Breaking News
Home / ਪੰਜਾਬ / ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਲੇਠਾ ਬਜਟ ਹੋਵੇਗਾ ਕਾਗਜ਼ ਰਹਿਤ

ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਲੇਠਾ ਬਜਟ ਹੋਵੇਗਾ ਕਾਗਜ਼ ਰਹਿਤ

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਲੇਠਾ ਬਜਟ 2022-23, ਜੋ ਅਗਲੇ ਮਹੀਨੇ ਸ਼ੁਰੂ ਹੋ ਰਿਹਾ ਹੈ, ਪੂਰੀ ਤਰ੍ਹਾਂ ਕਾਗਜ਼ ਮੁਕਤ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਐਲਾਨ ਕੀਤਾ ਹੈ ਕਿ ‘ਆਪ’ ਸਰਕਾਰ ਵੱਲੋਂ ਇਸ ਵਾਰ ਦਾ ਬਜਟ ਕਾਗਜ਼ ਰਹਿਤ ਜਾਰੀ ਕੀਤਾ ਜਾਵੇਗਾ, ਜੋ ਈ-ਗਵਰਨੈਂਸ ਵੱਲ ਇੱਕ ਹੋਰ ਕਦਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਦੇ ਇਸ ਫ਼ੈਸਲੇ ਨਾਲ ਸਰਕਾਰੀ ਖ਼ਜ਼ਾਨੇ ਵਿੱਚੋਂ 21 ਲੱਖ ਰੁਪਏ ਸਾਲਾਨਾ ਬਚਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਡਿਜੀਟਲ ਬਜਟ ਨਾਲ ਕਰੀਬ 34 ਟਨ ਕਾਗਜ਼ ਵੀ ਬਚੇਗਾ, ਜਿਸ ਦਾ ਮਤਲਬ ਹੈ ਕਿ 814 ਤੋਂ 834 ਦਰੱਖ਼ਤ ਬਚਣਗੇ। ਜਾਣਕਾਰੀ ਮੁਤਾਬਕ ਇਸ ਵਾਰ ਬਜਟ ਸੈਸ਼ਨ 10 ਜੂਨ ਤੋਂ ਸ਼ੁਰੂ ਹੋ ਸਕਦਾ ਹੈ, ਜਿਸ ਦੇ 21 ਜੂਨ ਤੱਕ ਚੱਲਣ ਦੀ ਸੰਭਾਵਨਾ ਹੈ। ‘ਆਪ’ ਸਰਕਾਰ ਬਜਟ ਸੈਸ਼ਨ ਵਿੱਚ ਵੀ ‘ਬਦਲਾਅ’ ਦਾ ਸੁਨੇਹਾ ਦੇਣਾ ਚਾਹੁੰਦੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਗਲੇ ਛੇ ਮਹੀਨਿਆਂ ਵਿੱਚ ਵਿਧਾਨ ਸਭਾ ਦੀ ਪੂਰੀ ਕਾਰਵਾਈ ਨੂੰ ਕਾਗਜ਼ ਮੁਕਤ ਕਰਨ ਦਾ ਟੀਚਾ ਹੈ। ਉਨ੍ਹਾਂ ਦੱਸਿਆ ਕਿ ਹਰ ਵਿਧਾਇਕ ਨੂੰ ਬਜਟ ਦੀ ਕਾਪੀ ਪੈੱਨ ਡਰਾਈਵ ਵਿੱਚ ਪਾ ਕੇ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਵਿਸ਼ੇਸ਼ ਪ੍ਰਾਜੈਕਟ ਤਹਿਤ ਸਮੁੱਚੇ ਸੂਬਿਆਂ ਵਿੱਚ ਵਿਧਾਨ ਸਭਾਵਾਂ ਨੂੰ ਕਾਗਜ਼ ਰਹਿਤ ਕਰਨ ਦਾ ਟੀਚਾ ਮਿਥਿਆ ਗਿਆ ਹੈ। ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਸਮੁੱਚੀ ਕਾਰਵਾਈ ਕਾਗਜ਼ ਰਹਿਤ ਹੋ ਚੁੱਕੀ ਹੈ। ਜਦੋਂ ਗੱਠਜੋੜ ਸਰਕਾਰ ਸੀ ਤਾਂ ਉਦੋਂ ਪੰਜਾਬ ਵਿੱਚ ਵਿਧਾਇਕਾਂ ਨੂੰ ਲੈਪਟਾਪ ਦੇਣ ਦਾ ਵਾਅਦਾ ਵੀ ਕੀਤਾ ਗਿਆ ਸੀ, ਜੋ ਹਕੀਕਤ ਨਹੀਂ ਬਣ ਸਕਿਆ ਸੀ।

 

 

Check Also

ਚਰਨਜੀਤ ਸਿੰਘ ਚੰਨੀ ਦੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਚਰਚਾ ਦਾ ਵਿਸ਼ਾ ਬਣੀ  

ਸੰਤ ਸੀਚੇਵਾਲ ‘ਆਪ’ ਦੇ ਰਾਜ ਸਭਾ ਮੈਂਬਰ ਅਤੇ ਚੰਨੀ ਹਨ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ …