ਕਿਹਾ : ਪਹਿਲਾਂ ਅੰਮ੍ਰਿਤਸਰ ਏਅਰਪੋਰਟ ਵੱਲ ਤਾਂ ਧਿਆਨ ਦਿਓ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਅਧਿਕਾਰੀਆਂ ਨਾਲ ਬੈਠਕ ਕਰਕੇ ਮੁਹਾਲੀ ਏਅਰਪੋਰਟ ਨੂੰ ਪ੍ਰਮੋਟ ਕਰਨ ਦੇ ਨਿਰਦੇਸ਼ ਦਿੱਤੇ ਹਨ, ਪਰ ਉਨ੍ਹਾਂ ਦੇ ਇਸ ਨਿਰਦੇਸ਼ ਨਾਲ ਅੰਮ੍ਰਿਤਸਰ ਅਤੇ ਬਾਰਡਰ ਏਰੀਏ ਦੇ ਲੋਕਾਂ ਵਿਚ ਨਰਾਜ਼ਗੀ ਦੇਖੀ ਜਾ ਰਹੀ ਹੈ। ਅੰਮ੍ਰਿਤਸਰ ਫਲਾਈ ਇਨੀਸ਼ੀਏਟਿਵ ਅਤੇ ਮਾਝਾ ਖੇਤਰ ਦੇ ਲੋਕਾਂ ਨੇ ਭਗਵੰਤ ਮਾਨ ਦੇ ਇਸ ਫੈਸਲੇ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਅੰਮ੍ਰਿਤਸਰ ਅਤੇ ਮਾਝਾ ਖੇਤਰ ਦੇ ਲੋਕਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਪਹਿਲਾਂ ਅੰਮ੍ਰਿਤਸਰ ਏਅਰਪੋਰਟ ਵੱਲ ਧਿਆਨ ਦੇਣ। ਲੋਕਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਮੁੱਖ ਮੰਤਰੀਆਂ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਹੀ ਗਲਤੀ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਮੁਹਾਲੀ ਵਿਚ ਤਿਆਰ ਟਰਮੀਨਲ ਚੰਡੀਗੜ੍ਹ ਏਅਰਪੋਰਟ ਯੂਟੀ ਦੇ ਅਧੀਨ ਹੈ, ਜਿਸ ਵਿਚ ਪੰਜਾਬ ਦਾ ਕਰੀਬ 24 ਫੀਸਦੀ ਹਿੱਸਾ ਹੈ, ਜਦਕਿ ਅੰਮ੍ਰਿਤਸਰ ਏਅਰਪੋਰਟ ਪੂਰੀ ਤਰ੍ਹਾਂ ਨਾਲ ਪੰਜਾਬ ਦਾ ਹੈ। ਇਸੇ ਦੌਰਾਨ ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਗੁਰੂ ਨਗਰੀ ਨੂੰ ਸਿਰਫ ਮੱਥਾ ਟੇਕਣ ਲਈ ਹੀ ਯਾਦ ਕੀਤਾ ਜਾਂਦਾ ਹੈ, ਜਦ ਵਿਕਾਸ ਦੀ ਗੱਲ ਆਉਂਦੀ ਹੈ ਤਾਂ 75 ਸਾਲ ਪੁਰਾਣੀ ਨੀਤੀ ਅਪਣਾ ਲਈ ਜਾਂਦੀ ਹੈ।