Breaking News
Home / ਭਾਰਤ / ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਜੀਵ ਅਰੋੜਾ ਨੇ ਰਾਜ ਸਭਾ ਮੈਂਬਰਾਂ ਵਜੋਂ ਸਹੁੰ ਚੁੱਕੀ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਜੀਵ ਅਰੋੜਾ ਨੇ ਰਾਜ ਸਭਾ ਮੈਂਬਰਾਂ ਵਜੋਂ ਸਹੁੰ ਚੁੱਕੀ

ਪੰਜਾਬ ਅਤੇ ਦੇਸ਼ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਾਂਗੇ : ਰਾਘਵ ਚੱਢਾ
ਨਵੀਂ ਦਿੱਲੀ/ਬਿਊਰੋ ਨਿਊਜ਼ : ‘ਆਪ’ ਦੇ ਸੀਨੀਅਰ ਆਗੂ ਰਾਘਵ ਚੱਢਾ, ਅਕਾਦਮਿਕ ਸੁਧਾਰਕ ਅਸ਼ੋਕ ਮਿੱਤਲ ਤੇ ਕਾਰੋਬਾਰੀ ਸੰਜੀਵ ਅਰੋੜਾ ਨੇ ਸੋਮਵਾਰ ਨੂੰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਨੂੰ ਨਵੀਂ ਦਿੱਲੀ ਵਿਖੇ ਰਾਜ ਸਭਾ ਵਿੱਚ ਕਰਵਾਏ ਇੱਕ ਪ੍ਰੋਗਰਾਮ ਵਿੱਚ ਰਸਮੀ ਤੌਰ ‘ਤੇ ਸਹੁੰ ਚੁਕਾਈ ਗਈ। ਪੰਜਾਬ ਵਿੱਚ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ, ਅਕਾਦਮੀ ਸੁਧਾਰਕ ਅਸ਼ੋਕ ਮਿੱਤਲ, ਕਾਰੋਬਾਰੀ ਸੰਜੀਵ ਅਰੋੜਾ, ਹਰਭਜਨ ਸਿੰਘ ਤੇ ਸੰਦੀਪ ਪਾਠਕ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਹਨ। ਇਨ੍ਹਾਂ ਵਿੱਚੋਂ ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਨੇ ਅੱਜ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ, ‘ਮੈਂ ਪੰਜਾਬ ਅਤੇ ਦੇਸ਼ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਾਂਗਾ।’ ਰਾਘਵ ਚੱਢਾ ਦਿੱਲੀ ਵਿੱਚ ਆਪਣੀ ਪਛਾਣ ਬਣਾਉਣ ਤੋਂ ਬਾਅਦ ਪੰਜਾਬ ਵਿੱਚ ਪਾਰਟੀ ਕਾਰਜਾਂ ਦੀ ਅਗਵਾਈ ਕਰ ਰਹੇ ਹਨ। ਉਨ੍ਹਾਂ ਕਈ ਰਾਜਾਂ, ਖ਼ਾਸ ਕਰਕੇ ਨਵੀਂ ਦਿੱਲੀ ਅਤੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਤੇ ਮੁਹਿੰਮਾਂ ਚਲਾਉਣ ਤੇ ਲਾਗੂ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦਿੱਲੀ ਯੂਨੀਵਰਸਿਟੀ ਤੋਂ ਕਾਮਰਸ (ਬੀ.ਕਾਮ) ਵਿੱਚ ਗ੍ਰੈਜੂਏਸ਼ਨ ਕੀਤੀ ਅਤੇ ਫਿਰ ਆਪਣੀ ਪਹਿਲੀ ਕੋਸ਼ਿਸ਼ ਵਿੱਚ ਚਾਰਟਰਡ ਅਕਾਊਂਟੈਂਸੀ ਪਾਸ ਕੀਤੀ।
ਅਸ਼ੋਕ ਮਿੱਤਲ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਚਾਂਸਲਰ ਹਨ। ਉਨ੍ਹਾਂ ਇੱਕ ਹੁਨਰਮੰਦ ਆਟੋਮੋਟਿਵ ਉਦਯੋਗਪਤੀ ਬਣਨ ਲਈ ਆਪਣੇ ਤਰੀਕੇ ਨਾਲ ਕੰਮ ਕੀਤਾ। ਸਮਾਜ ਅਤੇ ਪੰਜਾਬ ਦੀ ਸੇਵਾ ਕਰਨ ਲਈ, ਉਨ੍ਹਾਂ ਲਵਲੀ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜੋ ਅੱਜ ਭਾਰਤ ਦੀਆਂ ਸਭ ਤੋਂ ਵੱਡੀਆਂ ਯੂਨੀਵਰਸਿਟੀਆਂ ਵਿੱਚੋਂ ਇੱਕ ਹੈ। ਲੁਧਿਆਣਾ ਸਥਿਤ ਟੈਕਸਟਾਈਲ, ਸਟੀਲ ਅਤੇ ਰੀਅਲ ਅਸਟੇਟ ਕਾਰੋਬਾਰੀ ਸੰਜੀਵ ਅਰੋੜਾ ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਚੈਰੀਟੇਬਲ ਟਰੱਸਟ ਚਲਾਉਂਦੇ ਹਨ। ਉਨ੍ਹਾਂ ਇਸ ਟਰੱਸਟ ਦੀ ਸਥਾਪਨਾ ਆਪਣੇ ਮਾਤਾ-ਪਿਤਾ ਦੀ ਕੈਂਸਰ ਕਾਰਨ ਹੋਈ ਮੌਤ ਤੋਂ ਬਾਅਦ ਕੀਤੀ ਸੀ। ਇਹ ਟਰੱਸਟ ਪਿਛਲੇ 15 ਸਾਲਾਂ ਤੋਂ ਪੰਜਾਬ ਦੇ ਲੋਕਾਂ ਦੀ ਸੇਵਾ ਕਰ ਰਿਹਾ ਹੈ ਅਤੇ 160 ਤੋਂ ਵੱਧ ਕੈਂਸਰ ਦੇ ਮਰੀਜ਼ਾਂ ਦਾ ਮੁਫ਼ਤ ਇਲਾਜ ਕਰ ਚੁੱਕਾ ਹੈ। ਸੰਜੀਵ ਅਰੋੜਾ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ, ਲੁਧਿਆਣਾ ਦੇ ਗਵਰਨਿੰਗ ਬੋਰਡ ਵਿੱਚ ਵੀ ਹਨ।

Check Also

ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ

ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …