9.4 C
Toronto
Friday, November 7, 2025
spot_img
Homeਪੰਜਾਬਅਮਰੀਕਾ ਵਾਸੀ ਥਮਿੰਦਰ ਸਿੰਘ ਤਨਖਾਹੀਆ ਕਰਾਰ

ਅਮਰੀਕਾ ਵਾਸੀ ਥਮਿੰਦਰ ਸਿੰਘ ਤਨਖਾਹੀਆ ਕਰਾਰ

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਹੋਇਆ ਫੈਸਲਾ
ਸ੍ਰੀ ਅਕਾਲ ਤਖਤ ਸਾਹਿਬ ‘ਤੇਪੇਸ਼ ਹੋ ਕੇ ਰਿਕਾਰਡ ਜਮ੍ਹਾਂ ਕਰਵਾਉਣ ਦੇ ਆਦੇਸ਼
ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰਬਾਣੀ ਨਾਲ ਛੇੜਛਾੜ ਕਰਨ ਦੇ ਮਾਮਲੇ ਵਿੱਚ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਪੰਜ ਸਿੰਘ ਸਾਹਿਬਾਨ ਨੇ ਅਮਰੀਕਾ ਵਾਸੀ ਥਮਿੰਦਰ ਸਿੰਘ ਨੂੰ ਤਨਖਾਹੀਆ ਐਲਾਨ ਦਿੱਤਾ ਹੈ। ਇੱਕ ਹੋਰ ਵਿਅਕਤੀ ਉਂਕਾਰ ਸਿੰਘ ਨੂੰ ਵੀ ਅਜਿਹੇ ਇੱਕ ਹੋਰ ਮਾਮਲੇ ਵਿੱਚ ਗੁਰੂ ਪੰਥ ਕੋਲੋਂ ਭੁੱਲ ਬਖਸ਼ਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਇੰਟਰਨੈੱਟ ‘ਤੇ ਚੱਲ ਰਹੀਆਂ ਗੁਰਬਾਣੀ ਸਬੰਧੀ 21 ਐਪਸ ਵਿੱਚ ਤਰੁੱਟੀਆਂ ਕਾਰਨ ਸ਼੍ਰੋਮਣੀ ਕਮੇਟੀ ਨੂੰ ਇਨ੍ਹਾਂ ਵਿੱਚ ਸੁਧਾਈ ਕਰਾਉਣ ਦੇ ਆਦੇਸ਼ ਦਿੱਤੇ ਗਏ ਹਨ। ਜੇਕਰ ਕੋਈ ਅਜਿਹਾ ਨਹੀਂ ਕਰਦਾ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਐਪਜ਼ ਨੂੰ ਬੰਦ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਬਾਣੀ ਸਬੰਧੀ ਇੰਟਰਨੈੱਟ ‘ਤੇ ਕਈ ਐਪਜ਼ ਚੱਲ ਰਹੀਆਂ ਹਨ ਪਰ ਅਕਾਲ ਤਖਤ ਸਾਹਿਬ ਵੱਲੋਂ 21 ਐਪਜ਼ ਦੀ ਜਾਂਚ ਕਰਵਾਈ ਗਈ ਹੈ ਜਿਸ ਵਿੱਚ ਸਿਰਫ਼ ਨਿਤਨੇਮ ਦੀਆਂ ਬਾਣੀਆਂ ਵਿੱਚ ਤਰੁੱਟੀਆਂ ਸਾਹਮਣੇ ਆਈਆਂ ਹਨ ਜਿਨ੍ਹਾਂ ਨੂੰ ਠੀਕ ਕਰਨਾ ਜ਼ਰੂਰੀ ਹੈ।
ਇਹ ਹੁਕਮਨਾਮਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੁਣਾਇਆ ਗਿਆ। ਉਨ੍ਹਾਂ ਜਾਰੀ ਹੁਕਮਨਾਮੇ ਵਿੱਚ ਆਖਿਆ ਕਿ ਅਮਰੀਕਾ ਵਾਸੀ ਥਮਿੰਦਰ ਸਿੰਘ ਨੇ ਮਰਜ਼ੀ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਤਬਦੀਲੀਆਂ ਕੀਤੀਆਂ ਹਨ, ਜਿਸ ਕਾਰਨ ਪੰਜ ਸਿੰਘ ਸਾਹਿਬਾਨ ਵੱਲੋਂ ਉਸ ‘ਤੇ ਆਨਲਾਈਨ ਅਤੇ ਆਫਲਾਈਨ ਅਣ-ਅਧਿਕਾਰਤ ਛਪਾਈ ‘ਤੇ ਰੋਕ ਲਾਈ ਗਈ ਹੈ। ਉਸ ਨੂੰ ਗੁਰਬਾਣੀ ਨਾਲ ਛੇੜਛਾੜ ਦੇ ਆਰੋਪ ਹੇਠ ਦੋਸ਼ੀ ਮੰਨਦਿਆਂ ਤਨਖ਼ਾਹੀਆ ਐਲਾਨਿਆ ਗਿਆ ਹੈ ਤੇ ਇੱਕ ਮਹੀਨੇ ਵਿੱਚ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਅਤੇ ਸਾਰਾ ਰਿਕਾਰਡ ਇੱਥੇ ਲਿਆਉਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੌਰਾਨ ਜਦੋਂ ਤੱਕ ਉਹ ਇੱਥੇ ਪੇਸ਼ ਨਹੀਂ ਹੁੰਦਾ, ਸਿੱਖ ਸੰਗਤ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਉਸ ਨਾਲ ਕੋਈ ਵੀ ਤਾਲਮੇਲ ਨਾ ਰੱਖਣ ਅਤੇ ਨਾ ਹੀ ਉਸ ਨਾਲ ਕੋਈ ਸਾਂਝ ਰੱਖੀ ਜਾਵੇ।
ਇਸੇ ਹੁਕਮਨਾਮੇ ਤਹਿਤ ਉਂਕਾਰ ਸਿੰਘ ਨੂੰ ਗੁਰਬਾਣੀ ਸੇਧਾਂ ਦੇ ਨਾਂ ਹੇਠ ਕੀਤੇ ਕਾਰਜ ਤੁਰੰਤ ਬੰਦ ਕਰਨ ਅਤੇ ਆਪਣਾ ਸਾਰਾ ਰਿਕਾਰਡ ਲੈ ਕੇ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਜਮ੍ਹਾਂ ਕਰਾਉਣ ਦੇ ਆਦੇਸ਼ ਦਿੱਤੇ ਗਏ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਹੱਥੀਂ ਲਿਖਣ ਦੀ ਸੇਵਾ ਕਰਨ ਬਾਰੇ ਪੁੱਜੀ ਮੰਗ ‘ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਦਵਾਨਾਂ ਦੀ ਕਮੇਟੀ ਵੱਲੋਂ ਕੀਤੀ ਸਿਫ਼ਾਰਸ਼ ‘ਤੇ ਫ਼ੈਸਲਾ ਲਿਆ ਗਿਆ ਹੈ ਕਿ ਜੇ ਕੋਈ ਪਾਵਨ ਸਰੂਪ ਹੱਥੀਂ ਲਿਖਣ ਦੀ ਸੇਵਾ ਕਰਨਾ ਚਾਹੁੰਦਾ ਹੈ ਤਾਂ ਉਹ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਕੋਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਵਾਨਿਤ ਨਿਯਮਾਵਲੀ ਦੀਆਂ ਸ਼ਰਤਾਂ ਪੂਰੀਆਂ ਕਰਕੇ ਪ੍ਰਵਾਨਗੀ ਪ੍ਰਾਪਤ ਕਰੇ ਅਤੇ ਇਸ ਤੋਂ ਬਾਅਦ ਸੇਵਾ ਸ਼ੁਰੂ ਕਰੇ। ਉਨ੍ਹਾਂ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਅਤੇ ਸਮੂਹ ਸਿੱਖ ਜਥੇਬੰਦੀਆਂ, ਸੰਸਥਾਵਾਂ ਤੇ ਸੰਪਰਦਾਵਾਂ ਨੂੰ ਆਦੇਸ਼ ਦਿੱਤਾ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਇੱਕਜੁੱਟ ਹੋ ਕੇ ਸਮੂਹਿਕ ਯਤਨ ਕੀਤੇ ਜਾਣ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਥਮਿੰਦਰ ਸਿੰਘ ਵੱਲੋਂ ਪ੍ਰਕਾਸ਼ਿਤ ਕੀਤੇ ਸਰੂਪ ਵਿੱਚ ਸਿਰਫ਼ 1429 ਅੰਗ ਹਨ ਅਤੇ ਇਸਨੂੰ ਰਾਗ ਮਾਲਾ ਤੋਂ ਬਿਨਾਂ ਹੀ ਮੁਕੰਮਲ ਕੀਤਾ ਗਿਆ ਹੈ। ਮੀਟਿੰਗ ਦੌਰਾਨ ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਵਿੱਚ ਗੁਰਬਾਣੀ ਦਾ ਕੀਰਤਨ ਸਿਰਫ਼ ਤੰਤੀ ਸਾਜ਼ਾਂ ਨਾਲ ਅਤੇ ਰਾਗਾਂ ‘ਤੇ ਆਧਾਰਤ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪਾਵਨ ਸਰੂਪ ਛਾਪਣ ਦੇ ਮਾਮਲੇ ਵਿੱਚ ਇੱਕਸਾਰਤਾ ਲਿਆਉਣ ਲਈ ਸਮੂਹ ਜਥੇਬੰਦੀਆਂ ਦੇ ਸਹਿਯੋਗ ਨਾਲ ਯਤਨ ਕੀਤੇ ਜਾਣਗੇ।

 

RELATED ARTICLES
POPULAR POSTS