ਪਿਸ਼ਾਵਰ ‘ਚ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਮਾਰੀਆਂ ਗੋਲੀਆਂ
ਪਿਸ਼ਾਵਰ: ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ‘ਚ ਲੰਘੇ ਐਤਵਾਰ ਨੂੰ ਮੋਟਰਸਾਈਕਲ ‘ਤੇ ਆਏ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਦੋ ਸਿੱਖ ਕਾਰੋਬਾਰੀਆਂ ਦੀ ਹੱਤਿਆ ਕਰ ਦਿੱਤੀ। ਅਫਗਾਨਿਸਤਾਨ ਦੀ ਸਰਹੱਦ ਨਾਲ ਲਗਦੇ ਗੜਬੜ ਵਾਲੇ ਸੂਬੇ ‘ਚ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾ ਕੇ ਜਾਨੋਂ ਮਾਰਨ ਦੀ ਇਹ ਤਾਜ਼ੀ ਘਟਨਾ ਹੈ। ਮ੍ਰਿਤਕਾਂ ਦੀ ਪਛਾਣ ਕੁਲਜੀਤ ਸਿੰਘ (42) ਅਤੇ ਰਣਜੀਤ ਸਿੰਘ (38) ਵਜੋਂ ਹੋਈ ਹੈ। ਇਸ ਘਟਨਾ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਨੇ ਸਖ਼ਤ ਨਿੰਦਾ ਕੀਤੀ ਹੈ।
ਸ਼੍ਰੋਮਣੀ ਕਮੇਟੀ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਪਾਕਿਸਤਾਨ ਵਿਚ ਵਸਦੇ ਘੱਟ ਗਿਣਤੀ ਸਿੱਖਾਂ ਦੇ ਜਾਨ-ਮਾਲ ਦੀ ਸੁਰੱਖਿਆ ਦੀ ਮੰਗ ਕੀਤੀ ਹੈ।
ਪੁਲਿਸ ਮੁਤਾਬਕ ਬਾਈਕ ਸਵਾਰ ਦੋ ਹਮਲਾਵਰਾਂ ਨੇ ਐਤਵਾਰ ਸਵੇਰੇ ਦੋਵੇਂ ਸਿੱਖਾਂ ‘ਤੇ ਹਮਲਾ ਕੀਤਾ ਅਤੇ ਉਨ੍ਹਾਂ ਦੀ ਥਾਂ ‘ਤੇ ਹੀ ਮੌਤ ਹੋ ਗਈ। ਦੋਹਾਂ ਦੀਆਂ ਪਿਸ਼ਾਵਰ ਤੋਂ ਕਰੀਬ 17 ਕਿਲੋਮੀਟਰ ਸਰਬੰਦ ਦੇ ਬਾਟਾਤਾਲ ਬਾਜ਼ਾਰ ‘ਚ ਕਰਿਆਨੇ ਅਤੇ ਮਸਾਲਿਆਂ ਆਦਿ ਦੀਆਂ ਦੁਕਾਨਾਂ ਸਨ। ਇਨ੍ਹਾਂ ਦੋਵਾਂ ਸਿੱਖਾਂ ਦੀ ਹੱਤਿਆ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਨੇ ਲਈ ਹੈ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਇਨ੍ਹਾਂ ਸਿੱਖਾਂ ਦੀ ਹੱਤਿਆ ਦੀ ਨਿਖੇਧੀ ਕੀਤੀ ਹੈ। ਪਿਸ਼ਾਵਰ ‘ਚ ਦੋ ਸਿੱਖ ਵਿਅਕਤੀਆਂ ਦੀ ਹੱਤਿਆ ਦੀ ਨਿਖੇਧੀ ਕਰਦਿਆਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਨੇ ਪਾਕਿਸਤਾਨ ਅਤੇ ਖੈਬਰ ਪਖਤੂਨਖਵਾ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਧਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋ ਸਿੱਖ ਦੁਕਾਨਦਾਰਾਂ ਰਣਜੀਤ ਸਿੰਘ ਅਤੇ ਕੁਲਜੀਤ ਸਿੰਘ ਦੀ ਪਿਸ਼ਾਵਰ ਵਿਚ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਸਿੱਖਾਂ ਦੀ ਹੱਤਿਆ ਦੇ ਵਿਰੋਧ ‘ਚ ਨਨਕਾਣਾ ਸਾਹਿਬ ਤੇ ਪਿਸ਼ਾਵਰ ‘ਚ ਪ੍ਰਦਰਸ਼ਨ
ਪਾਕਿਸਤਾਨ ਦੇ ਪਿਸ਼ਾਵਰ ‘ਚ ਦੋ ਸਿੱਖ ਦੁਕਾਨਦਾਰਾਂ ਰਣਜੀਤ ਸਿੰਘ ਅਤੇ ਕੁਲਜੀਤ ਸਿੰਘ ਦੀ ਹੱਤਿਆ ਦੇ ਵਿਰੋਧ ‘ਚ ਪਾਕਿ ਸਿੱਖ ਭਾਈਚਾਰੇ ਨੇ ਪਿਸ਼ਾਵਰ ਪ੍ਰੈੱਸ ਕਲੱਬ ਅਤੇ ਸ੍ਰੀ ਨਨਕਾਣਾ ਸਾਹਿਬ ‘ਚ ਗੁਰਦੁਆਰਾ ਜਨਮ ਅਸਥਾਨ ਦੇ ਮੁੱਖ ਗੇਟ ਦੇ ਸਾਹਮਣੇ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਤਾਜ਼ਾ ਘਟਨਾ ਨਾਲ ਪਾਕਿ ਸਿੱਖਾਂ ‘ਚ ਇਕ ਵਾਰ ਮੁੜ ਤੋਂ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਉਨ੍ਹਾਂ ਨੇ ਪਾਕਿ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਗੈਰ-ਮੁਸਲਿਮ ਲੋਕਾਂ ਖ਼ਾਸ ਕਰਕੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਯਕੀਨੀ ਕਦਮ ਚੁੱਕੇ ਜਾਣ।
ਭਗਵੰਤ ਮਾਨ, ਕੈਪਟਨ ਅਤੇ ਸੁਖਬੀਰ ਨੇ ਸਿੱਖਾਂ ਦੀ ਹੱਤਿਆ ਦੀ ਕੀਤੀ ਨਿਖੇਧੀ
ਚੰਡੀਗੜ੍ਹ : ਪਾਕਿਸਤਾਨ ‘ਚ ਦੋ ਸਿੱਖ ਕਾਰੋਬਾਰੀਆਂ ਦੀ ਹੱਤਿਆ ਦੀ ਭਾਰਤ ‘ਚ ਤਿੱਖੀ ਆਲੋਚਨਾ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਕਿਹਾ ਹੈ ਕਿ ਉਹ ਪਾਕਿਸਤਾਨ ‘ਚ ਰਹਿੰਦੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੀ ਸੁਰੱਖਿਆ ਦਾ ਮੁੱਦਾ ਗੁਆਂਢੀ ਮੁਲਕ ਦੀ ਸਰਕਾਰ ਕੋਲ ਉਠਾਉਣ। ਅਜਿਹੀ ਮੰਗ ਕਰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਸ਼ ਲਾਇਆ ਕਿ ਪਾਕਿਸਤਾਨ ਸਰਕਾਰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਸਿਰਫ਼ ਦਾਅਵੇ ਕਰਦੀ ਹੈ ਪਰ ਉਨ੍ਹਾਂ ਨੂੰ ਅਮਲ ‘ਚ ਨਹੀਂ ਲਿਆਉਂਦੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਦਫ਼ਤਰ ਨੂੰ ਇਸ ਘਟਨਾ ਦਾ ਗੰਭੀਰ ਨੋਟਿਸ ਲੈਣ ਲਈ ਕਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਤੁਰੰਤ ਇਨਸਾਫ਼ ਮਿਲਣਾ ਚਾਹੀਦਾ ਹੈ।