Breaking News
Home / ਪੰਜਾਬ / ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵੜਿੰਗ ਵੀ ਹੋਏ ਸਰਗਰਮ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵੜਿੰਗ ਵੀ ਹੋਏ ਸਰਗਰਮ

ਕਿਹਾ : ਸਰਕਾਰ ਚਲਾਉਣ ਦੇ ਸਮਰੱਥ ਨਹੀਂ ਆਮ ਆਦਮੀ ਪਾਰਟੀ
ਪਟਿਆਲਾ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਨੂੰ ਮਿਲੀ ਹਾਰ ਤੋਂ ਬਾਅਦ ਪੰਜਾਬ ਕਾਂਗਰਸ ਦੇ ਸੂਬਾਈ ਪ੍ਰਧਾਨ ਰਾਜਾ ਵੜਿੰਗ ਵੱਲੋਂ ਪਾਰਟੀ ‘ਚ ਨਵੀਂ ਰੂਹ ਫੂਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਕੜੀ ਵਜੋਂ ਉਹ ਪਟਿਆਲਾ ਪੁੱਜੇ ਤੇ ਕਾਂਗਰਸੀ ਆਗੂਆਂ ਨੂੰ ਮਿਲੇ।
ਇੱਥੇ ਸਰਕਟ ਹਾਊਸ ਪੁੱਜੇ ਵੜਿੰਗ ਨਾਲ ਸਾਬਕਾ ਮੰਤਰੀ ਭਾਰਤ ਭੂਸ਼ਣ ਵੀ ਹਾਜ਼ਰ ਸਨ। ਉਨ੍ਹਾਂ ਨਾਲ ਸਾਬਕਾ ਮੰਤਰੀ ਲਾਲ ਸਿੰਘ, ਬ੍ਰਹਮ ਮਹਿੰਦਰਾ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਰਾਜਿੰਦਰ ਸਿੰਘ, ਹਲਕਾ ਇੰਚਾਰਜ ਹੈਰੀਮਾਨ, ਵਿਸ਼ਨੂੰ ਸ਼ਰਮਾ ਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਊਟਸਰ ਵੀ ਮੌਜੂਦ ਸਨ। ਇਸ ਮਗਰੋਂ ਉਨ੍ਹਾਂ ਪਿਛਲੇ ਦਿਨੀਂ ਪਟਿਆਲਾ ਵਿਖੇ ਵਾਪਰੀ ਹਿੰਸਕ ਘਟਨਾ ਦੇ ਮੱਦੇਨਜ਼ਰ ਕਾਲੀ ਮਾਤਾ ਮੰਦਰ ਅਤੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਰਾਜਾ ਵੜਿੰਗ ਨੇ ਜਿੱਥੇ ਘਟਨਾ ‘ਤੇ ਚਿੰਤਾ ਜ਼ਾਹਰ ਕੀਤੀ, ਉੱਥੇ ਹੀ ਇਸ ਨੂੰ ਸਰਕਾਰ ਦੀ ‘ਨਾਕਾਮੀ’ ਵੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਚਲਾਉਣ ਦੇ ਸਮਰੱਥ ਨਹੀਂ ਹੈ ਕਿਉਂਕਿ ਇਸ ਘਟਨਾ ਨੂੰ ਟਾਲਿਆ ਜਾ ਸਕਦਾ ਸੀ, ਪਰ ਸਰਕਾਰੀ ਤੰਤਰ ਫੇਲ੍ਹ ਸਾਬਤ ਹੋਇਆ ਹੈ। ਅਧਿਕਾਰੀਆਂ ਦੀਆਂ ਬਦਲੀਆਂ ਵੀ ਇਸੇ ਗੱਲ ਦੀ ਗਵਾਹੀ ਭਰਦੀਆਂ ਹਨ। ਇਸ ਮਗਰੋਂ ਰਾਜਾ ਵੜਿੰਗ ਪਿੰਡ ਜਲਾਲਪੁਰ ਵਿੱਚ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਘਰ ਵੀ ਪੁੱਜੇ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਇਹ ‘ਆਪ’ ਅਜਿਹੀ ਸਰਕਾਰ ਹੈ, ਜਿਸ ਤੋਂ ਲੋਕਾਂ ਦਾ ਕੁਝ ਹਫ਼ਤਿਆਂ ‘ਚ ਹੀ ਮਨ ਅੱਕ ਗਿਆ ਹੈ। ਉਨ੍ਹਾਂ ਨੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ‘ਆਪ’ ਸਰਕਾਰ ਦਾ ਮੁਕਾਬਲਾ ਕਰਨ ਲਈ ਤਿਆਰ ਰਹਿਣ।

ਪੰਜਾਬ ਕਾਂਗਰਸ ਦਾ ਵਫਦ ਰਾਜਪਾਲ ਨੂੰ ਮਿਲਿਆ
ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ 26 ਅਪਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਚਕਾਰ ਹੋਏ ‘ਗਿਆਨ ਵੰਡ’ ਸਮਝੌਤੇ ਦਾ ਵਿਰੋਧ ਕੀਤਾ ਹੈ। ਕਾਂਗਰਸੀਆਂ ਨੇ ਸਮਝੌਤੇ ਨੂੰ ਗ਼ਲਤ ਅਤੇ ਸੰਵਿਧਾਨ ਦੇ ਉਲਟ ਦੱਸਿਆ ਹੈ। ਇਸ ਸਮਝੌਤੇ ਦੇ ਵਿਰੋਧ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀਆਂ ਦਾ ਵਫ਼ਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਿਆ। ਉਨ੍ਹਾਂ ਨੂੰ ਮੰਗ ਪੱਤਰ ਦਿੰਦੇ ਹੋਏ ਸਮਝੌਤਾ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੂਬਾਈ ਕਾਂਗਰਸ ਦੇ ਮੀਤ ਪ੍ਰਧਾਨ ਸੁੰਦਰ ਸ਼ਾਮ ਅਰੋੜਾ, ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਅਤੇ ਵਿਧਾਇਕ ਦਲ ਦੇ ਉਪ ਨੇਤਾ ਰਾਜ ਕੁਮਾਰ ਚੱਬੇਵਾਲ ਵੀ ਹਾਜ਼ਰ ਸਨ।

 

Check Also

ਪੰਜਾਬ, ਚੰਡੀਗੜ੍ਹ ਤੇ ਹਿਮਾਚਲ ’ਚ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਮੁਕੰਮਲ

ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੌਰਾਨ 1 ਜੂਨ ਨੂੰ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ …