ਕਿਹਾ : ਦੇਸ਼ ਨੂੰ ਮਜ਼ਬੂਤ ਅਤੇ ਸਥਿਰ ਸਰਕਾਰ ਦੀ ਲੋੜ
ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਸੂਬੇ ਦੀਆਂ ਆਗਾਮੀ ਨਗਰ ਨਿਗਮ ਚੋਣਾਂ ਭਾਜਪਾ ਅਤੇ ਪੀਐੱਲਸੀ ਗੱਠਜੋੜ ਤਹਿਤ ਹੀ ਲੜੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ 2024 ‘ਚ ਹੋਣ ਵਾਲੀਆਂ ਸੰਸਦ ਦੀਆਂ ਚੋਣਾਂ ਦੇਸ਼ ਲਈ ਅਹਿਮ ਹਨ ਕਿਉਂਕਿ ਮੁਲਕ ਨੂੰ ਅਜੇ ਵੀ ਸਥਿਰ ਅਤੇ ਮਜ਼ਬੂਤ ਸਰਕਾਰ ਦੀ ਲੋੜ ਹੈ। ਕੈਪਟਨ ਅਮਰਿੰਦਰ ਵਿਧਾਨ ਸਭਾ ਚੋਣਾਂ ਲੜਨ ਵਾਲੇ ਪੀਐੱਲਸੀ ਉਮੀਦਵਾਰਾਂ ਦੀ ਮੀਟਿੰਗ ਨੂੰ ਚੰਡੀਗੜ੍ਹ ‘ਚ ਸੰਬੋਧਨ ਕਰ ਰਹੇ ਸਨ। ਮੀਟਿੰਗ ਵਿੱਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਵੀ ਸ਼ਿਰਕਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੀਐੱਲਸੀ ਅਤੇ ਭਾਜਪਾ ਚਾਰ ਨਗਰ ਨਿਗਮਾਂ- ਲੁਧਿਆਣਾ, ਪਟਿਆਲਾ, ਅੰਮ੍ਰਿਤਸਰ ਅਤੇ ਜਲੰਧਰ ਲਈ ਹੋਣ ਵਾਲੀਆਂ ਚੋਣਾਂ ਸਾਂਝੇ ਤੌਰ ‘ਤੇ ਲੜਨਗੀਆਂ। ਮੀਟਿੰਗ ਵਿੱਚ ਸੂਬੇ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਉਮੀਦਵਾਰਾਂ ਦੀ ਕਾਰਗੁਜ਼ਾਰੀ ‘ਤੇ ਵੀ ਚਰਚਾ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਸਨ, ਪਰ ਨਿਰਾਸ਼ਾਜਨਕ ਕਾਰਗੁਜ਼ਾਰੀ ਕਾਰਨ ‘ਆਪ’ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖ਼ਰੀ ਨਹੀਂ ਉਤਰ ਰਹੀ ਜਿਸ ਕਰਕੇ ਲੋਕ ਮਾਯੂਸ ਹਨ। ਉਨ੍ਹਾਂ ਭਵਿੱਖਬਾਣੀ ਕੀਤੀ ਕਿ ਪੰਜਾਬ ਵਿੱਚ 2024 ਦੀਆਂ ਚੋਣਾਂ ਮੁੱਖ ਤੌਰ ਤੇ ਭਾਜਪਾ-ਪੀਐੱਲਸੀ ਗੱਠਜੋੜ ਅਤੇ ‘ਆਪ’ ਦੇ ਵਿੱਚ ਹੀ ਹੋਣਗੀਆਂ, ਜਦਕਿ ਕਾਂਗਰਸ ਅਤੇ ਅਕਾਲੀ ਹਾਸ਼ੀਏ ‘ਤੇ ਸਿਮਟ ਕੇ ਰਹਿਣਗੀਆਂ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …