-16.7 C
Toronto
Friday, January 30, 2026
spot_img
HomeSpecial Storyਸਿੱਖਿਆ ਤੇ ਸਿਹਤ ਲਈ ਦਿੱਲੀ ਮਾਡਲ ਅਪਣਾਵਾਂਗੇ : ਭਗਵੰਤ ਮਾਨ

ਸਿੱਖਿਆ ਤੇ ਸਿਹਤ ਲਈ ਦਿੱਲੀ ਮਾਡਲ ਅਪਣਾਵਾਂਗੇ : ਭਗਵੰਤ ਮਾਨ

ਹਰ ਵਰਗ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਦਾ ਕੀਤਾ ਵਾਅਦਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਵਿਚ ‘ਦਿੱਲੀ ਮਾਡਲ’ ਅਪਣਾਉਣ ਲਈ ਤਿਆਰ ਹੈ ਜਿੱਥੇ ਕਮਜ਼ੋਰ ਤੇ ਆਰਥਿਕ ਪਿਛੋਕੜ ਵਾਲੇ ਸਾਰੇ ਵਿਦਿਆਰਥੀਆਂ ਨੂੰ ਵੀ ਮਿਆਰੀ ਸਿੱਖਿਆ ਹਾਸਲ ਕਰਨ ਦਾ ਬਰਾਬਰ ਦਾ ਅਧਿਕਾਰ ਹੋਵੇਗਾ।
ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਇਥੋਂ ਦੇ ਵਿਦਿਅਕ ਅਦਾਰਿਆਂ ਅਤੇ ਸਿਹਤ ਸੰਸਥਾਵਾਂ ਦਾ ਦੌਰਾ ਕਰਕੇ ‘ਦਿੱਲੀ ਮਾਡਲ’ ਨੂੰ ਸਮਝਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ, ਸਿਹਤ ਮੰਤਰੀ ਡਾਕਟਰ ਵਿਜੈ ਸਿੰਗਲਾ ਅਤੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ ਆਗੂ ਰਾਘਵ ਚੱਢਾ ਵੀ ਮੌਜੂਦ ਸਨ।
ਭਗਵੰਤ ਮਾਨ ਨੇ ਕਾਲਕਾਜੀ ਵਿਖੇ ਡਾ. ਅੰਬੇਡਕਰ ਇੰਸਟੀਚਿਊਟ ਆਫ਼ ਐਕਸੀਲੈਂਸ ਦਾ ਦੌਰਾ ਕੀਤਾ। ਉਨ੍ਹਾਂ ਚਿਰਾਗ ਐਨਕਲੇਵ ਸਥਿਤ ਦਿੱਲੀ ਦੇ ਸਰਕਾਰੀ ਸਕੂਲ ਦਾ ਦੌਰਾ ਵੀ ਕੀਤਾ। ਦਿੱਲੀ ਦੇ ਸਿੱਖਿਆ ਮਾਡਲ ਦੀ ਸ਼ਲਾਘਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਅਗਲੇ ਪੱਧਰ ਦੀ ਸਿੱਖਿਆ ਹੈ ਜਿਸ ਬਾਰੇ ਵੱਡੇ ਸਕੂਲ ਸੋਚ ਵੀ ਨਹੀਂ ਸਕਦੇ, ਉਹ ਸਰਕਾਰੀ ਸਕੂਲਾਂ ਨੇ ਲਾਗੂ ਕਰ ਦਿੱਤੀ ਹੈ।
ਉਨ੍ਹਾਂ ਕਿਹਾ,”ਦਿੱਲੀ ਦੇ ਸਕੂਲਾਂ ‘ਚ ਡਿਜੀਟਲ ਸਿੱਖਿਆ ਹੋ ਰਹੀ ਹੈ। ਵੱਡੀਆਂ ਕੰਪਨੀਆਂ ਨਾਲ ਸਹਿਯੋਗ ਕੀਤਾ ਗਿਆ ਹੈ। ਮੈਂ ਅਮਰੀਕਾ ਅਤੇ ਕੈਨੇਡਾ ਵਿੱਚ ਅਜਿਹੇ ਸਕੂਲ ਦੇਖੇ ਹਨ ਪਰ ਭਾਰਤ ਵਿੱਚ ਇਥੇ ਪਹਿਲੀ ਵਾਰ ਦੇਖ ਰਿਹਾ ਹਾਂ।” ਪੰਜਾਬ ਦੇ ਮੁੱਖ ਮੰਤਰੀ ਨੇ ਸਕੂਲਾਂ ਦੇ ਵਿਦਿਆਰਥੀਆਂ ਨਾਲ ਗੱਲਾਂ ਵੀ ਕੀਤੀਆਂ ਅਤੇ ਉਹ ਵਿਦਿਆਰਥੀਆਂ ਦੇ ਉਤਸ਼ਾਹ ਤੋਂ ਬਹੁਤ ਜ਼ਿਆਦਾ ਪ੍ਰਭਾਵਿਤ ਹੋਏ। ਉਨ੍ਹਾਂ ਕਿਹਾ ਕਿ ਇਕ ਕਲਾਸਰੂਮ ਵਿਚ ਕਾਗਜ਼ ਰਹਿਤ ਪੜ੍ਹਾਈ ਹੁੰਦੀ ਦੇਖ ਕੇ ਉਹ ਪ੍ਰਭਾਵਿਤ ਹੋਏ ਹਨ ਜਿੱਥੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਲੈਪਟਾਪ ਰਾਹੀਂ ਪੜ੍ਹਾਇਆ ਜਾ ਰਿਹਾ ਸੀ। ਇਸੇ ਤਰ੍ਹਾਂ ਇਕ ਹੋਰ ਕਲਾਸ ਵਿਚ ਸਾਰੇ ਵਿਦਿਆਰਥੀ ਆਪੋ-ਆਪਣੀ ਪੜ੍ਹਾਈ ਵਿਚ ਪੂਰੀ ਤਰ੍ਹਾਂ ਇਕਾਗਰਚਿੱਤ ਬੈਠੇ ਸਨ ਜਿੱਥੇ ਉਨ੍ਹਾਂ ਨੂੰ ਬਾਹਰੋਂ ਕੁਝ ਮਾਹਿਰ ਆਨਲਾਈਨ ਪੜ੍ਹਾ ਰਹੇ ਸਨ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਤਾਲੀਮ ਦੇਣ ਵਾਲੇ ਆਧੁਨਿਕ ਤਕਨੀਕਾਂ ਨਾਲ ਲੈਸ ਇਹ ਯੰਤਰ ਪੰਜਾਬ ਦੇ ਸਕੂਲਾਂ ਵਿਚ ਵੀ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਡਿਜੀਟਲ ਢੰਗ ਰਾਹੀਂ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।
ਪੰਜਾਬ ‘ਚ ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦਾ ਦੌਰਾ ਕਰਨ ਮੁੱਖ ਮੰਤਰੀ : ਦਲਜੀਤ ਚੀਮਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਸੱਦ ਕੇ ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਦੇ ਮਾਡਲ ਦੀ ਜਾਣਕਾਰੀ ਦੇਣਾ ਸ਼ਲਾਘਯੋਗ ਕਦਮ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਨੇ ਪਹਿਲਾਂ ਹੀ ਮਾਨ ਨੂੰ ਸਲਾਹ ਦਿੱਤੀ ਸੀ ਕਿ ਉਹ ਪੰਜਾਬ ਦੇ ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦਾ ਦੌਰਾ ਕਰਨ ਤਾਂ ਜੋ ਉਨ੍ਹਾਂ ਨੂੰ ਇਹ ਸਮਝ ਆ ਸਕੇ ਕਿ ਪਿਛਲੇ ਪੰਜ ਸਾਲਾਂ ਦੇ ਕਾਂਗਰਸ ਦੇ ਰਾਜਕਾਲ ਦੌਰਾਨ ਇਨ੍ਹਾਂ ਸਕੂਲਾਂ ਨੂੰ ਅਣੌਗਲਿਆ ਕਰਨ ਨਾਲ ਹੋਏ ਨੁਕਸਾਨ ਨੁੰ ਦਰੁਸਤ ਕੀਤਾ ਜਾ ਸਕੇ। ਡਾ. ਚੀਮਾ ਨੇ ਆਖਿਆ ਕਿ ਮੁੱਖ ਮੰਤਰੀ ਆਪਣੇ ਅਫ਼ਸਰਾਂ ਨੂੰ ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦਾ ਦੌਰਾ ਕਰਾਉਣ ਤਾਂ ਜੋ ਸਕੂਲਾਂ ਦੀ ਸਥਾਪਨਾ ਪਿਛਲੇ ਫਲਸਫੇ ਨੂੰ ਸਮਝਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮਾਨ ਨੂੰ ਇਹ ਸਮਝ ਆ ਜਾਵੇਗਾ ਕਿ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮਿਆਰੀ ਸਿੱਖਿਆ ਲਈ ਕੀਤੀ ਗਈ ਪਹਿਲਕਦਮੀ ਹੁਣ ਹੋਰ ਰਾਜਾਂ ਵਿਚ ਪਸਰ ਗਈ ਹੈ।
ਦਿੱਲੀ ਦੇ ਦਾਅਵੇ ਦੀ ਕੇਰਲਾ ਨੇ ਪੋਲ ਖੋਲ੍ਹੀ : ਰਾਜਾ ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਲੱਗਦਾ ਹੈ ਕਿ ਭਗਵੰਤ ਮਾਨ ਦਿੱਲੀ ਦੇ ਕੋਵਿਡ-19 ਦਾ ਖ਼ੌਫ਼ਨਾਕ ਮੰਜ਼ਰ ਭੁੱਲ ਗਏ ਹਨ। ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਦੌਰੇ ਨੂੰ ਲੈ ਕੇ ਇਹ ਟਵੀਟ ਕੀਤਾ ਹੈ ਜਿਸ ‘ਚ ਉਨ੍ਹਾਂ ਕਿਹਾ ਹੈ ਕਿ ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਲੋਕਾਂ ਨੂੰ ਆਕਸੀਜਨ ਲਈ ਤਰਸਾ ਦਿੱਤਾ ਸੀ। ਵੜਿੰਗ ਨੇ ਕਿਹਾ ਹੈ ਕਿ ਦਿੱਲੀ ਸਰਕਾਰ ਦਾ ਇੱਕ ਹੋਰ ਝੂਠ ਫੜਿਆ ਗਿਆ ਹੈ ਕਿਉਂਕਿ ਕੇਰਲਾ ਦੇ ਮੰਤਰੀ ਨੇ ‘ਆਪ’ ਸਰਕਾਰ ਦੇ ਉਸ ਦਾਅਵੇ ਨੂੰ ਰੱਦ ਕਰ ਦਿੱਤਾ ਹੈ ਕਿ ਕੇਰਲਾ ਸਰਕਾਰ ਨੇ ਦਿੱਲੀ ਦੇ ਸਿੱਖਿਆ ਮਾਡਲ ਨੂੰ ਦੇਖਣ ਲਈ ਵਫ਼ਦ ਭੇਜਿਆ ਸੀ।
ਪੰਜਾਬ ਅਤੇ ਦਿੱਲੀ ਇਕ ਦੂਜੇ ਨੂੰ ਵੰਡਣਗੇ ਗਿਆਨ
ਸਿਹਤ ਤੇ ਸਿੱਖਿਆ ਨੂੰ ਲੈ ਕੇ ਕੇਜਰੀਵਾਲ ਅਤੇ ਭਗਵੰਤ ਵਿਚਾਲੇ ਸਮਝੌਤਾ
ਪੰਜਾਬ ‘ਚ ਦਿੱਲੀ ਮਾਡਲ ਦੇ ਆਧਾਰ ਉਤੇ 117 ਸਰਕਾਰੀ ਸਕੂਲ ਤੇ 117 ਮੁਹੱਲਾ ਕਲੀਨਿਕ ਸਥਾਪਤ ਹੋਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਵਿਚ ਉਨ੍ਹਾਂ ਦੇ ਹਮਰੁਤਬਾ ਅਰਵਿੰਦ ਕੇਜਰੀਵਾਲ ਨੇ ਸਿਹਤ, ਸਿੱਖਿਆ ਅਤੇ ਹੋਰ ਪ੍ਰਮੁੱਖ ਖੇਤਰਾਂ ਦੀ ਕਾਇਆਕਲਪ ਕਰਨ ਲਈ ਅਤੇ ਗਿਆਨ ਦੇ ਵਟਾਂਦਰੇ ਲਈ ਸਮਝੌਤਾ ਸਹੀਬੰਦ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ, ਸਿਹਤ ਤੇ ਬਿਜਲੀ ਉਨ੍ਹਾਂ ਦੀ ਸਰਕਾਰ ਦੀ ਸਿਖਰਲੀਆਂ ਤਰਜੀਹਾਂ ਹਨ ਤੇ ਪੰਜਾਬ ਨੂੰ ਇਨ੍ਹਾਂ ਖੇਤਰਾਂ ਵਿੱਚ ਦਿੱਲੀ ਤੋਂ ਬਹੁਤ ਕੁਝ ਸਿੱਖਣ ਨੂੰ ਮਿਲੇਗਾ। ਇਸੇ ਤਰ੍ਹਾਂ ਦਿੱਲੀ, ਪੰਜਾਬ ਤੋਂ ਖੇਤੀ ਬਾਰੇ ਗਿਆਨ ਲੈ ਸਕਦਾ ਹੈ। ਉਧਰ ਕੇਜਰੀਵਾਲ ਨੇ ਕਿਹਾ ਕਿ ਜੇਕਰ ਹਰੇਕ ਰਾਜ ਦੂਜੇ ਵੱਲੋਂ ਕੀਤੇ ਚੰਗੇ ਕੰਮਾਂ ਤੋਂ ਸਬਕ ਲੈਣ ਲੱਗੇ ਤਾਂ ਭਾਰਤ ਦੀ ਤਰੱਕੀ ਹੋਵੇਗੀ।
ਸਮਝੌਤਾ ਸਹੀਬੰਦ ਕਰਨ ਮੌਕੇ ਰੱਖੀ ਪ੍ਰੈੱਸ ਕਾਨਫਰੰਸ ਦੌਰਾਨ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਇਸ ਨੂੰ ਨਿਵੇਕਲੀ ਪਹਿਲਕਦਮੀ ਦੱਸਦੇ ਹੋਏ ਦੋਵਾਂ ਸੂਬਿਆਂ ਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਉਸਾਰੂ ਤੇ ਮਿਸਾਲੀ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਮਝੌਤਾ ਪੰਜਾਬ ਤੇ ਦਿੱਲੀ ਸਰਕਾਰਾਂ ਨੂੰ ਗਿਆਨ, ਤਜਰਬਾ ਤੇ ਮੁਹਾਰਤ ਆਪਸ ਵਿਚ ਸਾਂਝਾ ਕਰਨ ਦੇ ਯੋਗ ਬਣਾਏਗਾ। ਕਰਾਰ ਤਹਿਤ ਦੋਵੇਂ ਸਰਕਾਰਾਂ ਲੋਕਾਂ ਦੀ ਭਲਾਈ ਲਈ ਜਾਣਕਾਰੀ ਹਾਸਲ ਕਰਨ ਵਾਸਤੇ ਮੰਤਰੀਆਂ, ਅਧਿਕਾਰੀਆਂ ਅਤੇ ਹੋਰ ਕਰਮਚਾਰੀਆਂ ਨੂੰ ਇਕ-ਦੂਜੇ ਦੇ ਸੂਬਿਆਂ ਵਿਚ ਭੇਜਿਆ ਕਰਨਗੀਆਂ। ਭਗਵੰਤ ਮਾਨ ਨੇ ਪੰਜਾਬ ਵਿਚ ਦਿੱਲੀ ਮਾਡਲ ਦੇ ਆਧਾਰ ਉਤੇ 117 ਸਰਕਾਰੀ ਸਕੂਲ ਅਤੇ 117 ਮੁਹੱਲਾ ਕਲੀਨਿਕ ਸਥਾਪਤ ਕਰਨ ਦਾ ਐਲਾਨ ਕਰਦੇ ਹੋਏ ਕਿਹਾ ਪੰਜਾਬ ਸਰਕਾਰ ਸ਼ੁਰੂਆਤ ਵਜੋਂ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿਚ ਇਕ-ਇਕ ਸਰਕਾਰੀ ਸਕੂਲ ਅਤੇ ਮੁਹੱਲਾ ਕਲੀਨਿਕ ਸਥਾਪਤ ਕਰੇਗੀ। ਉਨ੍ਹਾਂ ਕਿਹਾ, ”ਮਨੁੱਖ ਦਾ ਸਮੁੱਚਾ ਜੀਵਨ ਵਿਦਿਆਰਥੀ ਵਾਂਗ ਹੋਣਾ ਚਾਹੀਦਾ ਹੈ ਅਤੇ ਜਿੱਥੋਂ ਵੀ ਜੋ ਕੁਝ ਚੰਗਾ ਸਿੱਖਣ ਨੂੰ ਮਿਲੇ, ਉਸ ਨੂੰ ਗ੍ਰਹਿਣ ਕਰ ਲੈਣਾ ਚਾਹੀਦਾ ਹੈ। ਅਸੀਂ ਇੱਥੇ ਹੀ ਨਹੀਂ ਰੁਕਾਂਗੇ, ਜੇਕਰ ਸਾਨੂੰ ਆਪਣੇ ਸੂਬੇ ਦੀ ਖਾਤਰ ਬਾਕੀ ਸੂਬਿਆਂ ਜਾਂ ਹੋਰ ਮੁਲਕਾਂ ਵਿਚ ਵੀ ਜਾਣਾ ਪਿਆ ਤਾਂ ਜ਼ਰੂਰ ਜਾਵਾਂਗੇ।”
ਵਿਰੋਧੀ ਧਿਰਾਂ ਵੱਲੋਂ ਸਮਝੌਤੇ ਨੂੰ ਲੈ ਕੇ ਕੀਤੀ ਜਾ ਰਹੀ ਨੁਕਤਾਚੀਨੀ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਬਿਨਾਂ ਕਿਸੇ ਆਧਾਰ ਤੋਂ ਸਿਰਫ ਆਲੋਚਨਾ ਕਰਨ ਲਈ ਹੀ ਰੌਲਾ-ਰੱਪਾ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਕਪਾਸੜ ਸਮਝੌਤਾ ਨਹੀਂ, ਸਗੋਂ ਇਹ ਸਮਝੌਤਾ ਸਹੀ ਮਾਅਨਿਆਂ ਵਿਚ ਦੋਵਾਂ ਸੂਬਿਆਂ ਵੱਲੋਂ ਗਿਆਨ ਦੇ ਵਟਾਂਦਰੇ ਦਾ ਜ਼ਰੀਆ ਹੈ ਜਿਸ ਨਾਲ ਪੰਜਾਬ, ਦਿੱਲੀ ਪਾਸੋਂ ਸਿਹਤ ਤੇ ਸਿੱਖਿਆ ਵਰਗੇ ਖੇਤਰਾਂ ਵਿਚ ਲਾਗੂ ਕੀਤੇ ਲੋਕ ਪੱਖੀ ਮਾਡਲਾਂ ਨੂੰ ਅਪਣਾਏਗਾ ਜਦਕਿ ਦਿੱਲੀ, ਪੰਜਾਬ ਪਾਸੋਂ ਖੇਤੀਬਾੜੀ ਵਰਗੇ ਖੇਤਰਾਂ ਵਿਚ ਕੀਤੇ ਗਏ ਵਿਸ਼ਾਲ ਤਜਰਬੇ ਦਾ ਲਾਭ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਆਪਣੇ ਅਧਿਆਪਕਾਂ ਨੂੰ ਫਿਨਲੈਂਡ, ਕੈਂਬਰਿਜ ਤੇ ਹੋਰ ਵੱਖ-ਵੱਖ ਥਾਵਾਂ ਉਤੇ ਸਿੱਖਿਆ ਖੇਤਰ ਵਿਚ ਨਵੀਆਂ ਤਕਨੀਕਾਂ ਅਤੇ ਹੁਨਰ ਸਿੱਖਣ ਲਈ ਭੇਜਿਆ ਸੀ, ਜਿਸ ਦਾ ਲਾਭ ਦਿੱਲੀ ਦੇ ਬੱਚਿਆਂ ਨੂੰ ਹੋ ਰਿਹਾ ਹੈ।
ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਨੂੰ ਰੰਗ ਕਰਕੇ ਸਮਾਰਟ ਸਕੂਲ ਦਾ ਨਾਂ ਦੇ ਕੇ ਪੰਜਾਬੀਆਂ ਨਾਲ ਧੋਖਾ ਕੀਤਾ। ਦਿੱਲੀ ਸਰਕਾਰ ਦਾ 25 ਫੀਸਦੀ ਬਜਟ ਸਿੱਖਿਆ ਖੇਤਰ ਲਈ ਹੁੰਦਾ ਹੈ ਜਦਕਿ ਪੰਜਾਬ ਵਿਚ ਇਹ ਬਜਟ ਮਹਿਜ਼ 2 ਫੀਸਦੀ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 19000 ਸਰਕਾਰੀ ਸਕੂਲਾਂ, ਜਿੱਥੇ 23 ਲੱਖ ਬੱਚੇ ਪੜ੍ਹ ਰਹੇ ਹਨ, ਵਿਚ ਅਤਿ-ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਿਹਤ ਖੇਤਰ ਨਾਲ ਜੁੜਿਆ ਬੁਨਿਆਦੀ ਢਾਂਚਾ ਲੜਖੜਾਇਆ ਹੋਇਆ ਹੈ ਕਿਉਂਕਿ ਸੂਬੇ ਕੋਲ ਚੰਗੇ ਡਾਕਟਰ ਅਤੇ ਹੋਰ ਪੈਰਾ-ਮੈਡੀਕਲ ਸਟਾਫ ਤਾਂ ਹੈ ਪਰ ਲੋੜੀਂਦਾ ਢਾਂਚਾ ਨਹੀਂ ਹੈ। ਉਨ੍ਹਾਂ ਸੰਸਦ ਮੈਂਬਰ ਵਜੋਂ ਆਪਣਾ ਤਜਰਬਾ ਸਾਂਝਾ ਕਰਦਿਆਂ ਕਿਹਾ, ”ਮੈਂ ਆਪਣੇ ਸੰਸਦੀ ਕੋਟੇ ਦੇ ਫੰਡ ਵਿੱਚੋਂ ਸਿਹਤ ਵਿਭਾਗ ਨੂੰ ਵਾਤਾਨਕੂਲ ਐਂਬੂਲੈਂਸ ਦੇਣਾ ਚਾਹੁੰਦਾ ਸੀ ਪਰ ਮੈਨੂੰ ਇਸ ਕਰਕੇ ਨਾਂਹ ਕਰ ਦਿੱਤੀ ਗਈ ਕਿ ਇਸ ਨੂੰ ਚਲਾਉਣ ਲਈ ਉਨ੍ਹਾਂ ਕੋਲ ਸਟਾਫ ਨਹੀਂ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਛੇਤੀ ਹੀ ਖੇਤੀਬਾੜੀ ਖੇਤਰ ਲਈ ਫਸਲੀ ਵਿਭਿੰਨਤਾ ਸਮੇਤ ਨਵੀਆਂ ਨੀਤੀਆਂ ਤੇ ਪ੍ਰੋਗਰਾਮ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਤੇ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦੇ ਮਿਸ਼ਨ ਵਿਚ ਉਹ ਤੇ ਦੁਨੀਆ ਭਰ ਵਿਚ ਬੈਠਾ ਹਰੇਕ ਪੰਜਾਬੀ ਸਰਕਾਰ ਦਾ ਸਾਥ ਦੇਣ ਲਈ ਤਤਪਰ ਹੈ। ਨਸ਼ਿਆਂ ਦੇ ਖੇਤਰ ਵਿਚ ਤਿੰਨ ਪਰਤੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ ਤਾਂ ਕਿ ਨਸ਼ੇ ਦੇ ਖਾਤਮੇ ਦੇ ਨਾਲ-ਨਾਲ ਨਸ਼ੇ ਤੋਂ ਗ੍ਰਸਤ ਲੋਕਾਂ ਨੂੰ ਢੁਕਵਾਂ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਇਸ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੈ ਸਿੰਗਲਾ, ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ, ਰਾਜ ਸਭਾ ਮੈਂਬਰ ਰਾਘਵ ਚੱਢਾ ਤੋਂ ਇਲਾਵਾ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਦਿੱਲੀ ਦੇ ਮੁੱਖ ਸਕੱਤਰ ਨਰੇਸ਼ ਕੁਮਾਰ ਸਮੇਤ ਦੋਵਾਂ ਸੂਬਿਆਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਭਗਵੰਤ ਮਾਨ ਨੇ ਪੰਜਾਬ ਨੂੰ ਕੇਜਰੀਵਾਲ ਕੋਲ ਰੱਖਿਆ ਗਿਰਵੀ : ਸੁਖਬੀਰ ਬਾਦਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਵਿਚਾਲੇ ਹੋਏ ਸਮਝੌਤੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਦੀ ਕੁਰਸੀ ਬਚਾਉਣ ਲਈ ਸਾਰੇ ਪੰਜਾਬ ਨੂੰ ਅਰਵਿੰਦ ਕੇਜਰੀਵਾਲ ਕੋਲ ਗਿਰਵੀ ਰੱਖ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਮੰਤਰੀਆਂ ਨੂੰ ਬੰਦੀ ਬਣਾ ਲਿਆ ਹੈ, ਇਸੇ ਲਈ ਰਾਜਪਾਲ ਨੂੰ ਮੀਟਿੰਗ ਲਈ ਮਨ੍ਹਾਂ ਕਰਕੇ ਮੁੱਖ ਮੰਤਰੀ ਦਿੱਲੀ ਚਲੇ ਗਏ। ਉਨ੍ਹਾਂ ਕਿਹਾ ਇਨ੍ਹਾਂ ਦਾ ਜਿਹੜਾ ਸਮਝੌਤਾ ਹੋਇਆ ਹੈ, ਉਸ ਤੋਂ ਬਾਅਦ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਬਲਕਿ ਅਰਵਿੰਦ ਕੇਜਰੀਵਾਲ ਬਣ ਗਿਆ ਹੈ।
ਪੰਜਾਬ ਸਰਕਾਰ ਦਿੱਲੀ ਤੋਂ ਚੱਲਦੀ ਹੋਣ ਬਾਰੇ ਕਹਿਣਾ ਮੂਰਖਤਾ : ਕੇਜਰੀਵਾਲ
ਵਿਰੋਧੀ ਧਿਰ ਦੇ ਆਰੋਪਾਂ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ, ”ਮਨੀਸ਼ ਸਿਸੋਦੀਆ ਯੂਰੋਪ ਤੇ ਫਿਨਲੈਂਡ ਦੀ ਸਿੱਖਿਆ ਪ੍ਰਣਾਲੀ ਨੂੰ ਸਮਝਣ ਲਈ ਉਥੇ ਗਏ ਸਨ। ਜੇਕਰ ਕੋਈ ਕਹੇ ਕਿ ਦਿੱਲੀ ਸਰਕਾਰ ਫਿਨਲੈਂਡ ਤੋਂ ਚੱਲ ਰਹੀ ਹੈ ਤਾਂ ਇਹ ਮੂਰਖਤਾ ਹੋਵੇਗੀ। ਹਾਲ ਹੀ ਵਿੱਚ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ.ਸਟਾਲਿਨ ਦਿੱਲੀ ਆਏ ਸਨ। ਅਸੀਂ ਇਹ ਨਹੀਂ ਕਹਿ ਸਕਦੇ ਕਿ ਤਾਮਿਲਨਾਡੂ ਸਰਕਾਰ ਦਿੱਲੀ ਤੋਂ ਚੱਲ ਰਹੀ ਹੈ।” ਐੱਸਵਾਈਐੱਲ ਬਾਰੇ ਪੁੱਛਣ ‘ਤੇ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਸਲੇ ਦੇ ਹੱਲ ਲਈ ਕੇਂਦਰ ਸਰਕਾਰ, ਪੰਜਾਬ ਤੇ ਹਰਿਆਣਾ ਸਣੇ ਸਾਰੇ ਭਾਈਵਾਲਾਂ ਅਤੇ ਕੋਰਟਾਂ ਨੂੰ ਇਕੱਠਿਆਂ ਹੋਣ ਦੀ ਲੋੜ ਹੈ।
ਲੋਕਾਂ ਨੂੰ ਗੁਮਰਾਹ ਕਰ ਰਹੇ ਨੇ ਸੁਖਬੀਰ, ਬਾਜਵਾ ਤੇ ਸਿੱਧੂ : ਭਗਵੰਤ ਮਾਨ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨ ਦੇ ਵਟਾਂਦਰੇ ਨੂੰ ਲੈ ਕੇ ਦਿੱਲੀ ਸਰਕਾਰ ਨਾਲ ਕੀਤੇ ਸਮਝੌਤੇ ਨੂੰ ਇਤਿਹਾਸਕ ਫ਼ੈਸਲਾ ਦੱਸਦਿਆਂ ਕਿਹਾ ਕਿ ਵਿਰੋਧੀ ਧਿਰਾਂ ਬੇਬੁਨਿਆਦ, ਤਰਕਹੀਣ ਅਤੇ ਸਿਆਸਤ ਤੋਂ ਪ੍ਰੇਰਿਤ ਬਿਆਨਬਾਜ਼ੀ ਤੋਂ ਗੁਰੇਜ਼ ਕਰਨ। ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਕਰਾਰ ਨੂੰ ਲੈ ਕੇ ਬੇਲੋੜਾ ਰੌਲਾ-ਰੱਪਾ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ, ਪ੍ਰਤਾਪ ਸਿੰਘ ਬਾਜਵਾ ਤੇ ਨਵਜੋਤ ਸਿੱਧੂ ਲੋਕਾਂ ਨੂੰ ਬੇਵਜ੍ਹਾ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 44 ਸਾਲਾਂ ਤੱਕ ਪੰਜਾਬ ‘ਤੇ ਰਾਜ ਕਰਨ ਵਾਲੀਆਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਜੇਕਰ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਖੁਸ਼ਹਾਲੀ ਲਈ ਕੋਈ ਠੋਸ ਕੰਮ ਕੀਤਾ ਹੁੰਦਾ ਤਾਂ ਉਨ੍ਹਾਂ ਨੂੰ ਇੰਨੀ ਵੱਡੀ ਨਮੋਸ਼ੀ ਦਾ ਸਾਹਮਣਾ ਨਾ ਕਰਨਾ ਪੈਂਦਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਝੋਨੇ ਦੀ ਪਰਾਲੀ ਤੋਂ ਬਿਜਲੀ ਦਾ ਉਤਪਾਦਨ ਕਰਨ ਲਈ ਸਹਿਯੋਗ ਵਾਸਤੇ ਚੀਨ ਗਏ ਸਨ ਅਤੇ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੇ ਕੈਨੇਡਾ ਦੇ ਉਨਟਾਰੀਓ ਸੂਬੇ ਨਾਲ ਵੱਖ-ਵੱਖ ਖੇਤਰਾਂ ਵਿੱਚ ਕਈ ਸਮਝੌਤੇ ਕੀਤੇ ਸਨ। ਉਨ੍ਹਾਂ ਸੁਖਬੀਰ ਨੂੰ ਸਵਾਲ ਕੀਤਾ ਕਿ ਕੀ ਉਨ੍ਹਾਂ ਦੀ ਸਰਕਾਰ ਚੀਨ ਤੋਂ ਚਲਦੀ ਸੀ ਜਾਂ ਫਿਰ ਉਨਟਾਰੀਓ ਤੋਂ। ਮਾਨ ਨੇ ਕਿਹਾ ਕਿ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਸਿਆਸੀ ਸ਼ਹਿ ਲਈ ਬੇਬੁਨਿਆਦ ਆਰੋਪ ਲਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਬਾਜਵਾ ਨੂੰ ਉਹ ਵੇਲਾ ਯਾਦ ਦਿਵਾਇਆ ਜਦੋਂ ਉਨ੍ਹਾਂ ਦੀ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਆਪਣੇ ਵਿਦੇਸ਼ੀ ਮਹਿਮਾਨ ਦੇ ਕਹਿਣ ‘ਤੇ ਮੁੱਖ ਸਕੱਤਰ, ਡੀਜੀਪੀ ਵਰਗੇ ਸਿਖਰਲੇ ਅਧਿਕਾਰੀਆਂ ਅਤੇ ਉੱਚ ਅਧਿਕਾਰੀਆਂ ਦੀਆਂ ਤਾਇਨਾਤੀਆਂ ਅਤੇ ਤਬਾਦਲਿਆਂ ਦੇ ਹੁਕਮ ਦਿੰਦੇ ਸਨ।
ਪੰਜਾਬ-ਦਿੱਲੀ ਵਿਚਾਲੇ ਹੋਏ ਸਮਝੌਤੇ ਨੂੰ ਚੁਣੌਤੀ ਦਿਆਂਗੇ: ਬਾਜਵਾ
ਕਾਦੀਆਂ : ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਤੇ ਦਿੱਲੀ ਦਾ ਸਮਝੌਤਾ ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਲੋਕਾਂ ਪ੍ਰਤੀ ਜ਼ਿੰਮੇਵਾਰੀ ਨੂੰ ਪੂਰਨ ਤੌਰ ‘ਤੇ ਤਿਲਾਂਜਲੀ ਦੇਣ ਦੇ ਬਰਾਬਰ ਹੈ। ਇਹ ਸਮਝੌਤਾ ਯਕੀਨੀ ਬਣਾਏਗਾ ਕਿ ਪੰਜਾਬ ਸਰਕਾਰ ਅਸਲ ਵਿੱਚ ਅਰਵਿੰਦ ਕੇਜਰੀਵਾਲ ਦੇ ਹੱਥ ਹੈ। ਇਹ ਗ਼ੈਰ-ਜਮਹੂਰੀ ਹੈ ਅਤੇ ਜੇ ਇਸ ਸਮਝੌਤੇ ‘ਤੇ ਦਸਖ਼ਤ ਕੀਤੇ ਜਾਂਦੇ ਹਨ ਤਾਂ ਉਹ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਗੇ।

RELATED ARTICLES
POPULAR POSTS