1.8 C
Toronto
Saturday, November 15, 2025
spot_img
Homeਪੰਜਾਬਪੰਜਾਬ ਦੇ ਅਧਿਆਪਕ ਹੁਣ ਸਿਖਲਾਈ ਲੈਣ ਲਈ ਵਿਦੇਸ਼ ਜਾਣਗੇ

ਪੰਜਾਬ ਦੇ ਅਧਿਆਪਕ ਹੁਣ ਸਿਖਲਾਈ ਲੈਣ ਲਈ ਵਿਦੇਸ਼ ਜਾਣਗੇ

ਭਗਵੰਤ ਮਾਨ ਨੇ ਅਧਿਆਪਕਾਂ ਤੋਂ ਸੁਝਾਅ ਲੈਣ ਲਈ ਜਾਰੀ ਕੀਤਾ ਪੋਰਟਲ
ਲੁਧਿਆਣਾ/ਬਿਊਰੋ ਨਿਊਜ਼ : ਸਕੂਲੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਲਾਂਪੁਰ ਦੇ ਇੱਕ ਪੈਲੇਸ ਵਿੱਚ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਕੂਲੀ ਸਿੱਖਿਆ ਪ੍ਰਣਾਲੀ ਤੋਂ ਲੋਕਾਂ ਦਾ ਉੱਠਿਆ ਭਰੋਸਾ ਮੁੜ ਬਹਾਲ ਕਰਨ ਲਈ ਸਰਕਾਰ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਸਕੂਲ ਮੁਖੀਆਂ ਤੋਂ ਸਕੂਲੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸੁਝਾਅ ਵੀ ਮੰਗੇ ਅਤੇ ਇਕ ਪੋਰਟਲ ਵੀ ਲਾਂਚ ਕੀਤਾ। ਉਨ੍ਹਾਂ ਵਿਰੋਧੀ ਧਿਰ ‘ਤੇ ਟਕੋਰ ਕਰਦਿਆਂ ਕਿਹਾ ਕਿ ਸਾਡੇ ਅਧਿਆਪਕ ਕੇਵਲ ਦਿੱਲੀ ਦੇ ਸਕੂਲਾਂ ਵਿਚ ਹੀ ਨਹੀਂ, ਵਿਦੇਸ਼ਾਂ ਵਿੱਚ ਵਿਦਿਅਕ ਟੂਰਾਂ ‘ਤੇ ਜਾਣਗੇ, ਹਾਵਰਡ ਅਤੇ ਆਕਸਫੋਰਡ ਵਰਗੀਆਂ ਸੰਸਥਾਵਾਂ ਵਿੱਚ ਸਰਕਾਰੀ ਖ਼ਰਚੇ ਉੱਪਰ ਸਿਖਲਾਈ ਲਈ ਵੀ ਭੇਜੇ ਜਾਣਗੇ। ਮਾਨ ਨੇ ਇਹ ਵੀ ਦਾਅਵਾ ਕੀਤਾ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਸਰਕਾਰੀ ਸਕੂਲਾਂ ਨੂੰ ਅਪਣਾਉਣ ਲਈ ਤਿਆਰ ਹਨ ਪਰ ਉਨ੍ਹਾਂ ਵੱਲੋਂ ਪੜ੍ਹਾਈ ਦੀਆਂ ਨਵੀਆਂ ਤਕਨੀਕਾਂ ਮੁਹੱਈਆ ਕਰਵਾਉਣ ਲਈ ਮਦਦ ਕੀਤੀ ਜਾਣੀ ਚਾਹੀਦੀ ਹੈ ਨਾ ਕਿ ਕੇਵਲ ਕਮਰੇ ਬਣਾਉਣ ਲਈ। ਉਨ੍ਹਾਂ ਅਧਿਆਪਕਾਂ ਨੂੰ ਗੈਰ-ਵਿਦਿਅਕ ਕੰਮਾਂ ਤੋਂ ਛੁਟਕਾਰਾ ਦਿਵਾਉਣ ਦਾ ਵੀ ਭਰੋਸਾ ਦਿੱਤਾ। ਉਨ੍ਹਾਂ ਸਿੱਖਿਆ ਦਾ ਦਿੱਲੀ ਮਾਡਲ ਪੰਜਾਬ ਵਿੱਚ ਲਾਗੂ ਕਰਨ ਦੀ ਗੱਲ ਮੁੜ ਦੁਹਰਾਈ। ਦਿੱਲੀ ਦੇ ਸਿੱਖਿਆ ਖੇਤਰ ‘ਚ ਕੇਜਰੀਵਾਲ ਸਰਕਾਰ ਦੀਆਂ ਪ੍ਰਾਪਤੀਆਂ ਦਾ ਗੁਣਗਾਨ ਕਰਦਿਆਂ ਮਾਨ ਨੇ ਕਿਹਾ ਕਿ ਦਿੱਲੀ ਦੇ 450 ਵਿਦਿਆਰਥੀ ਹਰ ਸਾਲ ਆਈਆਈਟੀ ਵਰਗੇ ਵੱਕਾਰੀ ਅਦਾਰਿਆਂ ਵਿੱਚ ਦਾਖਲਾ ਲੈਂਦੇ ਹਨ। ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਨੂੰ ਪੁਸਤਕ ਅਤੇ ਫੁੱਲ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।

 

RELATED ARTICLES
POPULAR POSTS