ਡਰੱਗ ਮਾਫੀਆ ਨਾਲ ਜੁੜੇ ਕਿਸੇ ਵੀ ਸਿਆਸੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰਾਂ ਖਿਲਾਫ਼ ਵੱਡੀ ਪੱਧਰ ‘ਤੇ ਕਾਰਵਾਈ ਕਰਨ ਅਤੇ ਨਸ਼ਾ ਵਿਰੋਧੀ ਮੁਹਿੰਮ ਵਿੱਚ ਦਖਲਅੰਦਾਜ਼ੀ ਕਰਨ ਵਾਲੇ ਕਿਸੇ ਵੀ ਸਿਆਸੀ ਵਿਅਕਤੀ ਵਿਰੁੱਧ ਸ਼ਿਕੰਜਾ ਕਸਣ ਦੇ ਹੁਕਮ ਦਿੱਤੇ ਹਨ। ਨਸ਼ਾ ਵਿਰੋਧੀ ਟਾਸਕ ਫੋਰਸ (ਐੱਸਟੀਐੱਫ) ਦੇ ਮੁਖੀ ਹਰਪ੍ਰੀਤ ਸਿੱਧੂ ਦੀ ਅਗਵਾਈ ‘ਚ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਡਰੱਗ ਮਾਫ਼ੀਆ ਨਾਲ ਮਿਲੀਭੁਗਤ ਸਾਹਮਣੇ ਆਉਣ ‘ਤੇ ਕਿਸੇ ਵੀ ਸਿਆਸੀ ਵਿਅਕਤੀ ਜਾਂ ਅਧਿਕਾਰੀ ਨੂੰ ਕਿਸੇ ਵੀ ਕੀਮਤ ਉੱਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਸਿਆਸੀ ਦਬਾਅ ਦੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਇਕ ਨੁਕਾਤੀ ਏਜੰਡੇ ਉਤੇ ਕੰਮ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਕੁਝ ਪੁਲਿਸ ਅਧਿਕਾਰੀ ਪਹਿਲਾਂ ਕੁਝ ਮਜਬੂਰੀਆਂ ਵਿੱਚ ਕੰਮ ਕਰ ਰਹੇ ਸਨ ਪਰ ਸਾਰੇ ਅਧਿਕਾਰੀ ਇੱਕੋ ਜਿਹੇ ਨਹੀਂ ਹਨ। ਇਹ ਹੋ ਸਕਦਾ ਹੈ ਕਿ ਪਹਿਲਾਂ ਕੁਝ ਨਸ਼ਾ ਤਸਕਰਾਂ ਨੂੰ ਸਿਆਸੀ ਸਰਪ੍ਰਸਤੀ ਮਿਲਦੀ ਰਹੀ ਹੋਵੇ ਪਰ ਹੁਣ ਅਜਿਹਾ ਨਹੀਂ ਹੋਵੇਗਾ ਅਤੇ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਸਾਰਿਆਂ ਨੂੰ ਨਿਡਰ ਹੋ ਕੇ ਕੰਮ ਕਰਨਾ ਚਾਹੀਦਾ ਹੈ। ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਭਗਵੰਤ ਮਾਨ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਸ਼ੇ ਵੇਚਣ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ ਨਾ ਕਿ ਨਸ਼ੇ ਦੀ ਗ੍ਰਿਫਤ ਵਿੱਚ ਫਸੇ ਲੋਕਾਂ ਨੂੰ। ਉਨ੍ਹਾਂ ਨਸ਼ਿਆਂ ਦੇ ਆਦੀ ਲੋਕਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੁਲਿਸ ਫੋਰਸ ਨਸ਼ਿਆਂ ਦੇ ਅੱਤਵਾਦ ਨੂੰ ਜੜ੍ਹੋਂ ਖਤਮ ਕਰ ਕੇ ਮਿਸਾਲ ਕਾਇਮ ਕਰੇਗੀ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਏਡੀਜੀਪੀ ਇੰਟੈਲੀਜੈਂਸ ਐੱਸਐੱਸ ਸ੍ਰੀਵਾਸਤਵ ਅਤੇ ਹੋਰ ਹਾਜ਼ਰ ਸਨ।
ਕੇਜਰੀਵਾਲ ਵੱਲੋਂ ਭਗਵੰਤ ਮਾਨ ਦੇ ਫੈਸਲੇ ਦੀ ਹਮਾਇਤ
ਨਵੀਂ ਦਿੱਲੀ : ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਸਖ਼ਤ ਕਾਰਵਾਈ ਕਰਨ ਦੇ ਲਏ ਫ਼ੈਸਲੇ ਦੀ ਹਮਾਇਤ ਕੀਤੀ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ‘ਚੋਂ ਬਾਹਰ ਕੱਢਣਾ ਸਭ ਤੋਂ ਜ਼ਰੂਰੀ ਹੈ। ਹੁਣ ਪੰਜਾਬ ਵਿੱਚ ਇਮਾਨਦਾਰ ਸਰਕਾਰ ਹੈ। ਨਸ਼ਾ ਵੇਚਣ ਵਾਲਿਆਂ ਨੂੰ ਕੋਈ ਸਰਪ੍ਰਸਤੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਹੋਵੇਗੀ।
Check Also
ਡਾ.ਅਟਵਾਲ ਦੀ ਅੰਤਿਮ ਅਰਦਾਸ ਵੇਲੇ ਵੱਡੀ ਗਿਣਤੀ ਵਿੱਚ ਪੁੱਜੇ ਸਾਹਿਤਕਾਰ
ਜਲੰਧਰ:ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ ਸਕੱਤਰ …