ਖ਼ਾਲਸਾ ਸਾਜਨਾ ਦਿਵਸ ਸਬੰਧੀ ਕੈਂਬਰਿਜ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਏ ਗਏ। ਜਿਸ ਦੌਰਾਨ 20 ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਕੇ ਗੁਰੁ ਵਾਲੇ ਬਣੇ। ਗੁਰੂ ਘਰ ਦੇ ਹੈਡ ਗ੍ਰੰਥੀ ਭਾਈ ਜੈਦੀਪ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹਿਲੀ ਵਾਰ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਦਾ ਉਪਰਾਲਾ ਕੀਤਾ ਗਿਆ ਹੈ। ਇਸ ਸਬੰਧੀ ਪਿਛਲੇ ਕਈ ਦਿਨਾਂ ਤੋਂ ਸੰਗਤਾਂ ਨੂੰ ਪ੍ਰੇਰਣਾ ਦਿੱਤੀ ਜਾ ਰਹੀ ਸੀ ਅਤੇ ਲਾਗਲੇ ਸ਼ਹਿਰਾਂ ਦੇ ਗੁਰੂਘਰਾਂ ਵਿੱਚ ਵੀ ਪ੍ਰਬੰਧਕ ਕਮੇਟੀਆਂ ਅਤੇ ਗੁਰੂਘਰ ਦੇ ਸੇਵਾਦਾਰਾਂ ਨੂੰ ਮਿਲ ਕੇ ਸੰਗਤਾਂ ਤੱਕ ਪਹੁੰਚ ਕੀਤੀ ਗਈ ਸੀ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡਾਇਰੈਕਟਰ ਸੁਖਵਿੰਦਰ ਸਿੰਘ ਵਲੋਂ ਖੰਡੇ ਬਾਟੇ ਦੀ ਅਮੋਲਕ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਵਾਲੇ ਪ੍ਰਾਣੀਆਂ ਨੂੰ ਵਧਾਈ ਦਿੱਤੀ ਗਈ ਅਤੇ ਅੰਮ੍ਰਿਤ ਸੰਚਾਰ ਦੌਰਾਨ ਸੇਵਾ ਨਿਭਾਉਣ ਵਾਲੇ ਪੰਜ ਪਿਆਰੇ ਸਾਹਿਬਾਨ ਅਤੇ ਸਿੰਘਾਂ ਦਾ ਗੁਰਦੁਆਰਾ ਸਾਹਿਬ ਵਲੋਂ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ।