ਕੇਜਰੀਵਾਲ ਲੈ ਰਹੇ ਨੇ ਪੰਜਾਬ ਦੇ ਫੈਸਲੇ : ਨਵਜੋਤ ਸਿੱਧੂ
ਰਾਜਪੁਰਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਬਾਗੀ ਤੇਵਰ ਬਰਕਰਾਰ ਹਨ। ਸਿੱਧੂ ਅੱਜ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਖਿਲਾਫ ਰਾਜਪੁਰਾ ਥਰਮਲ ਪਲਾਂਟ ਅੱਗੇ ਹੋਏ ਧਰਨਾ ਪ੍ਰਦਰਸ਼ਨ ਵਿਚ ਸ਼ਾਮਲ ਹੋਏ। ਇਸ ਮੌਕੇ ਸਿੱਧੂ ਨੇ ਕਿਹਾ ਕਿ ਉਹ ਲੋਕਾਂ ਦੀ ਆਵਾਜ਼ ਚੁੱਕਣ ਲਈ ਲੜਾਈ ਲੜ ਰਹੇ ਹਨ। ਰੋਸ ਪ੍ਰਦਰਸ਼ਨ ਦੌਰਾਨ ਉਨ੍ਹਾਂ ਨੇ ਬਿਜਲੀ ਕੱਟਾਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਸਵਾਲ ਚੁੱਕੇ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਿਜਲੀ ਤਿੰਨ ਘੰਟੇ ਆਉਂਦੀ ਹੈ ਅਤੇ ਪੰਜਾਬ ਅੱਜ 2 ਰੁਪਏ ਦੀ ਬਿਜਲੀ 16-17 ਰੁਪਏ ਵਿਚ ਖਰੀਦ ਰਿਹਾ ਹੈ। ਸਿੱਧੂ ਨੇ ਕਿਹਾ ਕਿ ਡਿਮਾਂਡ ਤੋਂ ਘੱਟ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਝੋਨੇ ਦੇ ਸੀਜ਼ਨ ਸਮੇਂ 17 ਹਜ਼ਾਰ ਮੈਗਾਵਾਟ ਬਿਜਲੀ ਦੀ ਮੰਗ ਹੋਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ, ਸੁਰਜੀਤ ਧੀਮਾਨ, ਨਾਜ਼ਰ ਸਿੰਘ, ਨਵਤੇਜ਼ ਚੀਮਾ ਅਤੇ ਅਸ਼ਵਨੀ ਸੇਖੜੀ ਵੀ ਹਾਜ਼ਰ ਸਨ।
ਇਸ ਮੌਕੇ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਹੱਥਾਂ ਦੀ ਕਠਪੁਤਲੀ ਦੱਸਿਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਆਪਣੀ ਮਰਜ਼ੀ ਨਾਲ ਕੋਈ ਫ਼ੈਸਲਾ ਨਹੀਂ ਲੈ ਰਹੇ। ਕੇਜਰੀਵਾਲ ਵੱਲੋਂ ਜਾਰੀ ਫ਼ਰਮਾਨ ਹੀ ਪੰਜਾਬ ਵਿੱਚ ਲਾਗੂ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਥਰਮਲ ਪਲਾਂਟਾਂ ਵਿੱਚ ਕੋਲਾ ਲਗਪਗ ਖ਼ਤਮ ਹੋ ਚੁੱਕਾ ਹੈ। ਰਾਜਪੁਰਾ ਥਰਮਲ ਪਾਵਰ ਪਲਾਂਟ ਵਿਚ ਵੀ ਕੁਝ ਕੁ ਦਿਨਾਂ ਦਾ ਹੀ ਕੋਲਾ ਬਚਿਆ ਹੈ। ਹਾਲੇ ਕਿਸਾਨਾਂ ਨੇ ਝੋਨਾ ਬੀਜਣਾ ਹੈ। ਹੁਣ ਹੀ ਬਿਜਲੀ ਦੇ ਲੰਮੇ ਕੱਟ ਲੱਗਣੇ ਸ਼ੁਰੂ ਹੋ ਚੁੱਕੇ ਹਨ ਤਾਂ ਝੋਨੇ ਦੀ ਬਿਜਾਈ ਸਮੇਂ ਕੀ ਹਾਲ ਹੋਵੇਗਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲੇ ਮਹੀਨੇ ਵਿਚ ਹੀ ਫ਼ੇਲ੍ਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਮਜ਼ਬੂਤ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਂਦੇ ਹੋਏ ਲੋਕਾਂ ਦੇ ਮੁੱਦਿਆਂ ਦੀ ਲੜਾਈ ਲੜੇਗੀ।
ਬਿਜਲੀ ਸੰਕਟ ਕਾਂਗਰਸ ਅਤੇ ਅਕਾਲੀਆਂ ਦੀ ਹੀ ਦੇਣ: ‘ਆਪ’
ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸੀਆਂ ਨੂੰ ਨਕਾਰ ਕੇ ਘਰ ਬਿਠਾ ਦਿੱਤਾ ਹੈ ਤੇ ਹੁਣ ਉਨ੍ਹਾਂ ਨੂੰ ਪਤਾ ਨਹੀਂ ਲੱਗ ਰਿਹਾ ਕਿ ਉਹ ਕੀ ਕਰਨ। ਉਨ੍ਹਾਂ ਕਿਹਾ ਕਿ ਹੁਣ ਕਾਂਗਰਸੀ ਆਗੂ ਆਪਣੀ ਖੋਹੀ ਹੋਈ ਜ਼ਮੀਨ ਪ੍ਰਾਪਤ ਕਰਨ ਲਈ ਬੇਵਕਤੀ ਨਮਾਜ਼ ਪੜ੍ਹ ਰਹੇ ਹਨ, ਜਿਸ ਦਾ ਕੋਈ ਫ਼ਾਇਦਾ ਨਹੀਂ ਹੋਣ ਵਾਲਾ। ਉਨ੍ਹਾਂ ਕਿਹਾ ਕਿ ਬਿਜਲੀ ਸੰਕਟ, ਹਸਪਤਾਲਾਂ ਦੀ ਮਾੜੀ ਹਾਲਤ ਅਤੇ ਖ਼ਜ਼ਾਨਾ ਖ਼ਾਲੀ ਹੋਣਾ ਸਭ ਕਾਂਗਰਸੀਆਂ ਅਤੇ ਅਕਾਲੀਆਂ ਦੀ ਹੀ ਦੇਣ ਹਨ। ਇਹ ਧਰਨੇ ਮਗਰਮੱਛ ਵਾਲੇ ਹੰਝੂ ਹਨ। ਉਨ੍ਹਾਂ ਨਵਜੋਤ ਸਿੱਧੂ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਉਨ੍ਹਾਂ ਦੀ ਪੰਜਾਬ ਨੂੰ ਕੀ ਦੇਣ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਮੰਗ ਵਧੀ ਹੈ, ਜਿਸ ਕਾਰਨ ਇਹ ਸਥਿਤੀ ਆਈ ਹੈ ਅਤੇ ਸਰਕਾਰ ਜਲਦੀ ਹੀ ਇਹ ਸਮੱਸਿਆ ਹੱਲ ਕਰ ਲਵੇਗੀ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …