ਪੁੱਤਰ, ਪਤਨੀ ਤੇ ਇੱਕ ਹੋਰ ਵਿਅਕਤੀ ਸਮੇਤ ਕੁੱਲ 4 ਜਣਿਆਂ ਨੂੰ ਰੂਪਨਗਰ ਦੀ ਅਦਾਲਤ ਨੇ ਸਜ਼ਾ ਸੁਣਾਈ
ਰੂਪਨਗਰ/ਬਿਊਰੋ ਨਿਊਜ਼ : ਹਲਕਾ ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਬਲਬੀਰ ਸਿੰਘ, ਉਨ੍ਹਾਂ ਦੀ ਪਤਨੀ ਤੇ ਪੁੱਤਰ ਤੋਂ ਇਲਾਵਾ ਇੱਕ ਹੋਰ ਵਿਅਕਤੀ ਨੂੰ ਰੂਪਨਗਰ ਜ਼ਿਲ੍ਹੇ ਪਿੰਡ ਟੱਪਰੀਆਂ ਦਿਆਲ ਸਿੰਘ ਵਿੱਚ ਜ਼ਮੀਨੀ ਪਾਣੀ ਦੀ ਵਾਰੀ ਸਬੰਧੀ 11 ਸਾਲ ਪਹਿਲਾਂ ਹੋਏ ਝਗੜੇ ਦੇ ਮਾਮਲੇ ਵਿੱਚ ਰੂਪਨਗਰ ਦੀ ਅਦਾਲਤ ਵੱਲੋਂ ਤਿੰਨ ਸਾਲਾਂ ਦੀ ਕੈਦ ਅਤੇ 16-16 ਹਜ਼ਾਰ ਰੁਪਏ ਜੁਰਮਾਨਾ ਭਰਨ ਦੀ ਸਜ਼ਾ ਸੁਣਾਈ ਗਈ ਹੈ।
ਚੀਫ ਜੁਡੀਸ਼ੀਅਲ ਮੈਜਿਟਰੇਟ ਰਵੀਇੰਦਰ ਸਿੰਘ ਦੀ ਅਦਾਲਤ ਨੇ ਡਾ. ਬਲਬੀਰ ਸਿੰਘ, ਉਨ੍ਹਾਂ ਦੀ ਪਤਨੀ ਰੁਪਿੰਦਰਜੀਤ ਕੌਰ ਸੈਣੀ, ਪੁੱਤਰ ਰਾਹੁਲ ਸੈਣੀ ਅਤੇ ਵਟਾਵੇ ਪਰਮਿੰਦਰ ਸਿੰਘ ਨੂੰ ਸਜ਼ਾ ਸੁਣਾਉਣ ਤੋਂ ਬਾਅਦ ਨਿੱਜੀ ਮੁਚੱਲਕੇ ਭਰਵਾ ਕੇ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ਼ਿਕਾਇਤ ਕਰਤਾ ਪਰਮਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਸੇਵਾਮੁਕਤ ਵਿੰਗ ਕਮਾਂਡਰ ਮੇਵਾ ਸਿੰਘ ਨੇ ਦੱਸਿਆ ਕਿ ਡਾ. ਬਲਬੀਰ ਸਿੰਘ ਦੀ ਪਤਨੀ ਰੁਪਿੰਦਰਜੀਤ ਕੌਰ ਸ਼ਿਕਾਇਤ ਕਰਤਾ ਕਮਲਜੀਤ ਕੌਰ ਦੀ ਸਕੀ ਭੈਣ ਹੈ ਅਤੇ ਉਨ੍ਹਾਂ ਦੀ ਚਮਕੌਰ ਸਾਹਿਬ ਨੇੜੇ ਪਿੰਡ ਟੱਪਰੀਆਂ ਦਿਆਲ ਸਿੰਘ ਵਿਚ ਸਾਂਝੀ ਜ਼ਮੀਨ ਹੈ। ਉਨ੍ਹਾਂ ਦੱਸਿਆ ਕਿ 13 ਜੂਨ 2011 ਨੂੰ ਉਹ ਆਪਣੀ ਜ਼ਮੀਨ ਨੂੰ ਸਾਂਝੇ ਬੋਰ ਰਾਹੀਂ ਪਾਣੀ ਲਗਾਉਣ ਲਈ ਆਏ ਸਨ, ਇਸ ਦੌਰਾਨ ਜਦੋਂ ਉਹ ਰੋਟੀ ਖਾਣ ਉਪਰੰਤ ਵਰਾਂਡੇ ਵਿੱਚ ਬੈਠੇ ਆਰਾਮ ਕਰ ਰਹੇ ਸਨ ਤਾਂ ਡਾ. ਬਲਬੀਰ ਸਿੰਘ, ਉਨ੍ਹਾਂ ਦੀ ਪਤਨੀ ਰੁਪਿੰਦਰਜੀਤ ਕੌਰ ਸੈਣੀ, ਪੁੱਤਰ ਰਾਹੁਲ ਸੈਣੀ ਅਤੇ ਵਟਾਵੇ ਪਰਮਿੰਦਰ ਸਿੰਘ ਨੇ ਉਨ੍ਹਾਂ ‘ਤੇ ਡੰਡਿਆਂ ਤੇ ਹੋਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਦੇ ਡਰਾਈਵਰ ਨੇ ਉਨ੍ਹਾਂ ਨੂੰ ਰੂਪਨਗਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਦੇ ਖਿਲਾਫ ਕਈ ਧਾਰਾਵਾਂ ਤਹਿਤ ਮੁਕੱਦਮਾ ਦਰਜ ਹੋਇਆ ਸੀ, ਜਿਸ ਦੇ ਸਬੰਧ ਵਿੱਚ ਅਦਾਲਤ ਨੇ ਦੋਸ਼ੀਆਂ ਨੂੰ ਸਜ਼ਾ ਸੁਣਾ ਕੇ ਇਨਸਾਫ਼ ਦਿੱਤਾ ਹੈ।
ਹਾਈਕੋਰਟ ਤੋਂ ਇਨਸਾਫ ਦੀ ਉਮੀਦ: ਡਾ. ਬਲਬੀਰ ਸਿੰਘ
ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ‘ਆਪ’ ਵਿਧਾਇਕ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਿਸ ਕੇਸ ਵਿੱਚ ਉਨ੍ਹਾਂ ਨੂੰ ਸਜ਼ਾ ਸੁਣਾਈ ਗਈ ਹੈ, ਉਹ ਕੇਸ ਉਨ੍ਹਾਂ ਖਿਲਾਫ ਝੂਠਾ ਦਰਜ ਕੀਤਾ ਗਿਆ ਹੈ, ਕਿਉਂਕਿ ਸ਼ਿਕਾਇਤ ਕਰਤਾ ਦੇ ਰਿਸ਼ਤੇਦਾਰ ਪੁਲਿਸ ਵਿਭਾਗ ਵਿੱਚ ਹਨ। ਉਨ੍ਹਾਂ ਕਿਹਾ ਕਿ ਜਿਸ ਜਗ੍ਹਾ ਝਗੜਾ ਹੋਇਆ, ਉਹ ਜ਼ਮੀਨ ਉਨ੍ਹਾਂ ਦੇ ਕਬਜ਼ੇ ਵਿੱਚ ਹੈ ਅਤੇ ਦੂਜੀ ਧਿਰ ਹਮਲਾ ਕਰਨ ਲਈ ਉਨ੍ਹਾਂ ਦੀ ਜ਼ਮੀਨ ਵਿੱਚ ਆਈ ਸੀ ਨਾ ਕਿ ਉਹ ਗਏ ਸਨ। ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤ ਨੇ ਜੋ ਸਜ਼ਾ ਸੁਣਾਈ ਸੀ, ਉਸ ਵਿੱਚ ਜ਼ਮਾਨਤ ਦਿੰਦੇ ਹੋਏ ਉੱਚ ਅਦਾਲਤ ਜਾਣ ਲਈ ਸਮਾਂ ਦਿੱਤਾ ਗਿਆ ਹੈ ਤੇ ਉਨ੍ਹਾਂ ਨੂੰ ਹਾਈਕੋਰਟ ਤੋਂ ਇਨਸਾਫ ਮਿਲਣ ਦੀ ਪੂਰੀ ਉਮੀਦ ਹੈ।