ਪੁਲਿਸ ਥਾਣਿਆਂ ਦਾ ਪੂਰਾ ਸਟਾਫ ਬਦਲਣ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਸਰਕਾਰ ਦਾ ਇਕ ਮਹੀਨਾ ਪੂਰਾ ਹੋਣ ਮਗਰੋਂ ‘ਆਪ’ ਵਿਧਾਇਕਾਂ ਨਾਲ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਮੀਟਿੰਗ ਕੀਤੀ। ਇਸ ਦੌਰਾਨ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕਾਂ ਨੂੰ ਸੱਦਿਆ ਗਿਆ, ਜਿਨ੍ਹਾਂ ਤੋਂ ਮੁੱਖ ਮੰਤਰੀ ਨੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀ ਰਿਪੋਰਟ ਲਈ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਗੱਲਬਾਤ ਕੀਤੀ। ਮੁੱਖ ਮੰਤਰੀ ਨਾਲ ਮੀਟਿੰਗ ਵਿੱਚ ਸੂਬੇ ਦੇ ਵਿਧਾਇਕਾਂ ਨੇ ਥਾਣਿਆਂ ਵਿੱਚ ਮੁਨਸ਼ੀ ਤੋਂ ਲੈ ਕੇ ਐੱਸਐੱਚਓ ਤੱਕ ਸਾਰੇ ਪੁਲਿਸ ਅਧਿਕਾਰੀ ਬਦਲਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ‘ਆਪ’ ਵਿਧਾਇਕਾਂ ਨੇ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਗਾਉਣ ਵਾਲੇ ਰਾਜਸੀ ਆਗੂਆਂ ਅਤੇ ਅਫ਼ਸਰਾਂ ਦੀ ਰਿਪੋਰਟ ਵੀ ਮੁੱਖ ਮੰਤਰੀ ਨੂੰ ਸੌਂਪੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ, ਅਮਲੋਹ ਤੋਂ ਵਿਧਾਇਕ ਗੁਰਦੇਵ ਸਿੰਘ ਗੈਰੀ ਬੜਿੰਗ, ਲਖਬੀਰ ਸਿੰਘ ਰਾਏ, ਜਸਵੰਤ ਸਿੰਘ ਗੱਜਣਮਾਜਰਾ ਸਣੇ ਹੋਰ ਵੀ ਵਿਧਾਇਕ ਪਹੁੰਚੇ। ਵਿਧਾਇਕਾਂ ਨੇ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਨਾਲ ਸਬੰਧਿਤ ਸਮੱਸਿਆਵਾਂ ਬਾਰੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਕਈ ਥਾਵਾਂ ‘ਤੇ ਅਧਿਕਾਰੀ ਹਾਲੇ ਵੀ ਭ੍ਰਿਸ਼ਟਾਚਾਰ ਕਰ ਰਹੇ ਹਨ ਅਤੇ ਵਿਧਾਇਕਾਂ ਦੀ ਗੱਲ ਨਹੀਂ ਸੁਣਦੇ। ਇਸ ਦੇ ਨਾਲ ਹੀ ਵਿਧਾਇਕਾਂ ਨੇ ਦੱਸਿਆ ਕਿ ਸੂਬੇ ਦੇ ਕਈ ਇਲਾਕਿਆਂ ਵਿੱਚ ਨਸ਼ਿਆਂ ਦਾ ਕਾਰੋਬਾਰ ਜ਼ੋਰਾਂ ‘ਤੇ ਚੱਲ ਰਿਹਾ ਹੈ, ਜਿਸ ‘ਤੇ ਨੱਥ ਪਾਉਣ ਲਈ ਸਖ਼ਤੀ ਦੀ ਲੋੜ ਹੈ। ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ‘ਆਪ’ ਵਿਧਾਇਕਾਂ ਨੇ ਸੂਬੇ ਦੇ ਥਾਣਿਆਂ ਵਿੱਚ ਸਾਰਾ ਸਟਾਫ ਤੱਕ ਬਦਲਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਹਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਦਫ਼ਤਰ ਬਣਾਉਣ ਸਣੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਗਈ ਹੈ। ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਸੂਬੇ ਨੂੰ ਆਰਥਿਕ ਅਤੇ ਸਮਾਜਿਕ ਪੱਖੋਂ ਮਜ਼ਬੂਤ ਕਰਨ ਲਈ ਵੱਖ-ਵੱਖ ਪਹਿਲੂਆਂ ‘ਤੇ ਵਿਚਾਰ ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਆਪਣੀ ਪਹਿਲੀ ਗਾਰੰਟੀ ਇਕ ਜੁਲਾਈ ਤੋਂ ਪੂਰੀ ਕਰਨ ਦਾ ਐਲਾਨ ਕਰ ਦਿੱਤਾ ਹੈ ਅਤੇ ਬਾਕੀ ਗਾਰੰਟੀਆਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ। ਅਮਲੋਹ ਤੋਂ ਵਿਧਾਇਕ ਗੁਰਦੇਵ ਸਿੰਘ ਗੈਰੀ ਬੜਿੰਗ ਨੇ ਆਪਣੇ ਵਿਧਾਨ ਸਭਾ ਹਲਕੇ ਵਿੱਚ ਸੜਕਾਂ ਦੀਆਂ ਸਮੱਸਿਆਵਾਂ ਨੂੰ ਚੁੱਕਿਆ। ਉਨ੍ਹਾਂ ਕਿਹਾ ਕਿ ਮੰਡੀ ਗੋਬਿੰਦਗੜ੍ਹ ਤੋਂ ਭਵਾਨੀਗੜ੍ਹ ਨੂੰ ਜਾਣ ਵਾਲੀ ਸੜਕ ਦੀ ਹਾਲਤ ਖ਼ਸਤਾ ਹੋਈ ਪਈ ਹੈ, ਜਿਸ ਨੂੰ ਨਵਾਂ ਬਣਾਉਣ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਗੈਰੀ ਬੜਿੰਗ ਨੂੰ ਭਰੋਸਾ ਦਿਵਾਇਆ ਕਿ ਬਜਟ ਵਿੱਚ ਸੜਕ ਨੂੰ ਨਵਾਂ ਬਣਾਉਣ ਲਈ ਬਜਟ ਪਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ ਵੱਖ ਇਲਾਕਿਆਂ ਨਾਲ ਸਬੰਧਿਤ ਸਮੱਸਿਆਵਾਂ ਨੂੰ ਜਲਦੀ ਹੱਲ ਕੀਤਾ ਜਾਵੇਗਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …