ਕੈਪਟਨ ਬੋਲੇ : ਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁੱਛਿਆ ਤਾਂ ਜ਼ਰੂਰ ਦੱਸਾਂਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾਂ ਦਰਮਿਆਨ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਿ੍ਰਸ਼ਟ ਮੰਤਰੀਆਂ ਦੇ ਨਾਂ ਦੱਸਣ ਦੀ ਚੁਣੌਤੀ ਦੇ ਦਿੱਤੀ। ਚੁਣੌਤੀ ਨੂੰ ਸਵੀਕਾਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਤੋਂ ਭਿ੍ਰਸ਼ਟ ਮੰਤਰੀਆਂ ਬਾਰੇ ਪੁੱਛਣਗੇ ਤਾਂ ਉਹ ਜ਼ਰੂਰ ਦੱਸਣਗੇ। ਧਿਆਨ ਰਹੇ ਕਿ ਭਗਵੰਤ ਮਾਨ ਨੇ ਭਿ੍ਰਸ਼ਟਾਚਾਰ ਦੇ ਕੇਸ ’ਚ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਤੋਂ ਬਾਅਦ ਰੰਧਾਵਾ ਨੇ ਕਿਹਾ ਸੀ ਕਿ ਕੈਪਟਨ ਨੂੰ ਵੀ ਭਿ੍ਰਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਵਾਂ ਦਾ ਖੁਲਾਸਾ ਕਰਨਾ ਚਾਹੀਦਾ ਹੈ। ਖਾਸ ਕਰਕੇ ਉਨ੍ਹਾਂ ਦਾ ਜੋ ਨਜਾਇਜ਼ ਮਾਈਨਿੰਗ ਵਿਚ ਸ਼ਾਮਲ ਸਨ। ਇਸ ਦੇ ਜਵਾਬ ’ਚ ਕੈਪਟਨ ਨੇ ਕਿਹਾ ਕਿ ਉਹ ਰੰਧਾਵਾ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਸਮੇਤ ਗੈਰਕਾਨੂੰਨੀ ਕੰਮ ਕਰਨ ਵਾਲੇ ਨਾਮਾਂ ਦਾ ਖੁਲਾਸਾ ਕਰਨ ਅਤੇ ਵੇਰਵੇ ਦੇਣ ਲਈ ਤਿਆਰ ਹਨ। ਇਸ ਤੋਂ ਬਾਅਦ ਰੰਧਾਵਾ ਨੇ ਕਿਹਾ ਕਿ ਮੈਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਜਾਣ ਵਾਲੇ ਵੇਰਵਿਆਂ ਦਾ ਸਵਾਗਤ ਕਰਾਂਗਾ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਏ ਜਾਣ ਤੋਂ ਬਾਅਦ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦੇ ਕੁਝ ਮੰਤਰੀ ਅਤੇ ਵਿਧਾਇਕ ਨਾਜਾਇਜ਼ ਮਾਈਨਿੰਗ ’ਚ ਸ਼ਾਮਲ ਹਨ ਜਿਨ੍ਹਾਂ ਦੇ ਨਾਮ ਉਨ੍ਹਾਂ ਦੇ ਕੋਲ ਹਨ।