ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਮਿ੍ਰਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਕੀਤਾ ਐਲਾਨ
ਚੇਨਈ/ਬਿਊਰੋ ਨਿਊਜ਼
ਤਾਮਿਲਨਾਡੂ ਦੇ ਤੰਜਾਵੁਰ ਜ਼ਿਲ੍ਹੇ ਵਿਚ ਇਕ ਮੰਦਿਰ ਦੀ ਰੱਥ ਯਾਤਰਾ ਦੌਰਾਨ ਵੱਡਾ ਹਾਦਸਾ ਵਾਪਰ ਗਿਆ, ਜਿਸ ਵਿਚ ਦੋ ਬੱਚਿਆਂ ਸਮੇਤ 11 ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮੰਦਰ ਵੱਲੋਂ ਇਕ ਰੱਥ ਯਾਤਰਾ ਕੱਢੀ ਜਾ ਰਹੀ ਸੀ ਅਤੇ ਰੱਥ ਬਿਜਲੀ ਦੀਆਂ ਹਾਈ ਵੋਲਟੇਜ਼ ਤਾਰਾਂ ਦੀ ਲਪੇਟ ਵਿਚ ਆ ਗਿਆ। ਜਿਸ ਕਾਰਨ ਰੱਥ ਵਿਚ ਕਰੰਟ ਆ ਗਿਆ ਅਤੇ ਕਰੰਟ ਲੱਗਣ ਕਾਰਨ 11 ਵਿਅਕਤੀਆਂ ਦੀ ਜਾਨ ਚਲੀ ਗਈ ਅਤੇ 15 ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਇਸ ਮੌਕੇ ਉਨ੍ਹਾਂ ਮਿ੍ਰਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਸਹਾਇਤਾ ਵਜੋਂ ਦੇਣ ਦਾ ਐਲਾਨ ਵੀ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਇਸ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖਮੀ ਹੋਏ ਵਿਅਕਤੀਆਂ ਨੂੰ ਹਸਪਤਾਲ ਮਿਲਣ ਲਈ ਪਹੁੰਚੇ। ਉਧਰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਇਸ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਅਤੇ ਉਨ੍ਹਾਂ ਹਾਦਸੇ ’ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਿਲੀਫ ਫੰਡ ਵਿਚੋਂ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ।