Breaking News
Home / ਪੰਜਾਬ / ਬੰਦੀ ਸਿੱਖਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਹੋਈਆਂ ਇਕਜੁੱਟ

ਬੰਦੀ ਸਿੱਖਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਹੋਈਆਂ ਇਕਜੁੱਟ

ਸਾਂਝੀ ਕਮੇਟੀ ਕਾਇਮ ਕਰਨ, ਕਾਨੂੰਨੀ ਚਾਰਾਜੋਈ ਜਾਰੀ ਰੱਖਣ ਤੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਹੋਰਨਾਂ ਨੂੰ ਮਿਲਣ ਦਾ ਫੈਸਲਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਬੰਦੀ ਸਿੱਖਾਂ ਦੀ ਰਿਹਾਈ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸਿੱਖ ਜਥੇਬੰਦੀਆਂ ਦੀ ਸੱਦੀ ਮੀਟਿੰਗ ਵਿਚ ਵੱਖ-ਵੱਖ ਵਿਚਾਰਧਾਰਾ ਤੇ ਵੱਖਰੇਵਿਆਂ ਵਾਲੀਆਂ ਸਿੱਖ ਜਥੇਬੰਦੀਆਂ ਬੁੱਧਵਾਰ ਨੂੰ ਅੰਮ੍ਰਿਤਸਰ ਵਿਖੇ ਇੱਕ ਮੰਚ ਉੱਤੇ ਇਕੱਠੀਆਂ ਹੋਈਆਂ। ਇਨ੍ਹਾਂ ਜਥੇਬੰਦੀਆਂ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਸਾਂਝੇ ਤੌਰ ‘ਤੇ ਚਾਰਾਜੋਈ ਕਰਨ ਲਈ ਸਾਂਝੀ ਕਮੇਟੀ ਸਥਾਪਤ ਕਰਨ, ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਤੇ ਰਾਜਪਾਲਾਂ ਨੂੰ ਮਿਲ ਕੇ ਸਾਂਝੀ ਅਪੀਲ ਕਰਨ ਅਤੇ ਲੋੜ ਪੈਣ ‘ਤੇ ਸਾਂਝਾ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੌਰਾਨ ਪਾਰਲੀਮੈਂਟ ਵਿੱਚ ਸਿੱਖ ਮੈਂਬਰਾਂ ਨੂੰ ਦੋਵਾਂ ਸਦਨਾਂ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਗਈ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸੱਦੇ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਇਹ ਮੀਟਿੰਗ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸੱਦੀ ਗਈ ਸੀ। ਇਨ੍ਹਾਂ ਜਥੇਬੰਦੀਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ, ਅਕਾਲੀ ਦਲ (ਅ) ਵੱਲੋਂ ਸਿਮਰਨਜੀਤ ਸਿੰਘ ਮਾਨ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀਕੇ, ਹਰਿਆਣਾ ਕਮੇਟੀ ਦੇ ਪ੍ਰਧਾਨ ਬਾਬਾ ਬਲਜੀਤ ਸਿੰਘ ਦਾਦੂਵਾਲ, ਨਿਹੰਗ ਜਥੇਬੰਦੀ ਬੁੱਢਾ ਦਲ ਸਮੇਤ ਹੋਰ ਨਿਹੰਗ ਜਥੇਬੰਦੀਆਂ ਦੇ ਨੁਮਾਇੰਦੇ, ਤਖ਼ਤ ਸ੍ਰੀ ਪਟਨਾ ਸਾਹਿਬ, ਸਿੱਖ ਸੰਪਰਦਾਵਾਂ, ਫੈੱਡਰੇਸ਼ਨਾਂ ਦੇ ਧੜਿਆਂ ਦੇ ਨੁਮਾਇੰਦੇ, ਜੇਲ੍ਹਾਂ ਵਿਚ ਬੰਦ ਸਿੱਖ ਬੰਦੀਆਂ ਦੇ ਪਰਿਵਾਰਕ ਮੈਂਬਰ ਅਤੇ ਹੋਰ ਸਿੱਖ ਨੁਮਾਇੰਦੇ ਸ਼ਾਮਲ ਹੋਏ। ਮੀਟਿੰਗ ਦੌਰਾਨ ਸੰਘਰਸ਼ ਲਈ ਰੂਪ-ਰੇਖਾ ਉਲੀਕਣ ਲਈ ਸਾਂਝੀ ਕਮੇਟੀ ਬਣਾਉਣ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਿਆ ਗਿਆ ਹੈ। ਉਨ੍ਹਾਂ ਆਖਿਆ ਕਿ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਸਾਂਝੀ ਕਮੇਟੀ ਕਾਇਮ ਕਰਕੇ ਸਾਰੀਆਂ ਧਿਰਾਂ ਦੇ ਨੁਮਾਇੰਦੇ ਸ਼ਾਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖ ਕੌਮ ਨਾਲ ਵਿਤਕਰਾ ਕਰ ਰਹੀਆਂ ਹਨ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਪੰਥਕ ਇਕਜੁਟਤਾ ਦਾ ਸੁਨੇਹਾ ਸਮੁੱਚੀ ਸਿੱਖ ਕੌਮ ਲਈ ਅਹਿਮ ਫੈਸਲਾ ਹੈ। ਸਿਮਰਨਜੀਤ ਸਿੰਘ ਮਾਨ ਨੇ ਵੀ ਸ੍ਰੀ ਅਕਾਲ ਤਖਤ ਦੇ ਆਦੇਸ਼ਾਂ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਇਨ੍ਹਾਂ ਯਤਨਾਂ ਦੀ ਸ਼ਲਾਘਾ ਕੀਤੀ।
ਕੇਂਦਰ ਸਿੱਖਾਂ ਦਾ ਘੱਟ ਗਿਣਤੀ ਦਰਜਾ ਬਰਕਰਾਰ ਰੱਖੇ: ਜਥੇਦਾਰ
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਕੇਂਦਰ ਸਰਕਾਰ ਵੱਲੋਂ ਸਿੱਖਾਂ ਨੂੰ ਦੇਸ਼ ਵਿੱਚ ਦਿੱਤਾ ਗਿਆ ਘੱਟ ਗਿਣਤੀ ਦਾ ਦਰਜਾ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਆਖਿਆ ਕਿ 1947 ਤੋਂ ਦੇਸ਼ ਵਿੱਚ ਸਿੱਖਾਂ ਨੂੰ ਘੱਟ ਗਿਣਤੀ ਦਾ ਦਰਜਾ ਮਿਲਿਆ ਹੋਇਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿੱਖਾਂ ਨੂੰ ਦੇਸ਼ ਵਿੱਚ ਮਿਲੇ ਘੱਟ ਗਿਣਤੀ ਦੇ ਦਰਜੇ ਨੂੰ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ।
ਸੁਖਬੀਰ ਨੇ ਮਾਨ ਦੇ ਪੈਰੀਂ ਹੱਥ ਲਾਏ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮਾਗਮ ਦੌਰਾਨ ਸਿਮਰਨਜੀਤ ਸਿੰਘ ਮਾਨ ਨੂੰ ਮਾਣ ਸਤਿਕਾਰ ਦਿੰਦਿਆਂ ਉਨ੍ਹਾਂ ਦੇ ਪੈਰੀ ਹੱਥ ਲਾਇਆ ਅਤੇ ਆਪਣੇ ਕੋਲ ਬਿਠਾਇਆ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ

ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …