ਨਵਜੋਤ ਸਿੱਧੂ ਧੜੇ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਵਧਾਈ
ਚੰਡੀਗੜ੍ਹ/ਬਿਊਰੋ ਨਿਊਜ਼
ਕਮਿਸ਼ਨ ਲੈਣ ਦੇ ਮਾਮਲੇ ਵਿਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਹੁਦੇ ਤੋਂ ਹਟਾ ਦਿੱਤਾ, ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਵਿਜੇ ਸਿੰਗਲਾ ਨੂੰ ਗਿ੍ਰਫ਼ਤਾਰ ਕਰ ਲਿਆ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਕਾਰਵਾਈ ਨੂੰ ਲੈ ਕੇ ਇਕ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ’ਚ ਲਿਖਿਆ ਕਿ ਤੁਹਾਡੇ ’ਤੇ ਮਾਣ ਹੈ ਭਗਵੰਤ। ਤੁਹਾਡੀ ਕਾਰਵਾਈ ਨੇ ਮੇਰੀਆਂ ਅੱਖਾਂ ਵਿਚ ਹੰਝੂ ਲਿਆ ਦਿੱਤੇ। ਉਨ੍ਹਾਂ ਅੱਗੇ ਲਿਖਿਆ ਕਿ ਅੱਜ ਪੂਰਾ ਦੇਸ਼ ਆਮ ਆਦਮੀ ਪਾਰਟੀ ’ਤੇ ਮਾਣ ਮਹਿਸੂਸ ਕਰ ਰਿਹਾ ਹੈ। ਦੂਜੇ ਪਾਸੇ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਗਿ੍ਰਫ਼ਤਾਰੀ ਤੋਂ ਬਾਅਦ ਪੰਜਾਬ ਕਾਂਗਰਸ ਦੋ ਧੜਿਆਂ ਵਿਚ ਵੰਡੀ ਹੋਈ ਨਜ਼ਰ ਆਈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੇ ਗਰੁੱਪ ਨੇ ਰਿਸ਼ਵਤਖੋਰੀ ਖਿਲਾਫ਼ ਕੀਤੀ ਗਈ ਕਾਰਵਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਧਾਈ ਦਿੱਤੀ ਹੈ ਜਦਕਿ ਚੰਨੀ ਸਰਕਾਰ ’ਚ ਮੰਤਰੀ ਰਹੇ ਡਾ. ਰਾਜ ਕੁਮਾਰ ਵੇਰਕਾ ਨੇ ਇਸ ਪੂਰੇ ਘਟਨਾਕ੍ਰਮ ਨੂੰ ਸਾਰਾ ਕਮਿਸ਼ਨ ਦਾ ਰੌਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਕਿਸੇ ਵੀ ਮੰਤਰੀ ਨੂੰ ਕਮਿਸ਼ਨ ਮੰਗਣ ਦਾ ਅਧਿਕਾਰ ਨਹੀਂ ਹੈ ਕਿਉਂਕਿ ਪੰਜਾਬ ’ਚ ਕਮਿਸ਼ਨ ਲੈਣ ਲਈ ਅਰਵਿੰਦ ਕੇਜਰੀਵਾਲ ਦੀਆਂ ਟੀਮਾਂ ਬੈਠੀਆਂ ਹਨ। ਵੇਰਕਾ ਨੇ ਕੇਜਰੀਵਾਲ ਨੂੰ ਪੁੱਛਿਆ ਕਿ ਉਨ੍ਹਾਂ ਕੋਲ ਜੋ ਲੱਖਾਂ ਰੁਪਏ ਦਾ ਚੰਦਾ ਇਕੱਠਾ ਹੁੰਦਾ ਹੈ ਅਤੇ ਜੋ ਚੋਣਾਂ ਸਮੇਂ ਕਰੋੜਾਂ ਰੁਪਏ ਖਰਚ ਕੀਤਾ ਜਾਂਦਾ ਹੈ ਇਹ ਸਾਰਾ ਪੈਸਾ ਕਿੱਥੋਂ ਆਉਂਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ’ਤੇ ਕਾਰਵਾਈ ਕਰਕੇ ਉਨ੍ਹਾਂ ਗੰਦੇ ਤਲਾਬ ਦੀ ਇਕ ਛੋਟੀ ਮੱਛੀ ਨੂੰ ਹੱਥ ਪਾਇਆ ਹੈ ਪ੍ਰੰਤੂ ਅਰਵਿੰਦ ਕੇਜਰੀਵਾਲ ਦਾ ਪੂਰਾ ਤਲਾਬ ਹੀ ਗੰਦਾ ਹੈ।