Breaking News
Home / ਪੰਜਾਬ / ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਸਲਾਹ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਸਲਾਹ

ਕਿਹਾ : ਸਮੇਂ ਅਤੇ ਹਾਲਾਤ ਦੀ ਇਹੀ ਮੰਗ, ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਸੰਦੇਸ਼
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅੱਜ ਦੇ ਯੁੱਗ ਵਿੱਚ ਹਰ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣ ਦਾ ਯਤਨ ਕਰਨਾ ਚਾਹੀਦਾ ਹੈ। ਇਹ ਵਿਚਾਰ ਉਨ੍ਹਾਂ ਆਪਣੇ ਇੱਕ ਸੰਦੇਸ਼ ਵਿੱਚ ਪ੍ਰਗਟਾਏ। ਉਨ੍ਹਾਂ ਅੱਜ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਮੌਕੇ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ ਅਤੇ ਚਾਰ ਜੰਗਾਂ ਵੀ ਜਿੱਤੀਆਂ ਸਨ। ਇਨ੍ਹਾਂ ਜੰਗਾਂ ਵਿੱਚ ਉਨ੍ਹਾਂ ਨੇ ਫਤਹਿ ਵੀ ਹਾਸਲ ਕੀਤੀ। ਉਨ੍ਹਾਂ ਨੇ ਹਰ ਸਿੱਖ ਨੂੰ ਸ਼ਸਤਰਧਾਰੀ ਹੋਣ ਦਾ ਸੰਦੇਸ਼ ਦਿੱਤਾ ਸੀ ਜੋ ਕਿ ਅੱਜ ਵੀ ਕਾਰਗਰ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਲਈ ਲੋੜ ਹੈ ਕਿ ਅੱਜ ਹਰ ਸਿੱਖ ਬਾਣੀ ਤੇ ਬਾਣੇ ਦਾ ਧਾਰਨੀ ਬਣੇ ਅਤੇ ਸ਼ਸ਼ਤਰਧਾਰੀ ਹੋਵੇ । ਇਸ ਲਈ ਸਿੱਖ ਗੱਤਕਾ, ਤਲਵਾਰਬਾਜ਼ੀ ਅਤੇ ਨਿਸ਼ਾਨੇਬਾਜ਼ੀ ਵੀ ਸਿੱਖਣ। ਹਰ ਇੱਕ ਸਿੱਖ ਕਾਨੂੰਨੀ ਪ੍ਰਕਿਰਿਆ ਨੂੰ ਪੂਰਾ ਕਰਕੇ ਲਾਇਸੈਂਸੀ ਹਥਿਆਰ ਵੀ ਰੱਖੇ।
ਹਥਿਆਰਾਂ ਦੀ ਥਾਂ ਸ਼ਾਂਤੀ ਦਾ ਸੰਦੇਸ਼ ਦੇਣ ਜਥੇਦਾਰ: ਭਗਵੰਤ ਮਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਿੱਖਾਂ ਨੂੰ ਲਾਇਸੈਂਸੀ ਆਧੁਨਿਕ ਹਥਿਆਰ ਰੱਖਣ ਲਈ ਕਹਿਣ ਦੀ ਬਜਾਏ ਸਮਾਜ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰੇ ਦਾ ਸੰਦੇਸ਼ ਫੈਲਾਉਣ ਦੀ ਅਪੀਲ ਕੀਤੀ। ਮਾਨ ਨੇ ਕਿਹਾ ਕਿ ਅਸੀਂ ਇਕ ਸੱਭਿਅਕ ਸਮਾਜ ਵਿੱਚ ਰਹਿ ਰਹੇ ਹਾਂ, ਜਿੱਥੇ ਦੇਸ਼ ਦਾ ਸਾਸ਼ਨ ਕਾਨੂੰਨ ਦੇ ਰਾਜ ਨਾਲ ਚੱਲਦਾ ਹੈ। ਅਜਿਹੇ ਸੁਹਿਰਦ ਅਤੇ ਸਦਭਾਵਨਾ ਵਾਲੇ ਸਮਾਜ ਵਿੱਚ ਹਥਿਆਰਾਂ ਦੀ ਕੋਈ ਥਾਂ ਨਹੀਂ ਹੁੰਦੀ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਗੁਰਬਾਣੀ ਦੇ ਸੰਦੇਸ਼ ਨੂੰ ਫੈਲਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ, ਜਿਸ ਵਿੱਚ ‘ਸਰਬੱਤ ਦਾ ਭਲਾ’ ਦੀ ਕਲਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਬ ਨੂੰ ਚਾਹੀਦਾ ਹੈ ਕਿ ਉਹ ਸਰਬੱਤ ਦੇ ਭਲੇ ਦੇ ਇਸ ਇਲਾਹੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਵੱਲ ਧਿਆਨ ਦੇਣ।
ਜਥੇਦਾਰ ਦੱਸਣ ਕਿ ਸਿੱਖਾਂ ਨੂੰ ਕਿਹੜਾ ਖਤਰੈ : ਰਾਜਾ ਵੜਿੰਗ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਬਿਆਨ ‘ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਜਥੇਦਾਰ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਪੰਜਾਬ ਵਿੱਚ ਸਿੱਖਾਂ ਨੂੰ ਕੀ ਖਤਰਾ ਹੈ, ਜੋ ਉਨ੍ਹਾਂ ਨੂੰ ਹਥਿਆਰ ਰੱਖਣੇ ਪੈਣ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਸਾਜਿਸ਼ ਤਹਿਤ ਦਿਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇੰਨੇ ਉੱਚੇ ਅਹੁਦੇ ‘ਤੇ ਬੈਠ ਕੇ ਅਜਿਹਾ ਬਿਆਨ ਦੇਣਾ ਸ਼ੋਭਾ ਨਹੀਂ ਦਿੰਦਾ। ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਿੱਖਾਂ ਤੇ ਹਿੰਦੂਆਂ ਨੂੰ ਹਥਿਆਰ ਰੱਖਣ ਦੀਆਂ ਗੱਲਾਂ ਕਰਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਥੇਦਾਰ ਦਾ ਬਿਆਨ ਮੰਦਭਾਗਾ: ਅਸ਼ਵਨੀ ਸ਼ਰਮਾ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਬਿਆਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਉੱਚ ਸੰਸਥਾ ਦੇ ਅਹੁਦੇ ‘ਤੇ ਬੈਠ ਕੇ ਸ਼ਾਂਤੀ ਦੀ ਗੱਲ ਕਰਨੀ ਚਾਹੀਦੀ ਹੈ ਨਾ ਕਿ ਆਧੁਨਿਕ ਹਥਿਆਰ ਰੱਖਣ ਦੀ। ਪੰਜਾਬ ਪਹਿਲਾਂ ਹੀ ਬਹੁਤ ਨੁਕਸਾਨ ਝੱਲ ਚੁੱਕਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਥੇਦਾਰ ਸਾਹਬ ਵੱਲੋਂ ਦਿੱਤੇ ਅਜਿਹੇ ਸੰਦੇਸ਼ ਨਾਲ ਲੋਕਾਂ ਵਿੱਚ ਗਲਤ ਸੰਦੇਸ਼ ਜਾ ਸਕਦਾ ਹੈ। ਸ਼ਰਮਾ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਹਮੇਸ਼ਾਂ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਹੈ ਅਤੇ ਸਾਨੂੰ ਗੁਰੂਆਂ ਦੇ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ।

 

 

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …