ਭਗਵੰਤ ਮਾਨ ਸਰਕਾਰ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ
ਕਿਹਾ : ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸੂਬੇ ’ਚ ਵਧੀ ਹਿੰਸਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਚੰਡੀਗੜ੍ਹ ਵਿਚ ਮੁਲਾਕਾਤ ਕੀਤੀ। ਇਸ ਮੌਕੇ ਸੁਖਬੀਰ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰਾਜਪਾਲ ਨੂੰ ਇਕ ਮੰਗ ਪੱਤਰ ਵੀ ਸੌਂਪਿਆ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਨੇ ਕਿਹਾ ਕਿ ਜਦੋਂ ਤੋਂ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ, ਉਦੋਂ ਤੋਂ ਸੂਬੇ ਵਿਚ ਫਿਰਕੂ ਹਿੰਸਾ ਵਧੀ ਹੈ ਅਤੇ ਉਨ੍ਹਾਂ ਪਟਿਆਲਾ ਹਿੰਸਾ ਮਾਮਲੇ ਵਿਚ ਸੀਬੀਆਈ ਜਾਂਚ ਦੀ ਵੀ ਮੰਗ ਕੀਤੀ ਹੈ। ਸੁਖਬੀਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਸਗੋਂ ਅਰਵਿੰਦ ਕੇਜਰੀਵਾਲ ਹਨ, ਜੋ ਪੰਜਾਬ ਦੇ ਸਾਰੇ ਫੈਸਲੇ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਤੰਤਰ ਦੀ ਕਾਰਜ ਪ੍ਰਣਾਲੀ ਦੀ ਉਲੰਘਣਾ ਕਰਕੇ ਦਿੱਲੀ ਸਰਕਾਰ ਨਾਲ ਸਮਝੌਤੇ ਕਰ ਰਹੀ ਹੈ। ਸੁਖਬੀਰ ਬਾਦਲ ਨੇ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਸੌਂਪ ਕੇ ਇਨ੍ਹਾਂ ਮਾਮਲਿਆਂ ਬਾਰੇ ਛੇਤੀ ਲੋਕ ਹਿੱਤ ਵਿਚ ਫੈਸਲਾ ਲੈਣ ਦੀ ਅਪੀਲ ਕੀਤੀ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਵੀ ਬਰਖਾਸਤ ਕਰਨ ਦੀ ਮੰਗ ਕੀਤੀ ਹੈ।