ਮਨੀਸ਼ ਸਿਸੋਦੀਆ ਨੇ ਕਿਹਾ, ਭਾਜਪਾ ਦੀ ਬੁਲਡੋਜ਼ਰ ਰਾਜਨੀਤੀ ਦਾ ਕਰਾਂਗੇ ਵਿਰੋਧ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਦਾਅਵਾ ਕੀਤਾ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦਿੱਲੀ ਦੀਆਂ ਨਾਜਾਇਜ਼ ਕਲੋਨੀਆਂ ਤੇ ਝੁੱਗੀ-ਬਸਤੀਆਂ ਵਿੱਚ 63 ਲੱਖ ਘਰਾਂ ਨੂੰ ਢਾਹੁਣ ਦੀ ਯੋਜਨਾ ਬਣਾ ਰਹੀ ਹੈ। ਉਨ੍ਰਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ‘ਬੁਲਡੋਜ਼ਰ ਰਾਜਨੀਤੀ’ ਦਾ ਸਖ਼ਤ ਵਿਰੋਧ ਕਰਦੀ ਹੈ। ਉਨ੍ਹਾਂ ਦਿੱਲੀ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਉਨ੍ਹਾਂ ਨਾਲ ਖੜ੍ਹੀ ਹੈ ਤੇ ਉਸ ਦੇ ਨੇਤਾ ਭਾਜਪਾ ਦੀ ਇਸ ਮੁਹਿੰਮ ਨੂੰ ਰੋਕਣ ਲਈ ਜੇਲ੍ਹ ਜਾਣ ਲਈ ਤਿਆਰ ਹਨ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਵਿੱਚ ਭਾਜਪਾ ਦੀ ਮੁਹਿੰਮ ਨੂੰ ਬੰਦ ਕਰਨ, ਜੋ ਲੋਕਾਂ ਤੋਂ ਉਗਰਾਹੀ ਕਰਨ ਲਈ ਚਲਾਈ ਜਾ ਰਹੀ ਹੈ।