ਡਰੱਗ ਮਾਮਲੇ ’ਚ ਪਟਿਆਲਾ ਦੀ ਜੇਲ੍ਹ ’ਚ ਬੰਦ ਹੈ ਅਕਾਲੀ ਆਗੂ
ਚੰਡੀਗੜ੍ਹ/ਬਿਊਰੋ ਨਿਊਜ਼
ਡਰੱਗ ਮਾਮਲੇ ’ਚ ਪਟਿਆਲਾ ਦੀ ਜੇਲ੍ਹ ਵਿਚ ਬੰਦ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਕੀਤੀ ਹੈ। ਮਜੀਠੀਆ ਨੇ ਜ਼ਮਾਨਤ ਲਈ ਹਾਈਕੋਰਟ ਵਿਚ ਪਟੀਸ਼ਨ ਵੀ ਦਾਖਲ ਕਰਵਾ ਦਿੱਤੀ ਹੈ ਅਤੇ ਇਸ ’ਤੇ ਸੁਣਵਾਈ ਅਗਲੇ ਹਫਤੇ ਹੋ ਸਕਦੀ ਹੈ। ਹਾਈਕੋਰਟ ਦੀ ਡਬਲ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਮਜੀਠੀਆ ਨੇ ਡਰੱਗ ਕੇਸ ਖਾਰਜ ਕਰਾਉਣ ਲਈ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਸੀ। ਹਾਲਾਂਕਿ ਸੁਪਰੀਮ ਕੋਰਟ ਨੇ ਇਸ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਮਜੀਠੀਆ ਨੂੰ ਕੇਸ ਖਾਰਜ ਕਰਨ ਸਬੰਧੀ ਅਤੇ ਜ਼ਮਾਨਤ ਲਈ ਹਾਈਕੋਰਟ ਦੀ ਡਿਵੀਜ਼ਨ ਬੈਂਚ ਕੋਲ ਜਾਣ ਲਈ ਕਿਹਾ ਸੀ। ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਖਿਲਾਫ ਡਰੱਗ ਮਾਮਲੇ ਨੂੰ ਲੈ ਕੇ ਪੰਜਾਬ ’ਚ ਪਿਛਲੀ ਕਾਂਗਰਸ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਦੇ ਸਮੇਂ ਕੇਸ ਦਰਜ ਹੋਇਆ ਸੀ ਅਤੇ ਹੁਣ ਮਜੀਠੀਆ ਪਟਿਆਲਾ ਦੀ ਜੇਲ੍ਹ ਵਿਚ ਬੰਦ ਹੈ।