ਵਿਦੇਸ਼ਾਂ ਤੋਂ ਆਉਣ ਤੇ ਜਾਣ ਵਾਲਿਆਂ ਨੂੰ ਹੋਵੇਗਾ ਫਾਇਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੋਂ ਦਿੱਲੀ ਏਅਰਪੋਰਟ ਤੱਕ ਆਉਣ-ਜਾਣ ਵਾਲੇ ਯਾਤਰੀਆਂ ਲਈ ਰਾਹਤ ਭਰੀ ਖਬਰ ਆਈ ਹੈ। ਜਲਦ ਹੀ ਪੰਜਾਬ ਤੋਂ ਦਿੱਲੀ ਏਅਰਪੋਰਟ ਤੱਕ ਸਰਕਾਰੀ ਬੱਸਾਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ ਅਤੇ ਇਸ ਨਾਲ ਵਿਦੇਸ਼ਾਂ ਤੋਂ ਆਉਣ ਅਤੇ ਜਾਣ ਵਾਲੇ ਵਿਅਕਤੀਆਂ ਨੂੰ ਵੀ ਫਾਇਦਾ ਮਿਲੇਗਾ। ਇਸਦੇ ਲਈ ਪੰਜਾਬ ਰੋਡਵੇਜ਼ ਦੇ ਸਾਰੇ ਡਿਪੂਆਂ ਨੂੰ ਆਪਣੀਆਂ ਵਾਲਵੋ ਬੱਸਾਂ ਤਿਆਰ ਕਰਨ ਲਈ ਕਹਿ ਦਿੱਤਾ ਗਿਆ ਹੈ। ਡਿਪੂ ਮੈਨੇਜਰਾਂ ਨੂੰ ਕਿਹਾ ਗਿਆ ਹੈ ਕਿ ਵਾਲਵੋ ਬੱਸਾਂ ਦਾ ਪੂਰੀ ਤਰ੍ਹਾਂ ਨਾਲ ਨਿਰੀਖਣ ਕਰ ਲਓ ਅਤੇ ਉਹ ਤਕਨੀਕੀ ਤੌਰ ’ਤੇ ਪੂਰੀ ਤਰ੍ਹਾਂ ਸਹੀ ਹੋਣੀਆਂ ਚਾਹੀਦੀਆਂ ਹਨ। ਧਿਆਨ ਰਹੇ ਕਿ ਸਰਕਾਰੀ ਬੱਸਾਂ ਦੇ ਦਿੱਲੀ ਏਅਰਪੋਰਟ ਤੱਕ ਜਾਣ ’ਤੇ ਲੰਮੇ ਸਮੇਂ ਤੋਂ ਰੋਕ ਲੱਗੀ ਹੋਈ ਹੈ। ਹੁਣ ਦਿੱਲੀ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਬੰਧਤ ਅਫਸਰਾਂ ਦੀ ਮੀਟਿੰਗ ਵਿਚ ਇਸ ’ਤੇ ਸਹਿਮਤੀ ਬਣ ਗਈ ਹੈ। ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਈ ਪੰਜਾਬ ਦੇ 10 ਸ਼ਹਿਰਾਂ ਵਿਚੋਂ ਬੱਸਾਂ ਚਲਾਉਣ ਦੀ ਤਿਆਰੀ ਹੈ। ਇਨ੍ਹਾਂ ਸ਼ਹਿਰਾਂ ਵਿਚ ਚੰਡੀਗੜ੍ਹ, ਰੋਪੜ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਅੰਮਿ੍ਰਤਸਰ, ਪਠਾਨਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਨਵਾਂਸ਼ਹਿਰ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਇਹ ਸਾਰੇ ਉਹ ਇਲਾਕੇ ਹਨ ਜਿੱਥੋਂ ਦੇ ਵੱਡੀ ਗਿਣਤੀ ਵਿਚ ਵਿਅਕਤੀ ਵਿਦੇਸ਼ਾਂ ਵਿਚ ਰਹਿੰਦੇ ਹਨ ਅਤੇ ਉਨ੍ਹਾਂ ਦਾ ਪੰਜਾਬ ਆਉਣਾ-ਜਾਣਾ ਲੱਗਾ ਰਹਿੰਦਾ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਦਿੱਲੀ ਏਅਰਪੋਰਟ ਤੱਕ ਪੰਜਾਬ ਵਿਚੋਂ ਸਿਰਫ ਨਿੱਜੀ ਕੰਪਨੀਆਂ ਦੀਆਂ ਹੀ ਬੱਸਾਂ ਜਾਂਦੀਆਂ ਹਨ, ਜਿਨ੍ਹਾਂ ਵਿਚੋਂ ਜ਼ਿਆਦਾਤਰ ਬਾਦਲ ਪਰਿਵਾਰ ਦੀਆਂ ਬੱਸਾਂ ਹੀ ਹਨ ਅਤੇ ਇਹ ਬੱਸਾਂ ਸਵਾਰੀਆਂ ਕੋਲੋਂ ਬਹੁਤ ਜ਼ਿਆਦਾ ਕਿਰਾਇਆ ਵਸੂਲਦੀਆਂ ਹਨ।