ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਨੋਟਿਸ ਜਾਰੀ ਕਰਕੇ ਸਰਕਾਰੀ ਗੱਡੀ ਵਾਪਸ ਕਰਨ ਲਈ ਕਿਹਾ ਸੀ। ਟਰਾਂਸਪੋਰਟ ਵਿਭਾਗ ਨੇ ਸਾਬਕਾ ਉਪ ਮੁੱਖ ਮੰਤਰੀ ਨੂੰ ਦਿੱਤੇ ਨੋਟਿਸ ਵਿੱਚ ਕਿਹਾ ਹੈ ਕਿ ਸਰਕਾਰੀ ਇਨੋਵਾ ਕਰਿਸਟਾ ਟੌਪ ਮਾਡਲ, ਜੋ ਮੰਤਰੀਆਂ ਨੂੰ ਅਲਾਟ ਕੀਤੀ ਜਾਂਦੀ ਹੈ, ਤੁਰੰਤ ਵਾਪਸ ਕੀਤੀ ਜਾਵੇ। ਉਧਰ ਸੁਖਜਿੰਦਰ ਰੰਧਾਵਾ ਨੇ ਦੱਸਿਆ ਕਿ ਟੀਵੀ ‘ਤੇ ਨੋਟਿਸ ਬਾਰੇ ਪਤਾ ਲੱਗਣ ਮਗਰੋਂ ਉਨ੍ਹਾਂ ਆਪਣੀ ਕਾਰ ਵਾਪਸ ਕਰ ਦਿੱਤੀ ਹੈ। ਉਂਜ ਉਨ੍ਹਾਂ ਕਿਹਾ ਕਿ ਉਹ ਵਿਧਾਇਕ ਹਨ ਅਤੇ ਵਿਧਾਇਕਾਂ ਨੂੰ ਵੀ ਸਰਕਾਰ ਵੱਲੋਂ ਇਨੋਵਾ ਕਾਰਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਬਾਅਦ ਕਾਂਗਰਸ ਦੇ ਸਾਬਕਾ ਮੰਤਰੀਆਂ, ਜੋ ਵਿਧਾਇਕ ਵੀ ਚੁਣੇ ਗਏ ਸਨ, ਤੋਂ ਗੱਡੀਆਂ ਵਾਪਸ ਲੈ ਲਈਆਂ ਸਨ। ਉਧਰ ਦੂਜੇ ਪਾਸੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਜਦ ਪੰਜਾਬ ਵਿਚ ਸਰਕਾਰ ਹੀ ਬਦਲ ਗਈ ਹੈ ਤਾਂ ਰੰਧਾਵਾ ਨੂੰ ਪਹਿਲਾਂ ਹੀ ਗੱਡੀ ਵਾਪਸ ਕਰ ਦੇਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਲਗਦਾ ਹੈ ਕਿ ਪਹਿਲਾਂ ਵੀ ਇਹੀ ਸਿਸਟਮ ਚਲਦਾ ਰਿਹਾ ਹੋਵੇਗਾ ਪ੍ਰੰਤੂ ਹੁਣ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ।
Check Also
ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ
ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …