ਸਟੇਜ ’ਤੇ ਨਹੀਂ ਆਏ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ
ਚੰਡੀਗੜ੍ਹ/ਬਿਊੁਰੋ ਨਿਊਜ਼
ਪੰਜਾਬ ਕਾਂਗਰਸ ਦੇ ਨਵੇਂ ਬਣਾਏ ਗਏ ਪ੍ਰਧਾਨ ਰਾਜਾ ਵੜਿੰਗ ਨੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਅਹੁਦੇ ਦਾ ਚਾਰਜ ਅੱਜ ਸ਼ੁੱਕਰਵਾਰ ਸਵੇਰੇ ਸੰਭਾਲ ਲਿਆ ਹੈ। ਰਾਜਾ ਵੜਿੰਗ ਦੇ ਨਾਲ ਵਰਕਿੰਗ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਵੀ ਅਹੁਦੇ ਦੀ ਸਹੁੰ ਚੁੱਕੀ। ਦੱਸਣਾ ਬਣਦਾ ਹੈ ਕਿ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਆਪਣੇ ਸਮਰਥਕਾਂ ਸਣੇ ਪਹੁੰਚੇ ਹੋਏ ਸਨ, ਪਰ ਉਹ ਸਟੇਜ ’ਤੇ ਨਜ਼ਰ ਨਹੀਂ ਆਏ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਕਿਸੇ ਪਾਰਟੀ ਵਿਚ ਅਨੁਸ਼ਾਸਨ ਨਹੀਂ ਹੈ, ਉਹ ਅੱਗੇ ਨਹੀਂ ਵਧ ਸਕਦੀ ਹੈ। ਉਨ੍ਹਾਂ ਕਿਹਾ ਕਿ ਕਾਮਯਾਬੀ ਲਈ ਲਗਨ ਦੇ ਨਾਲ ਕੰਮ ਸੰਭਾਲਣਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਪ੍ਰਤਾਪ ਸਿੰਘ ਬਾਜਵਾ ਸਣੇ ਕਈ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਰਹੇ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਵਰਕਿੰਗ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕਾਂਗਰਸ ਪਾਰਟੀ ਜਿਸ ਹਾਲਤ ਵਿਚ ਹੈ, ਇਹ ਸਾਡੇ ਲਈ ਕਾਫੀ ਚੁਣੌਤੀਪੂਰਨ ਜ਼ਿੰਮੇਵਾਰੀ ਹੈ। ਉਧਰ ਦੂਜੇ ਪਾਸੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ 5 ਸਾਲ ਦੇ ਮਾਫੀਆ ਰਾਜ ਦੀ ਵਜ੍ਹਾ ਕਰਕੇ ਹਾਰੀ ਹੈ। ਜ਼ਿਕਰਯੋਗ ਹੈ ਕਿ ਰਾਜਾ ਵੜਿੰਗ ਨੇ ਨਵਜੋਤ ਸਿੰਘ ਸਿੱਧੂ ਦੀ ਜਗ੍ਹਾ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਹੈ।