ਅਟਾਰੀ : ਈਦ-ਉਲ-ਫਿਤਰ ਮੌਕੇ ਮੰਗਲਵਾਰ ਨੂੰ ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ-ਵਾਹਗਾ ਸਰਹੱਦ ‘ਤੇ ਦੋਵਾਂ ਮੁਲਕਾਂ ਦੇ ਸਰਹੱਦੀ ਸੁਰੱਖਿਆ ਦਲਾਂ-ਸੀਮਾ ਸੁਰੱਖਿਆ ਬਲ ਅਤੇ ਪਾਕਿਸਤਾਨੀ ਰੇਂਜਰਜ਼ ਦੇ ਅਧਿਕਾਰੀਆਂ ਵਿਚਕਾਰ ਮਠਿਆਈ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਅਟਾਰੀ-ਵਾਹਗਾ ਸਰਹੱਦ ‘ਤੇ ਸੀਮਾ ਸੁਰੱਖਿਆ ਬਲ ਦੀ 144 ਬਟਾਲੀਅਨ ਦੇ ਕਮਾਡੈਂਟ ਜਸਬੀਰ ਸਿੰਘ ਨੇ ਪਾਕਿਸਤਾਨ ਰੇਂਜਰਜ਼ ਦੇ ਵਿੰਗ ਕਮਾਂਡਰ ਮੁਹੰਮਦ ਆਮਿਰ ਨੂੰ ਮਠਿਆਈ ਭੇਟ ਕੀਤੀ ਅਤੇ ਉਨ੍ਹਾਂ ਨੂੰ ਈਦ ਦੀ ਮੁਬਾਰਕਬਾਦ ਦਿੱਤੀ। ਇਸੇ ਤਰ੍ਹਾਂ ਪਾਕਿਸਤਾਨ ਰੇਂਜਰਜ਼ ਦੇ ਵਿੰਗ ਕਮਾਂਡਰ ਮੁਹੰਮਦ ਆਮਿਰ ਨੇ ਸੀਮਾ ਸੁਰੱਖਿਆ ਬਲ ਦੇ ਕਮਾਡੈਂਟ ਜਸਬੀਰ ਸਿੰਘ ਨੂੰ ਮਠਿਆਈ ਦੇ ਡੱਬੇ ਭੇਟ ਕੀਤੇ ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਸੀਮਾ ਸੁਰੱਖਿਆ ਬਲ ਦੇ ਕਮਾਡੈਂਟ ਜਸਬੀਰ ਸਿੰਘ ਨੇ ਕਿਹਾ ਕਿ ਈਦ ਮੁਬਾਰਕ ਮੌਕੇ ਸੀਮਾ ਸੁਰੱਖਿਆ ਬਲ ਵੱਲੋਂ ਅਟਾਰੀ-ਵਾਹਗਾ ਸਰਹੱਦ ‘ਤੇ ਪਾਕਿਸਤਾਨ ਰੇਂਜਰਜ਼ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ ਹਨ। ਇਹ ਰਵਾਇਤ ਦੋਵਾਂ ਮੁਲਕਾਂ ਵਿਚਕਾਰ ਸਰਹੱਦ ਦੀ ਖੁਸ਼ਹਾਲੀ ਅਤੇ ਸ਼ਾਂਤੀ ਲਈ ਸਹਾਇਕ ਸਿੱਧ ਹੋਵੇਗੀ। ਇਸੇ ਤਰ੍ਹਾਂ ਫ਼ਾਜ਼ਿਲਕਾ ਸੈਕਟਰ ਦੀ ਸਾਦਕੀ ਚੌਕੀ ‘ਤੇ ਵੀ ਬੀਐੱਸਐੱਫ ਦੇ ਅਧਿਕਾਰੀਆਂ ਵਲੋਂ ਪਾਕਿਸਤਾਨ ਦੇ ਅਧਿਕਾਰੀਆਂ ਨੂੰ ਮਿਠਾਈਆਂ ਦਿੱਤੀਆਂ ਗਈਆਂ ਅਤੇ ਈਦ ਦੀਆਂ ਵਧਾਈਆਂ ਦਿੱਤੀਆਂ।