ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਦੀ ਲਗਾਈ ਡਿਊਟੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਗੰਨ ਕਲਚਰ ਅਤੇ ਗੈਂਗਸਟਰਵਾਦ ਨੂੰ ਉਤਸ਼ਾਹਤ ਕਰਨ ਵਾਲੇ ਪੰਜਾਬੀ ਗਾਇਕਾਂ ਖਿਲਾਫ ਵੀ ਸਖਤੀ ਕਰਨ ਦਾ ਮਨ ਬਣਾ ਲਿਆ ਹੈ। ਭਗਵੰਤ ਮਾਨ ਨੇ ਪਹਿਲਾਂ ਪੰਜਾਬੀ ਗਾਇਕਾਂ ਨੂੰ ਅਪੀਲ ਕੀਤੀ ਕਿ ਉਹ ਗੰਨ ਕਲਚਰ ਅਤੇ ਗੈਂਗਸਟਰਵਾਦ ਨੂੰ ਉਤਸ਼ਾਹਤ ਕਰਨ ਵਾਲੇ ਗੀਤ ਨਾ ਗਾਉਣ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਜੇਕਰ ਪੰਜਾਬੀ ਗਾਇਕ ਫਿਰ ਵੀ ਅਜਿਹਾ ਕਰਨ ਤੋਂ ਨਹੀਂ ਹਟਦੇ ਤਾਂ ਪੰਜਾਬ ਸਰਕਾਰ ਉਨ੍ਹਾਂ ਨੂੰ ਬਖਸ਼ੇਗੀ ਨਹੀਂ। ਮੁੱਖ ਮੰਤਰੀ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਇਸ ’ਤੇ ਨਜ਼ਰ ਰੱਖਣ ਲਈ ਕਹਿ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਗਾਇਕਾਂ ਨੂੰ ਗੀਤਾਂ ਦੇ ਜ਼ਰੀਏ ਹਿੰਸਾ ਫੈਲਾਉਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ਅਤੇ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਜਿਸ ਤਰ੍ਹਾਂ ਦੀ ਅਮੀਰ ਸੰਸਕ੍ਰਿਤਕ ਵਿਰਾਸਤ ਲਈ ਜਾਣਿਆ ਜਾਂਦਾ ਹੈ, ਉਸ ਨੂੰ ਹੀ ਗੀਤਾਂ ਵਿਚ ਦਿਖਾਇਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਗਾਇਕ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਵਾਲੇ ਗੀਤ ਹੀ ਗਾਉਣ।