Breaking News
Home / ਹਫ਼ਤਾਵਾਰੀ ਫੇਰੀ / ਨਵਜੋਤ ਸਿੱਧੂ ਨੂੂੰ ਹੋਈ ਜੇਲ੍ਹ

ਨਵਜੋਤ ਸਿੱਧੂ ਨੂੂੰ ਹੋਈ ਜੇਲ੍ਹ

34 ਸਾਲ ਪੁਰਾਣੇ ਰੋਡਰੇਜ਼ ਮਾਮਲੇ ‘ਚ ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ ਰੋਡਰੇਜ਼ ਮਾਮਲੇ ਵਿਚ ਇਕ ਸਾਲ ਦੀ ਸਖਤ ਸਜ਼ਾ ਸੁਣਾ ਦਿੱਤੀ ਹੈ ਅਤੇ ਸਿੱਧੂ ਨੂੰ ਹੁਣ ਜੇਲ੍ਹ ਜਾਣਾ ਹੀ ਪਵੇਗਾ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ ਹੈ, ਜਦੋਂ 27 ਦਸੰਬਰ 1988 ਨੂੰ ਨਵਜੋਤ ਸਿੱਧੂ ਅਤੇ ਉਸਦੇ ਦੋਸਤ ਦਾ ਪਟਿਆਲਾ ਵਿਚ ਪਾਰਕਿੰਗ ਨੂੰ ਲੈ ਕੇ ਝਗੜਾ ਹੋ ਗਿਆ ਸੀ।
ਇਸ ਝਗੜੇ ਦੌਰਾਨ 65 ਸਾਲਾਂ ਦੇ ਬਜ਼ੁਰਗ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ। ਇਸੇ ਦੌਰਾਨ ਨਵਜੋਤ ਸਿੱਧੂ ਨੂੰ ਹੁਣ ਜਾਂ ਤਾਂ ਗ੍ਰਿਫਤਾਰ ਕੀਤਾ ਜਾਵੇਗਾ ਜਾਂ ਫਿਰ ਉਹ ਆਤਮ ਸਮਰਪਣ ਕਰਨਗੇ। ਪੰਜਾਬ ਪੁਲਿਸ ਨੂੰ ਇਸ ਮਾਮਲੇ ‘ਚ ਕਾਨੂੰਨ ਦੀ ਪਾਲਣਾ ਕਰਨੀ ਪਵੇਗੀ।
ਜ਼ਿਕਰਯੋਗ ਹੈ ਕਿ ਸਿੱਧੂ ਨੂੰ ਪਹਿਲਾਂ ਇਸ ਮਾਮਲੇ ਵਿਚ ਹਾਈਕੋਰਟ ‘ਚ ਸਜ਼ਾ ਹੋਈ ਸੀ, ਪਰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਇਕ ਹਜ਼ਾਰ ਰੁਪਏ ਦਾ ਜੁਰਮਾਨਾ ਲਗਾ ਕੇ ਛੱਡ ਦਿੱਤਾ ਸੀ। ਇਸ ਤੋਂ ਬਾਅਦ ਪੀੜਤਾਂ ਨੇ ਰਿਵਿਊ ਪਟੀਸ਼ਨ ਦਾਇਰ ਕੀਤੀ ਸੀ ਅਤੇ ਵੀਰਵਾਰ ਨੂੰ ਸੁਪਰੀਮ ਕੋਰਟ ਦੇ ਆਏ ਫੈਸਲੇ ‘ਚ ਨਵਜੋਤ ਸਿੰਘ ਸਿੱਧੂ ਨੂੰ ਇਕ ਸਾਲ ਦੀ ਸਖਤ ਸੁਜ਼ਾ ਸੁਣਾਈ ਗਈ ਹੈ।
ਸਿੱਧੂ ਦਾ ਸਿਆਸੀ ਕਰੀਅਰ
2004 ਵਿਚ ਭਾਜਪਾ ਦੀ ਟਿਕਟ ‘ਤੇ ਅੰਮ੍ਰਿਤਸਰ ਲੋਕ ਸਭਾ ਚੋਣ ਜਿੱਤੇ। 2006 ਵਿਚ ਗੈਰ ਇਰਾਦਤਨ ਹੱਤਿਆ ਮਾਮਲੇ ਵਿਚ ਸਜ਼ਾ ਤੋਂ ਬਾਅਦ ਅਸਤੀਫਾ ਦਿੱਤਾ। 2007 ਵਿਚ ਲੋਕ ਸਭਾ ਦੀ ਉਪ ਚੋਣ ਜਿੱਤੀ। 2009 ਵਿਚ ਅੰਮ੍ਰਿਤਸਰ ਤੋਂ ਫਿਰ ਲੋਕ ਸਭਾ ਚੋਣ ਜਿੱਤੇ। 2014 ਵਿਚ ਭਾਜਪਾ ਨੇ ਸਿੱਧੂ ਦੀ ਟਿਕਟ ਕੱਟ ਕੇ ਅਰੁਣ ਜੇਤਲੀ ਨੂੰ ਦਿੱਤੀ। 2016 ਵਿਚ ਰਾਜ ਸਭਾ ਭੇਜਿਆ ਗਿਆ, ਪਰ ਸਿੱਧੂ ਨੇ ਮੈਂਬਰਸ਼ਿਪ ਛੱਡ ਦਿੱਤੀ। 2017 ਵਿਚ ਕਾਂਗਰਸ ਵਿਚ ਸ਼ਾਮਲ ਹੋ ਕੇ ਅੰਮ੍ਰਿਤਸਰ ਈਸਟ ਤੋਂ ਵਿਧਾਇਕ ਬਣੇ। 2017 ਵਿਚ ਕੈਪਟਨ ਸਰਕਾਰ ਵਿਚ ਸਥਾਨਕ ਸਰਕਾਰਾਂ ਮੰਤਰੀ ਬਣੇ। 2019 ਵਿਚ ਕੈਪਟਨ ਨੇ ਸਿੱਧੂ ਦਾ ਮੰਤਰਾਲਾ ਬਦਲ ਦਿੱਤਾ। 2019 ਵਿਚ ਸਿੱਧੂ ਨੇ ਬਿਜਲੀ ਮੰਤਰਾਲਾ ਲੈਣ ਦੀ ਜਗ੍ਹਾ ਮੰਤਰੀ ਮੰਡਲ ਤੋਂ ਅਸਤੀਫਾ ਦਿੱਤਾ। 2021 ਵਿਚ ਨਵਜੋਤ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਸੀ। ਫਿਰ ਉਨ੍ਹਾਂ ਨੇ ਕਾਂਗਰਸ ਦੀ ਪ੍ਰਧਾਨਗੀ ਵੀ ਛੱਡ ਦਿੱਤੀ।

ਪੀੜਤ ਪਰਿਵਾਰ ਨੂੰ ਅਦਾਲਤ ਦੇ ਫੈਸਲੇ ‘ਤੇ ਤਸੱਲੀ
ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਏ ਨਵਜੋਤ ਸਿੰਘ ਸਿੱਧੂ
ਚੰਡੀਗੜ੍ਹ/ਬਿਊਰੋ ਨਿਊਜ਼ : ਨਵਜੋਤ ਸਿੱਧੂ ਨੂੰ ਰੋਡਰੇਜ਼ ਮਾਮਲੇ ‘ਚ ਸੁਪਰੀਮ ਕੋਰਟ ਨੇ ਇਕ ਸਾਲ ਦੀ ਸਜ਼ਾ ਸੁਣਾ ਦਿੱਤੀ ਹੈ। ਇਸ ਤੋਂ ਬਾਅਦ ਸਿੱਧੂ ਦੀ ਪ੍ਰਤੀਕਿਰਿਆ ਵੀ ਸਾਹਮਣੇ ਆ ਗਈ ਹੈ ਅਤੇ ਉਨ੍ਹਾਂ ਸੁਪਰੀਮ ਕੋਰਟ ਦੇ ਫੈਸਲੇ ਨੂੰ ਸਵੀਕਾਰ ਕੀਤਾ ਹੈ। ਸਿੱਧੂ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਵਿਰੋਧੀਆਂ ਨੇ ਵੀ ਨਵਜੋਤ ਸਿੱਧੂ ਨੂੰ ਲੰਮੇ ਹੱਥੀਂ ਲਿਆ ਹੈ। ਕਾਂਗਰਸੀ ਵਿਧਾਇਕ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਕਾਂਗਰਸ ਪਾਰਟੀ ਦਾ ਬਹੁਤ ਨੁਕਸਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਹੁਣ ਸਿੱਧੂ ਸੁਪਰੀਮ ਕੋਰਟ ਦੇ ਫੈਸਲੇ ਨੂੰ ਚੁਣੌਤੀ ਨਹੀਂ ਦੇ ਸਕਦੇ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਹੁਣ ਪੀੜਤ ਪਰਿਵਾਰ ਨੂੰ ਨਿਆਂ ਦਿੱਤਾ ਹੈ। ਇਸਦੇ ਚੱਲਦਿਆਂ ਮ੍ਰਿਤਕ ਗੁਰਨਾਮ ਸਿੰਘ ਦੇ ਪੀੜਤ ਪਰਿਵਾਰ ਨੇ ਵੀ ਸੁਪਰੀਮ ਕੋਰਟ ਦੇ ਫੈਸਲੇ ‘ਤੇ ਤਸੱਲੀ ਪ੍ਰਗਟਾਈ ਹੈ। ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਵੀ ਸਿੱਧੂ ‘ਤੇ ਤਨਜ ਕੱਸਦਿਆਂ, ਠੋਕੋ ਤਾੜੀ ਕਿਹਾ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਜਦੋਂ ਨਵਜੋਤ ਸਿੱਧੂ ਨੂੰ ਸਜ਼ਾ ਸੁਣਵਾਈ, ਉਸ ਸਮੇਂ ਸਿੱਧੂ ਪਟਿਆਲਾ ਵਿਚ ਕੇਂਦਰ ਸਰਕਾਰ ਖਿਲਾਫ ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਹਾਥੀ ‘ਤੇ ਚੜ੍ਹ ਰੋਸ ਪ੍ਰਦਰਸ਼ਨ ਕਰ ਰਹੇ ਸਨ।

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …