Breaking News
Home / ਪੰਜਾਬ / ਦਿੱਲੀ ਹਵਾਈ ਅੱਡੇ ਤੱਕ ਜਾਣਗੀਆਂ ਪੰਜਾਬ ਦੀਆਂ ਸਰਕਾਰੀ ਬੱਸਾਂ

ਦਿੱਲੀ ਹਵਾਈ ਅੱਡੇ ਤੱਕ ਜਾਣਗੀਆਂ ਪੰਜਾਬ ਦੀਆਂ ਸਰਕਾਰੀ ਬੱਸਾਂ

ਦਿੱਲੀ ਟਰਾਂਸਪੋਰਟ ਤੇ ਹਵਾਈ ਅੱਡੇ ਦੇ ਅਧਿਕਾਰੀਆਂ ਨਾਲ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀ ਬੱਸ ਸੇਵਾ ਨਵੀਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਸ਼ੁਰੂ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਵਿਕਾਸ ਗਰਗ ਨੇ ਦਿੱਲੀ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਅਸ਼ੀਸ਼ ਕੁੰਦਰਾ ਅਤੇ ਨਵੀਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਮਾਮਲੇ ‘ਤੇ ਚਰਚਾ ਕੀਤੀ।
ਉਨ੍ਹਾਂ ਦੱਸਿਆ ਕਿ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਸਰਕਾਰ ਦੀ ਬੱਸ ਸੇਵਾ ਛੇਤੀ ਹੀ ਮੁੜ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦੋਵੇਂ ਸਰਕਾਰਾਂ ਦੇ ਮੁੱਖ ਮੰਤਰੀਆਂ ਦਰਮਿਆਨ ਗੱਲਬਾਤ ਉਪਰੰਤ ਇਸ ਮਸਲੇ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਅਦਾਲਤ ਦੇ ਹੁਕਮਾਂ ਦੀ ਰੌਸ਼ਨੀ ਵਿੱਚ ਵੱਖ-ਵੱਖ ਪਹਿਲੂਆਂ ‘ਤੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦਿੱਲੀ ਹਵਾਈ ਅੱਡੇ ਤੱਕ ਪੰਜਾਬ ਸਰਕਾਰ ਦੀਆਂ ਬੱਸਾਂ ਵੱਖ-ਵੱਖ ਸ਼ਹਿਰਾਂ ਤੋਂ ਸ਼ੁਰੂ ਹੋਣ ਨਾਲ ਯਾਤਰੀਆਂ ਨੂੰ ਕਿਫ਼ਾਇਤੀ ਦਰਾਂ ‘ਤੇ ਸਫ਼ਰ ਮੁਹੱਈਆ ਕਰਵਾਇਆ ਜਾ ਸਕੇਗਾ। ਟਰਾਂਸਪੋਰਟ ਵਿਭਾਗ ਦੇ ਸਕੱਤਰ ਵਿਕਾਸ ਗਰਗ ਨੇ ਦੱਸਿਆ ਕਿ ਦਿੱਲੀ ਸਰਕਾਰ ਦੇ ਪ੍ਰਮੁੱਖ ਸਕੱਤਰ ਅਸ਼ੀਸ਼ ਕੁੰਦਰਾ ਨੇ ਮੀਟਿੰਗ ਦੌਰਾਨ ਭਰੋਸਾ ਦਿਵਾਇਆ ਕਿ ਇਸ ਮਸਲੇ ਦਾ ਛੇਤੀ ਹੀ ਹੱਲ ਕੱਢ ਲਿਆ ਜਾਵੇਗਾ ਅਤੇ ਪੰਜਾਬ ਦੀ ਸਰਕਾਰੀ ਬੱਸ ਸਰਵਿਸ ਦਿੱਲੀ ਹਵਾਈ ਅੱਡੇ ਤੱਕ ਚਲ ਸਕੇਗੀ।
ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਕੁੱਝ ਕਾਨੂੰਨੀ ਅੜਚਣਾਂ ਖ਼ਤਮ ਹੋਣ ਤੋਂ ਬਾਅਦ ਜਲਦੀ ਹੀ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਬੱਸਾਂ ਦਾ ਦਾਖ਼ਲਾ ਕੌਮਾਂਤਰੀ ਹਵਾਈ ਅੱਡੇ ਤੱਕ ਹੋ ਜਾਵੇਗਾ। ਮੀਟਿੰਗ ਦੌਰਾਨ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਵਿਮਲ ਕੁਮਾਰ ਸੇਤੀਆ, ਵਿਸ਼ੇਸ਼ ਕਮਿਸ਼ਨਰ ਦਿੱਲੀ ਓ ਪੀ ਮਿਸ਼ਰਾ, ਡਿਪਟੀ ਕਮਿਸ਼ਨਰ ਟਰਾਂਸਪੋਰਟ ਦਿੱਲੀ ਵਿਨੋਦ ਯਾਦਵ ਅਤੇ ਦਿੱਲੀ ਹਵਾਈ ਅੱਡੇ ਦੇ ਅਧਿਕਾਰੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਪੰਜਾਬ ਤੋਂ ਬਾਦਲ ਪਰਿਵਾਰ ਦੀ ਮਾਲਕੀ ਵਾਲੀ ਟਰਾਂਸਪੋਰਟ ਕੰਪਨੀ ਸਮੇਤ ਹਰਿਆਣਾ ਰੋਡਵੇਜ਼ ਅਤੇ ਹੋਰ ਟਰਾਂਸਪੋਰਟ ਕੰਪਨੀਆਂ ਦੀਆਂ ਬੱਸਾਂ ਤਾਂ ਦਿੱਲੀ ਦੇ ਹਵਾਈ ਅੱਡੇ ਤੱਕ ਜਾ ਰਹੀਆਂ ਹਨ ਪਰ ਪਿਛਲੇ ਕਈ ਸਾਲਾਂ ਤੋਂ ਪੰਜਾਬ ਸਰਕਾਰ ਦੀਆਂ ਬੱਸਾਂ ਦਾ ਹਵਾਈ ਅੱਡੇ ‘ਤੇ ਦਾਖ਼ਲਾ ਬੰਦ ਸੀ। ਇਹ ਮਾਮਲਾ ਸਿਆਸੀ ਤੌਰ ‘ਤੇ ਵੀ ਭਖਿਆ ਰਿਹਾ ਹੈ। ਸੂਬੇ ਵਿੱਚ ਕਾਂਗਰਸ ਦੀ ਸਰਕਾਰ ਦੇ ਸਮੇਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਕਾਂਗਰਸ ਸਰਕਾਰ ‘ਤੇ ਬਾਦਲ ਪਰਿਵਾਰ ਨੂੰ ਲਾਭ ਪਹੁੰਚਾਉਣ ਦੇ ਆਰੋਪ ਲਾਉਂਦਿਆਂ ਜਾਣ ਬੁੱਝ ਕੇ ਸਰਕਾਰੀ ਬੱਸਾਂ ਦਾ ਦਾਖ਼ਲਾ ਬੰਦ ਕਰਨ ਦੇ ਦੋਸ਼ ਲਾਏ ਗਏ ਸਨ ਜਦੋਂ ਕਿ ਕਾਂਗਰਸ ਸਰਕਾਰ ਵੱਲੋਂ ਦਾਅਵਾ ਕੀਤਾ ਜਾਂਦਾ ਸੀ ਕਿ ਦਿੱਲੀ ਦੀ ‘ਆਪ’ ਸਰਕਾਰ ਵੱਲੋਂ ਪੰਜਾਬ ਦੀਆਂ ਸਰਕਾਰੀ ਬੱਸਾਂ ਦਾ ਦਾਖ਼ਲਾ ਬੰਦ ਕਰਾਇਆ ਗਿਆ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਬਾਅਦ ਗੇਂਦ ਪੂਰੀ ਤਰ੍ਹਾਂ ‘ਆਪ’ ਦੇ ਪਾਲੇ ਵਿੱਚ ਹੈ ਕਿਉਂਕਿ ਦਿੱਲੀ ਵਿੱਚ ਵੀ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਹੈ। ਮਹੱਤਵਪੂਰਨ ਤੱਥ ਇਹ ਵੀ ਹੈ ਕਿ ਸਰਕਾਰੀ ਬੱਸ ਸੇਵਾ ਪ੍ਰਾਈਵੇਟ ਬੱਸ ਸੇਵਾ ਦੇ ਮੁਕਾਬਲੇ ਲੋਕਾਂ ਨੂੰ ਸਸਤੀ ਪੈਂਦੀ ਹੈ।

Check Also

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ

ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …