ਕਿਹਾ : ਪੰਜਾਬ ਵਿਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ
ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਵਿਚ ਅੱਜ ਦੋ ਧਿਰਾਂ ਦਰਮਿਆਨ ਹੋਈ ਜਬਰਦਸਤ ਝੜਪ ਤੋਂ ਬਾਅਦ ਵਿਰੋਧੀਆਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ। ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਅੰਦਰ ਪੂਰੀ ਤਰ੍ਹਾਂ ਨਾਲ ਅਰਾਜਕਤਾ ਦਾ ਮਾਹੌਲ ਹੈ ਅਤੇ ਪਟਿਆਲਾ ਦਾ ਸਥਿਤੀ ਸਭ ਨੂੰ ਹੈਰਾਨ ਕਰਨ ਵਾਲੀ ਹੈ। ਪੰਜਾਬ ’ਚ ਪਿਛਲੇ ਇਕ ਮਹੀਨੇ ਤੋਂ ਕਾਨੂੰਨ ਵਿਸਵਥਾ ਨਾਂ ਦੀ ਕੋਈ ਚੀਜ਼ ਨਜ਼ਰ ਨਹੀਂ ਆ ਰਹੀ । ਉਨ੍ਹਾਂ ਕਿਹਾ ਪਟਿਆਲਾ ਵਿਖੇ ਵਾਪਰੀ ਘਟਨਾ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਡੀਜੀਪੀ ਨੂੰ ਨਾਲ ਲੈ ਕੇ ਤੁਰੰਤ ਪਟਿਆਲਾ ਪਹੁੰਚਣਾ ਚਾਹੀਦਾ ਸੀ। ਉਧਰ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ’ਚ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਟਿਆਲਾ ’ਚ ਦੋ ਧਿਰਾਂ ਦਰਮਿਆਨ ਹੋਈ ਝੜਪ ਤੋਂ ਬਾਅਦ ਪੈਦਾ ਹੋਈ ਸਥਿਤੀ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕ ਸ਼ਾਂਤੀ ਪਸੰਦ ਹਨ ਅਤੇ ਜਲਦੀ ਹੀ ਸਭ ਕੁਝ ਠੀਕ ਹੋ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਪੰਜਾਬ ਸਰਕਾਰ ਉਚਿਤ ਕਦਮ ਚੁੱਕੇਗੀ।