ਗਨਮੈਨ ਘਟਾਉਣ ਦੇ ‘ਪ੍ਰਚਾਰ’ ਉਤੇ ਘਿਰੀ ਮਾਨ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਕਈ ਵੱਡੇ ਸਿਆਸੀ ਆਗੂਆਂ ਦੀ ਵੀਆਈਪੀ ਸਕਿਉਰਿਟੀ ਵਿਚ ਵੱਡੀ ਕਟੌਤੀ ਕਰ ਦਿੱਤੀ ਹੈ। ਜਿਸ ਤੋਂ ਬਾਅਲ ਹੁਣ ਸਿਆਸੀ ਕਲੇਸ਼ ਸ਼ੁਰੂ ਹੋ ਗਿਆ ਹੈ। ਇਸਦਾ ਕਾਰਨ ਸਕਿਉਰਿਟੀ ਵਿਚ ਕਟੌਤੀ ਨਹੀਂ, ਬਲਕਿ ਇਸਦਾ ਪ੍ਰਚਾਰ ਕਰਨਾ ਹੈ। ਸ਼ੋ੍ਰਮਣੀ ਅਕਾਲੀ ਦਲ (ਬਾਦਲ) ਨੇ ਇਸ ਤਰ੍ਹਾਂ ਦੇ ਪ੍ਰਚਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਸੁਰੱਖਿਆ ਦੇ ਮਸਲੇ ਨਾਜੁਕ ਹੁੰਦੇ ਹਨ ਅਤੇ ਇਨ੍ਹਾਂ ਨੂੰ ਗੁਪਤ ਰੱਖਿਆ ਜਾਣਾ ਚਾਹੀਦਾ ਹੈ। ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਸਿਆਸੀ ਆਗੂਆਂ ਦੀ ਸਕਿਉਰਿਟੀ ਘਟਾਉਣ ਬਾਰੇ ਪੂਰੀ ਦੁਨੀਆ ਨੂੰ ਦੱਸਿਆ ਜਾ ਰਿਹਾ ਹੈ ਅਤੇ ਉਨ੍ਹਾਂ ਲਈ ਖਤਰਾ ਪੈਦਾ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਕੁਝ ਪਰਿਵਾਰ ਅਜਿਹੇ ਹਨ, ਜਿਨ੍ਹਾਂ ਨੂੰ ਵਾਕਈ ਖਤਰਾ ਹੈ ਅਤੇ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੂੰ ਸੁਰੱਖਿਆ ਦੀ ਜ਼ਰੂਰਤ ਹੈ, ਉਸ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਜ਼ਿਕਰਯੋਗ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਵੀਆਈਪੀ ਸਕਿਉਰਿਟੀ ਵਿਚ ਵੱਡੀ ਕਟੌਤੀ ਕੀਤੀ ਹੈ। ਜਿਸ ਤਹਿਤ ਬਠਿੰਡਾ ਤੋਂ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਸਣੇ 8 ਆਗੂਆਂ ਦੀ ਸਕਿਉਰਿਟੀ ਵਿਚ ਕਟੌਤੀ ਕੀਤੀ ਗਈ ਹੈ ਅਤੇ ਉਨ੍ਹਾਂ ਕੋਲੋਂ 9 ਗੱਡੀਆਂ ਅਤੇ 127 ਗਨਮੈਨ ਵਾਪਸ ਲੈ ਲਏ ਗਏ ਹਨ।