ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਏ.ਏ.ਆਈ. ਨਾਲ ਤਾਲਮੇਲ ਕਰਨ ਦੇ ਨਿਰਦੇਸ਼
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਮਵਾਰ ਨੂੰ ਸੂਬੇ ਦੇ ਸਿਵਲ ਐਵੀਏਸ਼ਨ ਵਿਭਾਗ ਨੂੰ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਖ਼ਾਸ ਕਰਕੇ ਕੈਨੇਡਾ, ਅਮਰੀਕਾ ਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਤੇ ਏਅਰਪੋਰਟ ਅਥਾਰਟੀ ਆਫ਼ ਇੰਡੀਆ ਨਾਲ ਤੁਰੰਤ ਗੱਠਜੋੜ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਗਵੰਤ ਮਾਨ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫਸਰਾਂ ਨਾਲ ਚੰਡੀਗੜ੍ਹ ’ਚ ਮੀਟਿੰਗ ਵੀ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਿਚ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਪਿਛਲੇ ਦਿਨੀਂ ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨਾਲ ਇਸ ਸਬੰਧੀ ਮੁਲਾਕਾਤ ਕੀਤੀ ਸੀ। ਜ਼ਿਕਰਯੋਗ ਹੈ ਕਿ ਪੰਜਾਬ ਦੀ ਤਰੱਕੀ ਵਿਚ ਮੱਦਦ ਲਈ ਮਾਨ ਸਰਕਾਰ ਐਨ.ਆਰ.ਆਈਜ਼ ਨੂੰ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਵਿਚ ਹੈ। ਇਸ ਨੂੰ ਲੈ ਕੇ ਪੰਜਾਬ ਦੇ ਹਰ ਜ਼ਿਲ੍ਹੇ ਵਿਚ ਨੋਡਲ ਅਫਸਰ ਵੀ ਲਗਾਏ ਜਾ ਚੁੱਕੇ ਹਨ। ਕੁਲਦੀਪ ਸਿੰਘ ਧਾਲੀਵਾਲ ਦਾ ਕਹਿਣਾ ਸੀ ਕਿ ਅੰਮਿ੍ਰਤਸਰ, ਪਟਿਆਲਾ, ਜਲੰਧਰ, ਲੁਧਿਆਣਾ ਅਤੇ ਬਠਿੰਡਾ ਵਿਚ ਐਨ.ਆਰ.ਆਈਜ਼ ਨਾਲ ਸਬੰਧਤ ਵਿਸ਼ੇਸ਼ ਅਦਾਲਤਾਂ ਵੀ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਐਨ.ਆਰ.ਆਈਜ਼ ਨਾਲ ਸਬੰਧਤ ਮਾਮਲਿਆਂ ਦਾ ਸਹੀ ਢੰਗ ਨਾਲ ਨਿਪਟਾਰਾ ਕੀਤਾ ਜਾ ਸਕੇਗਾ।