ਬਿਆਨ ਬਾਰੇ ਚੁੱਪ ਕਿਉਂ ਹਨ?ਪ੍ਰਤਾਪ ਬਾਜਵਾ ਨੇ ਭਗਵੰਤ ਮਾਨ ਤੇ ‘ਆਪ’ ਆਗੂਆਂ ਨੂੰ ਇਸ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ।
ਐੱਸਵਾਈਐੱਲ ‘ਤੇ ਰਾਜਨੀਤੀ ਨਾ ਕਰਨ ਕੇਜਰੀਵਾਲ: ਸੁਖਬੀਰ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਜਰੀਵਾਲ ਨੂੰ ਆਖਿਆ ਕਿ ਉਹ ਸਤਲੁਜ-ਯਮੁਨਾ ਲਿੰਕ ਨਹਿਰ ਦੇ ਸੰਵੇਦਨਸ਼ੀਲ ਮੁੱਦੇ ‘ਤੇ ਰਾਜਨੀਤੀ ਨਾ ਕਰਨ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਨੇ ਇਕ ਵਾਰ ਫਿਰ ਆਪਣੀ ਰਵਾਇਤ ਮੁਤਾਬਕ ਪੰਜਾਬੀਆਂ ਨੂੰ ਭਰਮਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ‘ਆਪ’ ਦਾ ਰਾਜ ਸਭਾ ਮੈਂਬਰ ਹਰਿਆਣਾ ਵਿਚ ਸਤਲੁਜ-ਯਮੁਨਾ ਲਿੰਕ ਨਹਿਰ ਰਾਹੀਂ ਹਰ ਖੇਤ ਤੱਕ ਪਾਣੀ ਪਹੁੰਚਦਾ ਕਰਨ ਦੀ ਗਾਰੰਟੀ ਦੇ ਰਿਹਾ ਹੈ ਅਤੇ ਦੂਜੇ ਪਾਸੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਕਹਿ ਰਹੇ ਹਨ ਕਿ ਸੂਬੇ ਦਾ ਦਰਿਆਈ ਪਾਣੀ ਹਰਿਆਣਾ ਨੂੰ ਨਹੀਂ ਜਾਣ ਦਿੱਤਾ ਜਾਵੇਗਾ। ਇਸ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪ ਨੂੰ ਪੰਜਾਬੀਆਂ ਦੀ ਕਮਜ਼ੋਰੀ ਸਮਝਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਭਗਵੰਤ ਮਾਨ ਨੇ ਕੇਜਰੀਵਾਲ ਨੂੰ ਹਰਿਆਣਾ ਦੇ ਲੋਕਾਂ ਨੂੰ ਦਿੱਤੀ ਗਾਰੰਟੀ ਵਾਪਸ ਲੈਣ ਲਈ ਨਾ ਆਖਿਆ ਤਾਂ ਉਹ ਇਸ ਮਾਮਲੇ ‘ਤੇ ਪੰਜਾਬੀਆਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬੀ ਪਾਣੀ ਦੀ ਇਕ ਬੂੰਦ ਵੀ ਹਰਿਆਣਾ ਨਹੀਂ ਜਾਣ ਦੇਣਗੇ।