ਅਗਵਾ ਦਾ ਕੇਸ ਖਾਰਜ ਕਰਨ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਦੇ ਭਾਜਪਾ ਆਗੂ ਤੇਜਿੰਦਰਪਾਲ ਸਿੰਘ ਬੱਗਾ ਦੇ ਅਗਵਾ ਮਾਮਲੇ ਵਿਚ ਫਸੀ ਪੰਜਾਬ ਪੁਲਿਸ ਹੁਣ ਦਿੱਲੀ ਹਾਈਕੋਰਟ ਪਹੁੰਚ ਗਈ ਹੈ। ਪੰਜਾਬ ਪੁਲਿਸ ਨੇ ਅਗਵਾ ਮਾਮਲੇ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ। ਮੁਹਾਲੀ ਜ਼ਿਲ੍ਹੇ ਦੇ ਐਸਪੀ ਮਨਪ੍ਰੀਤ ਸਿੰਘ ਨੇ ਇਸ ਸਬੰਧੀ ਅਰਜ਼ੀ ਦਾਇਰ ਕੀਤੀ ਹੈ। ਜਿਸ ਵਿਚ ਉਨ੍ਹਾਂ ਕਿਹਾ ਹੈ ਕਿ ਅਗਵਾ ਦਾ ਕੇਸ ਗਲਤ ਹੈ ਅਤੇ ਉਹ ਕੇਸ ਦਰਜ ਹੋਣ ਤੋਂ ਬਾਅਦ ਹੀ ਬੱਗਾ ਨੂੰ ਕਾਨੂੰਨੀ ਤੌਰ ‘ਤੇ ਗ੍ਰਿਫਤਾਰ ਕਰਨ ਲਈ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਬਾਰੇ ਦਿੱਲੀ ਪੁਲਿਸ ਨੂੰ ਵੀ ਸੂਚਨਾ ਦਿੱਤੀ ਗਈ ਸੀ। ਇਸ ਤੋਂ ਬਾਅਦ ਦਿੱਲੀ ਹਾਈਕੋਰਟ ਨੇ ਇਸ ਮਾਮਲੇ ਵਿਚ ਦਿੱਲੀ ਪੁਲਿਸ, ਦਿੱਲੀ ਸਰਕਾਰ ਅਤੇ ਤੇਜਿੰਦਰਪਾਲ ਸਿੰਘ ਬੱਗਾ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਹਾਈਕੋਰਟ ਨੇ ਚਾਰ ਹਫਤੇ ਵਿਚ ਇਸ ਮਾਮਲੇ ਵਿਚ ਜਵਾਬ ਦਾਖਲ ਕਰਨ ਨੂੰ ਕਿਹਾ ਹੈ ਅਤੇ ਇਸ ਮਾਮਲੇ ‘ਤੇ ਅਗਲੀ ਸੁਣਵਾਈ 26 ਜੁਲਾਈ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਤੇਜਿੰਦਰਪਾਲ ਬੱਗਾ ਖਿਲਾਫ ਪੰਜਾਬ ਪੁਲਿਸ ਨੇ ਮੁਹਾਲੀ ਸਾਈਬਰ ਕ੍ਰਾਈਮ ਪੁਲਿਸ ਥਾਣੇ ਵਿਚ ਕੇਸ ਦਰਜ ਕੀਤਾ ਸੀ। ਜਿਸ ਵਿਚ ਕਿਹਾ ਗਿਆ ਸੀ ਕਿ ਬੱਗਾ ਨੇ ਸ਼ੋਸ਼ਲ ਮੀਡੀਆ ‘ਤੇ ਅਰਵਿੰਦ ਕੇਜਰੀਵਾਲ ਨੂੰ ਧਮਕੀ ਦਿੱਤੀ ਸੀ। ਜ਼ਿਕਰਯੋਗ ਹੈ ਕਿ 6 ਮਈ ਨੂੰ ਪੰਜਾਬ ਪੁਲਿਸ ਨੇ ਬੱਗਾ ਨੂੰ ਦਿੱਲੀ ਸਥਿਤ ਉਸਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ ਪਰ ਪੰਜਾਬ ਲਿਆਉਣ ਸਮੇਂ ਹਰਿਆਣਾ ਪੁਲਿਸ ਨੇ ਟੀਮ ਨੂੰ ਰਾਹ ‘ਚ ਰੋਕ ਲਿਆ ਸੀ ਜਿਥੋਂ ਦਿੱਲੀ ਪੁਲਿਸ ਬੱਗਾ ਨੂੰ ਵਾਪਸ ਲੈ ਆਈ ਸੀ।