ਸੁਖਬੀਰ ਬਾਦਲ, ਸਿਮਰਨਜੀਤ ਸਿੰਘ ਮਾਨ ਸਣੇ ਕਈ ਪੰਥਕ ਆਗੂਆਂ ਨੇ ਕੀਤੀ ਸ਼ਮੂਲੀਅਤ
ਅੰਮਿ੍ਰਤਸਰ/ਬਿਊਰੋ ਨਿਊਜ਼
ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਕ ਪੰਥਕ ਇਕੱਠ ਕੀਤਾ ਗਿਆ। ਇਸ ਇਕੱਠ ਵਿਚ ਸਮੁੱਚੇ ਦੇਸ਼ ਦੇ ਪੰਥਕ ਨੁਮਾਇੰਦਿਆਂ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ, ਪਰਮਜੀਤ ਸਿੰਘ ਸਰਨਾ ਅਤੇ ਹਰਨਾਮ ਸਿੰਘ ਧੁੰਮਾ ਸਮੇਤ ਵੱਡੀ ਗਿਣਤੀ ਵਿਚ ਪੰਥਕ ਆਗੂ ਹਾਜ਼ਰ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੱਜ ਦੀ ਮੀਟਿੰਗ ਵਿਚ ਤਿੰਨ ਮਤੇ ਪੇਸ਼ ਕੀਤੇ ਗਏ। ਜਿਨ੍ਹਾਂ ਵਿਚ ਸਭ ਤੋਂ ਪਹਿਲਾ ਮਤਾ ਇਹ ਸੀ ਸਾਰੀਆਂ ਸਿੱਖ ਜਥੇਬੰਦੀਆਂ ਸ਼ੋ੍ਰਮਣੀ ਕਮੇਟੀ ਦੀ ਅਗਵਾਈ ਹੇਠ ਬੰਦੀ ਸਿੰਘਾਂ ਦੀ ਰਿਹਾਈ ਲਈ ਵਫ਼ਦਾਂ ਦੇ ਰੂਪ ਵਿਚ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਰਾਜਪਾਲ ਨੂੰ ਮਿਲਣਗੇ। ਦੂਜਾ ਮਤਾ ਇਹ ਪੇਸ਼ ਕੀਤਾ ਗਿਆ ਕਿ ਸੂਬੇ ਦੇ ਸਮੂਹ ਐਮਪੀ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਗੇ ਆਉਣ। ਤੀਜੇ ਮਤੇ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਪ੍ਰਧਾਨ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰਦੀ ਤਾਂ ਫਿਰ ਪੰਥਕ ਇਕੱਠ ਕਰਕੇ ਅਗਲੇ ਸੰਘਰਸ਼ ਦੀ ਯੋਜਨਾ ਉਲੀਕੀ ਜਾਵੇਗੀ।