ਕੇਜਰੀਵਾਲ ਨੇ ਕਿਹਾ, ਭਾਜਪਾ ਦੇ ਬੰਦੇ ਭਗਤ ਸਿੰਘ ਨੂੰ ਇੰਨੀ ਨਫਰਤ ਕਿਉਂ ਕਰਦੇ ਹਨ?
ਨਵੀਂ ਦਿੱਲੀ/ਬਿਊਰੋ ਨਿਊਜ਼
ਕਰਨਾਟਕ ’ਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਕੂਲ ਦੀ ਇਕ ਕਿਤਾਬ ਵਿੱਚੋਂ ਸ਼ਹੀਦ ਭਗਤ ਸਿੰਘ ਬਾਰੇ ਲੇਖ ਸਿਲੇਬਸ ਵਿਚੋਂ ਹਟਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਰਨਾਟਕ ਸਰਕਾਰ ਦੀ ਆਲੋਚਨਾ ਕੀਤੀ ਹੈ। ਕੇਜਰੀਵਾਲ ਨੇ ਕਿਹਾ ਕਿ ਕਰਨਾਟਕ ਸਰਕਾਰ ਦਾ ਇਹ ਕਦਮ ਮਹਾਨ ਆਜ਼ਾਦੀ ਘੁਲਾਟੀਏ ਦੀ ਸ਼ਹਾਦਤ ਦਾ ਅਪਮਾਨ ਹੈ ਅਤੇ ਕਰਨਾਟਕ ਸਰਕਾਰ ਨੂੰ ਇਹ ਫੈਸਲਾ ਵਾਪਸ ਲੈਣਾ ਚਾਹੀਦਾ ਹੈ। ਕੇਜਰੀਵਾਲ ਨੇ ਭਾਜਪਾ ਨੂੰ ਸਵਾਲ ਕੀਤਾ ਕਿ ਉਸਦੇ ਬੰਦੇ, ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਇੰਨੀ ਨਫਰਤ ਕਿਉਂ ਕਰਦੇ ਹਨ। ਆਲ ਇੰਡੀਆ ਡੈਮੋਕ੍ਰੇਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ ਅਤੇ ਆਲ ਇੰਡੀਆ ਸੇਵ ਐਜੂਕੇਸ਼ਨ ਕਮੇਟੀ ਸਣੇ ਕੁਝ ਸੰਗਠਨਾਂ ਨੇ ਦਾਅਵਾ ਕੀਤਾ ਹੈ ਕਿ ਕਰਨਾਟਕ ਸਰਕਾਰ ਨੇ ਸਕੂਲ ਦੀ ਕਿਤਾਬ ਵਿੱਚੋਂ ਭਗਤ ਸਿੰਘ ਬਾਰੇ ਪਾਠ ਹਟਾ ਦਿੱਤਾ ਹੈ ਅਤੇ 10ਵੀਂ ਜਮਾਤ ਦੀ ਸੋਧੀ ਕੰਨੜ ਕਿਤਾਬ ਵਿੱਚ ਆਰਐੱਸਐੱਸ ਸੰਸਥਾਪਕ ਕੇਸ਼ਵ ਬਲੀਰਾਮ ਹੇਡਗੇਵਾਰ ਦਾ ਭਾਸ਼ਨ ਸ਼ਾਮਲ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਪ੍ਰਤੀ ਭਾਜਪਾ ਦੀ ਨਫਰਤ ਸਭ ਦੇ ਸਾਹਮਣੇ ਆ ਰਹੀ ਹੈ।