ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਸੇਵਾਮੁਕਤ ਕਾਨੂੰਗੋ ਤੇ ਪਟਵਾਰੀਆਂ ਦੀ ਠੇਕੇ ‘ਤੇ ਭਰਤੀ ਨੂੰ ਦਿੱਤੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਹ ਮੁਲਾਜ਼ਮ ਪਟਵਾਰੀਆਂ ਦੀ ਰੈਗੂਲਰ ਨਿਯੁਕਤੀ ਤੱਕ ਸੇਵਾਵਾਂ ਨਿਭਾਉਣਗੇ। ਪਟਵਾਰੀਆਂ ਦੀਆਂ ਰੈਗੂਲਰ ਭਰਤੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਕੀਤੀ ਜਾਵੇਗੀ। ਇਸੇ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੇਣ ਦੇ ਫੈਸਲੇ ‘ਤੇ ਵੀ ਮੋਹਰ ਲਗਾ ਦਿੱਤੀ ਗਈ ਹੇ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਸਿੱਧੀ ਬਿਜਾਈ ਨਾਲ 15 ਤੋਂ 20 ਫੀਸਦ ਪਾਣੀ ਦੀ ਬੱਚਤ ਹੋਵੇਗੀ। ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਆਪਣੀ ਸਹਿਮਤੀ ਪੋਰਟਲ ‘ਤੇ ਰਜਿਸਟਰ ਕਰਵਾਉਣਗੇ ਤੇ ਇਹ ਪੋਰਟਲ ਮੰਡੀ ਬੋਰਡ ਦੀ ਸਾਫਟਵੇਅਰ ਮਾਹਿਰਾਂ ਦੀ ਟੀਮ ਵੱਲੋਂ ਵਿਕਸਤ ਕੀਤਾ ਜਾਵੇਗਾ। ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਦੇ ਖੇਤਾਂ ਦੀ ਜ਼ਮੀਨੀ ਪੱਧਰ ‘ਤੇ ਤਸਦੀਕ ਸਬੰਧਤ ਅਧਿਕਾਰੀ/ਕਰਮਚਾਰੀਆਂ ਵੱਲੋਂ ਕੀਤੀ ਜਾਵੇਗੀ। ਇਸ ਕੰਮ ਲਈ ਖੇਤੀਬਾੜੀ, ਬਾਗਬਾਨੀ, ਮੰਡੀ ਬੋਰਡ ਅਤੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਲਗਪਗ 4000 ਅਧਿਕਾਰੀਆਂ/ਕਰਮਚਾਰੀਆਂ ਦੀ ਡਿਊਟੀ ਲਾਈ ਜਾਵੇਗੀ। ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫ਼ਸਰ ਇਸ ਕੰਮ ਦੀ ਨਿਗਰਾਨੀ ਕਰਨਗੇ। ਪੰਜਾਬ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ 50 ਲੱਖ ਤੋਂ ਵਧਾ ਕੇ ਇਕ ਕਰੋੜ ਰੁਪਏ ਕਰ ਦਿੱਤੀ ਹੈ। ਇਸ ਤੋਂ ਇਲਾਵਾ ਰੱਖਿਆ ਸੇਵਾਵਾਂ ਦੇ ਜਵਾਨਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਮਿਸਾਲੀ ਸੇਵਾਵਾਂ ਬਦਲੇ ਪੁਰਸਕਾਰ ਜਿੱਤਣ ਵਾਲਿਆਂ ਲਈ ਜ਼ਮੀਨ ਬਦਲੇ ਨਕਦ ਰਾਸ਼ੀ ਤੇ ਕੈਸ਼ ਐਵਾਰਡ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ।